ਤਾਜਾ ਖਬਰਾਂ
ਬਾਲ ਕਿਸ਼ਨ
ਫ਼ਿਰੋਜ਼ਪੁਰ, 28 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਸੀਐੱਮ ਦੀ ਯੋਗਸ਼ਾਲਾ ਨੂੰ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਵੱਡਾ ਹੁਲਾਰਾ ਮਿਲ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੀਐੱਮਦੀ ਯੋਗਸ਼ਾਲਾ ਪੰਜਾਬ ਸਰਕਾਰ ਦੁਆਰਾ ਸੂਬੇ ਦੇ ਨਾਗਰਿਕਾਂ ਨੂੰ ਮੁਫ਼ਤ ਯੋਗ ਸਿੱਖਿਆ ਦੇਣ ਦੀ ਇੱਕ ਪਹਿਲ ਹੈ। ਇਸ ਯੋਜਨਾ ਤਹਿਤ ਪੰਜਾਬ ਵਿੱਚ ਪ੍ਰਮਾਣਿਤ ਯੋਗ ਟੀਚਰਾਂ ਦੀ ਇੱਕ ਟੀਮ ਸਥਾਪਤ ਕੀਤੀ ਗਈ ਹੈ ਤਾਂ ਜੋ ਯੋਗ ਨੂੰ ਘਰ ਘਰ ਤੱਕ ਪਹੁੰਚਾਇਆ ਜਾ ਸਕੇ ਅਤੇ ਲੋਕਾਂ ਨੂੰ ਯੋਗ ਟੀਚਰਾਂ ਦੀ ਸੁਵਿਧਾ ਦੇ ਕੇ ਇਸ ਨੂੰ ਇੱਕ ਜਨ ਅੰਦੋਲਨ ਵਿੱਚ ਬਦਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਨਾਗਰਿਕਾਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣਾ ਅਤੇ ਯੋਗ ਦੇ ਮਹੱਤਵ ਨੂੰ ਉਜਾਗਰ ਕਰਨਾ ਹੈ।ਉਨ੍ਹਾਂ ਦੱਸਿਆ ਕਿ ਸੀਐੱਮ ਦੀ ਯੋਗਸ਼ਾਲਾ ਤਹਿਤ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਵੱਖ ਵੱਖ ਥਾਵਾਂ ਤੇ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਜਿਸ ਦਾ ਲੋਕ ਭਰਪੂਰ ਲਾਭ ਉਠਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸੇ ਤਹਿਤ ਸੂਬਾ ਸਲਾਹਕਾਰ ਅਮਰੇਸ਼ ਝਾਅ ਅਤੇ ਕਮਲੇਸ਼ ਮਿਸ਼ਰਾ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਸਾਰੇ ਬਲਾਕਾਂ ਵਿੱਚ ਜਿਲ੍ਹਾ ਵਾਸੀਆਂ ਨੂੰ ਯੋਗ ਅਭਿਆਸ ਕਰਵਾਇਆ ਗਿਆ। ਉਨ੍ਹਾਂ ਸਮੂਹ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸੀਐੱਮ ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਜਾਰੀ ਯੋਗ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਪ੍ਰਾਪਤ ਕਰਨ।ਉਨ੍ਹਾਂ ਕਿਹਾ ਕਿ ਯੋਗਾ ਸਿਖਣ ਦੇ ਚਾਹਵਾਨਾਂ ਲਈ ਪੰਜਾਬ ਸਰਕਾਰ ਨੇ ਹੈਲਪਲਾਈਨ ਨੰਬਰ 76694-00500 ਸਥਾਪਿਤ ਕੀਤਾ ਹੈ, ਜਿਸ ਤੇ ਮੁਫਤ ਯੋਗ ਕਲਾਸਾਂ ਆਪਣੇ ਮੁਹੱਲੇ ਵਿੱਚ ਲਗਾਉਣ ਲਈ ਲੋਕ ਮਿਸ ਕਾਲ ਕਰ ਸਕਦੇ ਹਨ। ਜੇਕਰ 25 ਲੋਕਾਂ ਦਾ ਸਮੂਹ ਹੋਵੇ ਤਾਂ ਉਹ ਆਪਣੇ ਮੁਹੱਲੇ ਜਾਂ ਕਿਸੇ ਵੀ ਕਾਲੋਨੀ ਵਿੱਚ ਯੋਗ ਕਰਨ ਦੇ ਲਈ ਮੁਫਤ ਯੋਗ ਕਲਾਸਾਂ ਲੈਣ ਲਈ ਫੋਨ ਨੰਬਰ ਤੇ ਮਿਸ ਕਾਲ ਦੇ ਸਕਦੇ ਹਨ।
Get all latest content delivered to your email a few times a month.