>
ਤਾਜਾ ਖਬਰਾਂ
ਬਾਲ ਕਿਸ਼ਨ
ਫ਼ਿਰੋਜ਼ਪੁਰ 2 ਅਕਤੂਬਰ- ਜਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਲੱਗਣ ਵਾਲੀ ਅੱਗ ਨੂੰ ਠੱਲ੍ਹ ਪਾਉਣ ਦੇ ਮੱਦੇਨਜਰ ਅਤੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਕਾਰਨ ਹੁੰਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਅਤੇ ਐਸ.ਐਸ.ਪੀ ਫਿਰੋਜ਼ਪੁਰ ਸੋਮਿਆ ਮਿਸ਼ਰਾ ਵੱਲੋਂ ਗੁਰੂਹਰਸਹਾਏ ਬਲਾਕ ਦੇ ਪਿੰਡ ਕੋਹਰ ਸਿੰਘ ਵਾਲਾ, ਲੈਪੋ, ਗੁਰੂਹਰਸਹਾਏ, ਹੱਡੀਵਾਲਾ, ਮੰਹਤਾਂ ਵਾਲਾ, ਕਾਹਨ ਸਿੰਘ ਵਾਲਾ ਅਤੇ ਮਮਦੋਟ ਬਲਾਕ ਦੇ ਪਿੰਡ ਰਾਊ ਕੇ ਅਤੇ ਮਮਦੋਟ ਹਿਠਾੜ ਦਾ ਦੌਰਾ ਕੀਤਾ ਗਿਆ। ਜਿਸ ਦੌਰਾਨ ਉਹਨਾਂ ਵੱਲੋਂ ਪਿੰਡ ਦੇ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਅਤੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਆ ਰਹੀਆਂ ਮੁਸ਼ਕਿਲਾਂ ਬਾਰੇ ਸੁਣਿਆ ਗਿਆ। ਉਹਨਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਖੇਤਾਂ ਵਿੱਚ ਸਾਂਭ ਸਭਾਲ ਕਰਕੇ ਕਣਕ ਦੀ ਫਸਲ ਦੀ ਬਿਜਾਈ ਕਰਨ ਲਈ ਪ੍ਰੇਰਿਤ ਕਰਦਿਆ ਹੋਇਆ ਕਿਹਾ ਕਿ ਕਿਸਾਨ ਹਵਾ ਪਾਣੀ ਅਤੇ ਮਿੱਟੀ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਪ੍ਰਸਾਸਨ ਦਾ ਸਾਥ ਦੇਣ। ਉਹਨਾ ਨੇ ਕਿਸਾਨਾ ਨੂੰ ਦੱਸਿਆ ਕਿ ਝੋਨੇ ਦੀ ਪਰਾਲੀ ਦੀ ਸਾਂਭ ਸਭਾਲ ਲਈ ਲੋੜੀਂਦੀਆਂ ਮਸ਼ੀਨਾ ਸਮੇਂ ਸਿਰ ਮੁੱਹਈਆਂ ਕਰਵਾਉਣ ਲਈ ਜ਼ਿਲ੍ਹਾ ਪੱਧਰ ਤੇ ਕੰਟਰੋਲ ਰੂਮ ਸਥਾਪਿਤ ਕਰ ਦਿੱਤਾ ਗਿਆ ਹੈ। ਜਿਸ ਨਾਲ ਰਾਬਤਾ ਕਰਕੇ ਕਿਸਾਨ ਲੋੜੀਂਦੀਆਂ ਮਸ਼ੀਨਾਂ ਸਮੇਂ ਸਿਰ ਪ੍ਰਾਪਤ ਕਰ ਸਕਦੇ ਹਨ । ਇਸ ਮੌਕੇ ਹਾਜ਼ਰ ਕਿਸਾਨਾਂ ਵੱਲੋਂ ਦੱਸਿਆ ਗਿਆ ਕਿ ਬਲਾਕ ਗੁਰੂਹਰਸਹਾਏ ਅਤੇ ਬਲਾਕ ਮਮਦੋਟ ਵਿੱਚ ਪਰਾਲੀ ਦੀਆਂ ਗੱਠਾਂ ਬਣਾਉਣ ਵਾਲੀਆਂ ਬੇਲਰ ਮਸ਼ੀਨਾਂ ਦੀ ਬਹੁਤ ਘਾਟ ਹੈ। ਇਸ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਮੁੱਖ ਖੇਤੀਬਾੜੀ ਅਫਸਰ ਨੂੰ ਹਦਾਇਤ ਕੀਤੀ ਗਈ ਕਿ ਇਨ੍ਹਾਂ ਪਿੰਡਾ ਵਿੱਚ ਵੱਧ ਤੋਂ ਵੱਧ ਬੇਲਰਾਂ ਦੀ ਉਪਲੱਬਧਤਾ ਕਰਵਾਈ ਜਾਵੇ ਤਾਂ ਜੋ ਇਹਨਾਂ ਪਿੰਡਾਂ ਦੇ ਵੱਧ ਤੋਂ ਵੱਧ ਰਕਬੇ ਵਿੱਚ ਝੋਨੇ ਦੀਆਂ ਗੱਠਾਂ ਬਣਾਈਆਂ ਜਾ ਸਕਣ ਅਤੇ ਪਰਾਲੀ ਨੂੰ ਲੱਗਣ ਵਾਲੀ ਅੱਗ ਨੂੰ ਠੱਲ੍ਹ ਪਾਈ ਜਾ ਸਕੇ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਕਿਸਾਨ ਨਵੀਨਤਮ ਮਸ਼ੀਨਾਂ ਦੀ ਵਰਤੋਂ ਕਰਕੇ ਆਪਣੇ ਖੇਤਾਂ ਵਿੱਚ ਹੀ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਕਰਨ ਜਿਸ ਸਬੰਧੀ ਹਾਜਰ ਕਿਸਾਨਾਂ ਵੱਲੋਂ ਹਾਂ ਪੱਖੀ ਹੁੰਗਾਰਾ ਭਰਿਆ ਗਿਆ।
Get all latest content delivered to your email a few times a month.