>
ਤਾਜਾ ਖਬਰਾਂ
ਲੁਧਿਆਣਾ, 19 ਮਾਰਚ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਾਫੀ ਦਿਨਾਂ ਤੋਂ ਉਡੀਕ ਕਰ ਰਹੇ ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਮੁੱਖ ਮੰਤਰੀ ਵਲੋਂ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਬੁੱਧਵਾਰ ਨੂੰ ਦੁਪਹਿਰ ਤਕਰੀਬਨ 1 ਵਜੇ ਨਵੀਂ ਕਚਹਿਰੀਆਂ ਨੇੜੇ ਗੁਰੂ ਨਾਨਕ ਦੇਵ ਭਵਨ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਦਿੱਤੇ ਗਏ। ਇਸ ਸਮਾਗਮ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਸ਼ਮੂਲੀਅਤ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਵੱਲੋਂ ਨੌਕਰੀਆਂ ਦੇਣਾ ਕੋਈ ਅਹਿਸਾਨ ਨਹੀਂ ਹੈ ਸਗੋਂ ਇਹ ਸਰਕਾਰ ਦਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਸਰਕਾਰ ਯੋਗ ਉਮੀਦਵਾਰਾਂ ਨੂੰ ਰੁਜ਼ਗਾਰ ਦਾ ਮੌਕਾ ਦੇਣ ਤੋਂ ਪਿੱਛੇ ਨਹੀਂ ਹਟੇਗੀ। ਉਨ੍ਹਾਂ ਕਿਹਾ ਜਿਹੜੇ ਲੋਕ ਰੁਜ਼ਗਾਰ ਚਾਹੁੰਦੇ ਹਨ ਅਤੇ ਜਿਨ੍ਹਾਂ ਨੂੰ ਰੁਜ਼ਗਾਰ ਦੀ ਲੋੜ ਹੈ ਉਨ੍ਹਾਂ ਨੂੰ ਯੋਗਤਾ ਦੇ ਆਧਾਰ 'ਤੇ ਨੌਕਰੀਆਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਮੁੱਖ ਮੰਤਰੀ ਮਾਨ ਨੇ ਅਧਿਆਪਕਾਂ ਨਾਲ ਗੱਲਬਾਤ ਕੀਤੀ ਤਾਂ ਕੁਝ ਅਧਿਆਪਕਾਂ ਨੇ ਕਿਹਾ ਕਿ ਉਨ੍ਹਾਂ ਦੀ ਚੋਣ ਹੋ ਗਈ ਸੀ ਪਰ ਰਿਸ਼ਵਤ ਦੇਣ ਲਈ ਪੈਸੇ ਨਾ ਹੋਣ ਕਰਕੇ ਉਹਨਾਂ ਨੂੰ ਪਹਿਲਾਂ ਮੌਕਾ ਨਹੀਂ ਮਿਲ ਸਕਿਆ। ਸੀਐਮ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਜ ਵਿੱਚ ਰਿਸ਼ਵਤਖੋਰੀ ਦੇ ਮਾਮਲੇ ਬਰਦਾਸ਼ਤ ਨਹੀਂ ਕੀਤੇ ਜਾਣਗੇ। ਸੀਐਮ ਭਗਵੰਤ ਮਾਨ ਨੇ ਕਿਹਾ ਕਿ, ਮੈਂ ਇੱਕ ਅਧਿਆਪਕ ਦਾ ਪੁੱਤ ਹਾਂ ਅਤੇ ਚੰਗੀ ਤਰ੍ਹਾਂ ਮੈਨੂੰ ਪਤਾ ਹੈ ਕਿ ਇੱਕ ਅਧਿਆਪਕ ਆਪਣੀ ਰੋਜ਼ੀ-ਰੋਟੀ ਕਿਵੇਂ ਕਮਾਉਂਦਾ ਹੈ। ਉਨ੍ਹਾਂ ਕਿਹਾ, ਬਚਪਨ ਵਿੱਚ ਸਾਡੇ ਅਧਿਆਪਕਾਂ ਬਾਰੇ ਵੱਖੋ-ਵੱਖਰੇ ਵਿਚਾਰ ਸਨ, ਪਰ ਅਸਲ ਜ਼ਿੰਦਗੀ ਵਿੱਚ, ਸਾਡੀ ਜ਼ਿੰਦਗੀ ਵਿੱਚ ਅਧਿਆਪਕਾਂ ਦਾ ਹੋਣਾ ਬਹੁਤ ਜ਼ਰੂਰੀ ਹੈ,ਇਸ ਲਈ ਪੜ੍ਹਾਈ ਦੀ ਕਦਰ ਕਰੋ,ਕਿਉਂਕਿ ਪੜ੍ਹਾਈ ਜ਼ਿੰਦਗੀ ਵਿੱਚ ਬਹੁਤ ਵੱਡੀ ਅਹਿਮੀਅਤ ਰੱਖਦੀ ਹੈ। ਮਾਨ ਨੇ ਕਿਹਾ ਕਿ ਜਦੋਂ ਕੋਈ ਰੁੱਖ ਛਾਂਅ ਦੇਣਾ ਸ਼ੁਰੂ ਕਰਦਾ ਹੈ, ਤਾਂ ਮਾਲੀ ਨੂੰ ਸਭ ਤੋਂ ਵੱਧ ਖੁਸ਼ੀ ਹੁੰਦੀ ਹੈ। ਇਸੇ ਤਰ੍ਹਾਂ ਅਧਿਆਪਕ ਇਕ ਮਾਲੀ ਵਾਂਗ ਹੁੰਦਾ ਜਦੋਂ ਬੱਚਿਆਂ ਦਾ ਭਵਿੱਖ ਉੱਜਵਲ ਹੁੰਦਾ ਹੈ, ਤਾਂ ਅਧਿਆਪਕ ਨੂੰ ਸਭ ਤੋਂ ਵੱਧ ਖੁਸ਼ੀ ਮਿਲਦੀ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਇਹ ਖੁਸ਼ੀ ਦੀ ਗੱਲ ਹੈ ਕਿ 951 ਅਧਿਆਪਕ ਬੱਚਿਆਂ ਨੂੰ ਪੜ੍ਹਾਉਣ ਲਈ ਸਕੂਲਾਂ ਵਿੱਚ ਜਾਣਗੇ। ਉਨ੍ਹਾਂ ਕਿਹਾ ਕਿ ਅਧਿਆਪਕ ਸਿਰਫ ਬੱਚਿਆਂ ਦੀ ਪੜ੍ਹਾਈ ਤੇ ਧਿਆਨ ਦੇਣ ਸਕੂਲ ਦੇ ਬਾਕੀ ਕੰਮਾਂ ਵੱਲ ਨਹੀਂ। ਸਰਕਾਰ ਇਹ ਯਕੀਨੀ ਬਣਾਉਣ ਲਈ ਪ੍ਰਬੰਧ ਕਰ ਰਹੀ ਹੈ ਕਿ ਚੰਗੇ ਸਕੂਲ ਅਤੇ ਚੰਗਾ ਵਾਤਾਵਰਣ ਉਪਲਬਧ ਹੋਵੇ। ਮੁੱਖ ਮੰਤਰੀ ਮਾਨ ਨੇ ਅਧਿਆਪਕਾਂ ਨੂੰ ਸਖਤੀ ਨਾਲ ਕਿਹਾ ਕਿ ਜਿਹੜੇ ਵੀ ਸਕੂਲ 'ਚ ਤੁਹਾਡੀ ਤੈਨਾਤੀ ਹੋਵੇਗੀ,ਉਥੇ ਇਮਾਨਦਾਰੀ ਨਾਲ ਡਿਊਟੀ ਕਰੋ ਅਤੇ ਆਪਣੇ ਰਜਿਸਟਰ ਪੂਰੇ ਰੱਖੋ ਮੇਰੇ ਵੱਲੋਂ ਕਦੇ ਵੀ ਚੈਕਿੰਗ ਕੀਤੀ ਜਾ ਸਕਦੀ ਹੈ।
Get all latest content delivered to your email a few times a month.