ਤਾਜਾ ਖਬਰਾਂ
ਬਾਲ ਕਿਸ਼ਨ
ਫ਼ਿਰੋਜ਼ਪੁਰ, 28 ਨਵੰਬਰ- ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੇਵ ਸਮਾਜ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਫਿਰੋਜ਼ਪੁਰ ਵਿੱਚ ਜ਼ਿਲ੍ਹਾ ਸਕੂਲ ਹੈੱਲਥ ਮੈਡੀਕਲ ਅਫ਼ਸਰ ਡਾ. ਹਰਪ੍ਰੀਤ ਕੌਰ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਡਾ. ਹਰਪ੍ਰੀਤ ਕੌਰ ਨੇ ਬੱਚਿਆਂ ਨੂੰ ਐਲਬੈਂਡਾਜ਼ੋਲ ਦੀ ਗੋਲੀ ਖੁਆ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਦੇ ਨਾਲ ਸਕੂਲ ਹੈੱਲਥ ਟੀਮ ਤੋਂ ਡਾ. ਲਲਿਤ ਨਾਗਪਾਲ, ਡਾ. ਮਨਮੀਤ ਕੌਰ, ਸਕੂਲ ਪਿ੍ਰੰਸੀਪਲ ਦੀਪਸ਼ਿਖਾ, ਕੋਆਰਡੀਨੇਟਰ ਪਿ੍ਰਤਪਾਲ ਕੌਰ ਅਤੇ ਦੀਪਸ਼ਿਖਾ ਮੌਜ਼ੂਦ ਸਨ। ਇਸ ਮੌਕੇ ਵਿਦਿਆਰਥਣਾਂ ਨੂੰ ਪੇਟ ਦੇ ਕੀੜੇ ਹੋਣ ਦੇ ਕਾਰਣ, ਹੱਥ ਧੋਣ ਦੀ ਵਿਧੀ ਅਤੇ ਅਲਬੈਂਡਾਜ਼ੋਲ ਗੋਲੀ ਖਾਣ ਦੇ ਫਾਇਦਿਆਂ ਬਾਰੇ ਜਾਗਰੂਕਤਾ ਸੈਮੀਨਾਰ ਰਾਹੀਂ ਜਾਣਕਾਰੀ ਦਿੱਤੀ ਗਈ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਡਾ. ਹਰਪ੍ਰੀਤ ਕੌਰ ਅਤੇ ਡਾ. ਲਲਿਤ ਨਾਗਪਾਲ ਨੇ ਦੱਸਿਆ ਕਿ ਇਸ ਦਿਵਸ ਮੌਕੇ ਸਿਹਤ ਵਿਭਾਗ ਵੱਲੋਂ 19 ਸਾਲ ਤੱਕ ਦੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਲਈ ਜਾਗਰੂਕ ਕੀਤਾ ਜਾਂਦਾ ਹੈ ਅਤੇ ਬੱਚਿਆਂ ਨੂੰ ਗੋਲੀਆਂ ਖੁਆਈਆਂ ਜਾਂਦੀਆਂ ਹਨ। ਅੱਜ ਦੇ ਦਿਨ ਜ਼ਿਲ੍ਹੇ ਦੇ ਸਮੂਹ ਸਰਕਾਰੀ ਤੇ ਮਾਨਤਾ ਪ੍ਰਾਪਤ ਸਕੂਲਾਂ ਤੋਂ ਇਲਾਵਾ ਆਂਗਨਵਾੜੀ ਸੈਂਟਰਾਂ ਵਿਚ ਜਾਣ ਵਾਲੇ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਵਾਲੀ ਗੋਲੀ ਦਿੱਤੀ ਜਾ ਰਹੀ ਹੈ।ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਨੇ ਦੱਸਿਆ ਕਿ ਬੱਚਿਆਂ ਵਿੱਚ ਖੂਨ ਦੀ ਕਮੀ ਦਾ ਇਕ ਕਾਰਨ ਪੇਟ ਦੇ ਕੀੜੇ ਵੀ ਹਨ। ਇਸ ਨਾਲ ਬੱਚਿਆਂ ਦੇ ਮਾਨਸਿਕ ਅਤੇ ਸ਼ਰੀਰਕ ਵਿਕਾਸ ਵਿੱਚ ਵੀ ਰੁਕਾਵਟ ਆਉਂਦੀ ਹੈ। ਇਸ ਲਈ ਸਾਫ਼ ਸਫਾਈ ਦਾ ਧਿਆਨ ਰੱਖਣਾ ਚਾਹੀਦਾ ਹੈ। ਖਾਣਾ ਖਾਣ ਤੋਂ ਪਹਿਲਾਂ ਤੇ ਬਾਅਦ ਵਿੱਚ, ਪਖਾਣੇ ਜਾਣ ਤੋਂ ਬਾਅਦ ਹੱਥਾਂ ਨੂੰ ਚੰਗੀ ਤਰ੍ਹਾਂ ਧੌਣਾ ਚਾਹੀਦਾ ਹੈ। ਨੰਗੇ ਪੈਰ ਤੁਰਨ, ਹੱਥਾਂ ਦੀ ਸਫ਼ਾਈ ਨਾ ਰੱਖਣ ਅਤੇ ਕਈ ਹੋਰ ਕਾਰਨਾਂ ਕਰਕੇ ਬੱਚਿਆਂ ਦੇ ਪੇਟ ਵਿਚ ਕੀੜੇ ਪੈਦਾ ਹੋ ਜਾਂਦੇ ਹਨ। ਇਸ ਅਲਬੈਂਡਾਜ਼ੋਲ ਗੋਲੀ ਨਾਲ ਪੇਟ ਦੇ ਕੀੜਿਆਂ ਦੁਆਰਾ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਿਆ ਜਾ ਸਕਦਾ ਹੈ।ਇਸ ਮੌਕੇ ਲਵਪ੍ਰੀਤ ਸਿੰਘ ਫਾਰਮੈਸੀ ਅਫ਼ਸਰ, ਸਟਾਫ਼ ਨਰਸ ਗੀਤਾ ਅਤੇ ਸਕੂਲ ਸਟਾਫ ਵੀ ਹਾਜ਼ਰ ਸੀ।
Get all latest content delivered to your email a few times a month.