>
ਤਾਜਾ ਖਬਰਾਂ
ਗੁਰਦਾਸਪੁਰ, 13 ਫਰਵਰੀ- ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਜਿੰਦਰ ਸਿੰਘ ਬੇਦੀ ਵੱਲੋਂ ਅੱਜ ਸਵੇਰੇ 9:15 ਵਜੇ ਤਹਿਸੀਲ ਦਫ਼ਤਰ ਗੁਰਦਾਸਪੁਰ, ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਫੂਡ ਸਪਲਾਈ ਵਿਭਾਗ ਦੇ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਗੈਰ ਹਾਜ਼ਰ ਪਾਏ ਗਏ ਕਰਮੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਇਸ ਚੈਕਿੰਗ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਇਹ ਹਦਾਇਤਾਂ ਹਨ ਕਿ ਸਾਰੇ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਸਮੇਂ ਸਿਰ ਆਪਣੇ ਦਫ਼ਤਰਾਂ ਵਿੱਚ ਪਹੁੰਚ ਕੇ ਕੰਮ ਕਰਵਾਉਣ ਆਏ ਲੋਕਾਂ ਦੇ ਪਹਿਲ ਦੇ ਅਧਾਰ 'ਤੇ ਕੰਮ ਕਰਨ। ਉਨ੍ਹਾਂ ਕਿਹਾ ਕਿ ਅੱਜ ਸਵੇਰੇ 9:15 ਵਜੇ ਤਹਿਸੀਲ ਦਫ਼ਤਰ, ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਫੂਡ ਸਪਲਾਈ ਵਿਭਾਗ ਦੇ ਦਫ਼ਤਰਾਂ ਦੀ ਚੈਕਿੰਗ ਕੀਤੀ ਗਈ ਅਤੇ ਇਨ੍ਹਾਂ ਦਫ਼ਤਰਾਂ ਦਾ ਕੁਝ ਸਟਾਫ਼ ਗੈਰ-ਹਾਜ਼ਰ ਪਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਲੇਟ ਹੋਣ ਵਾਲੇ ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਲੇਟ-ਲਤੀਫ਼ੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜ਼ਰੀ ਨੂੰ ਯਕੀਨੀ ਬਣਾਉਣ ਲਈ ਆਉਂਦੇ ਦਿਨਾਂ ਵਿੱਚ ਵੀ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਦਫ਼ਤਰਾਂ ਵਿੱਚ ਸਮੇਂ ਸਿਰ ਪਹੁੰਚ ਕੇ ਲੋਕਾਂ ਦੇ ਕੰਮ ਕਰਨ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਦੀ ਖ਼ੱਜਲ-ਖ਼ੁਆਰੀ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
Get all latest content delivered to your email a few times a month.