>
ਤਾਜਾ ਖਬਰਾਂ
ਜੁਗਲ ਮਲਿਕ
ਅੰਮ੍ਰਿਤਸਰ, 6 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ੇ ਵੇਚ ਕੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਰਬਾਦ ਕਰਨ ਵਾਲਿਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ। ‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਹਾਜ਼ਰੀ ਵਿਚ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਦੇਣ ਵਾਲੇ ‘ਜਰਨੈਲਾਂ’ ਨੂੰ ਪਹਿਲਾਂ ਹੀ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ। ਪਹਿਲਾਂ ਕਿਸੇ ਨੇ ਵੀ ਇਨ੍ਹਾਂ ਧਨਾਢ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਹਿੰਮਤ ਨਹੀਂ ਕੀਤੀ ਸੀ ਪਰ ਹੁਣ ਸਾਡੀ ਸਰਕਾਰ ਨੇ ਅਜਿਹਾ ਕੀਤਾ ਹੈ ਅਤੇ ਗੁਨਾਹਗਾਰਾਂ ਨੂੰ ਆਪਣੇ ਪਾਪਾਂ ਦੀ ਕੀਮਤ ਚੁਕਾਉਣੀ ਪਵੇਗੀ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਇਨ੍ਹਾਂ ਆਗੂਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ ਤਾਂ ਜੋ ਕੋਈ ਵੀ ਦੁਬਾਰਾ ਕਦੇ ਵੀ ਅਜਿਹਾ ਪਾਪ ਕਰਨ ਦੀ ਹਿੰਮਤ ਨਾ ਕਰੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਪਲਾਈ ਲਾਈਨ ਪਹਿਲਾਂ ਹੀ ਤੋੜ ਦਿੱਤੀ ਗਈ ਹੈ, ਕਈ ਜਣੇ ਫੜੇ ਜਾ ਚੁੱਕੇ ਹਨ। ਇਹ ਪਹਿਲੀ ਵਾਰ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਤੌਰ 'ਤੇ ਬਣਾਈਆਂ ਜਾਇਦਾਦਾਂ ਨੂੰ ਜ਼ਬਤ ਕੀਤਾ ਜਾ ਰਿਹਾ ਹੈ ਜਾਂ ਢਾਹਿਆ ਜਾ ਰਿਹਾ ਹੈ। ਇਸ ਮੌਕੇ ਮੁੱਖ ਮੰਤਰੀ ਨੇ 3,500 ਕਰੋੜ ਰੁਪਏ ਦੀ ਕੁਲ ਲਾਗਤ ਨਾਲ 19,000 ਕਿੱਲੋਮੀਟਰ ਲਿੰਕ ਸੜਕਾਂ ਨੂੰ ਕਵਰ ਕਰਨ ਵਾਲੇ ਸੜਕੀ ਪ੍ਰੋਜੈਕਟ ਦੀ ਸ਼ੁਰੂਆਤ ਦਾ ਐਲਾਨ ਕੀਤਾ। ਉਨ੍ਹਾਂ ਨੇ ਪੇਂਡੂ ਵਿਕਾਸ ਫੰਡ (ਆਰਡੀਐਫ) ਵਿਚ ਸੂਬੇ ਦੇ ਹਿੱਸੇ ਵਿੱਚੋਂ 6,000 ਕਰੋੜ ਰੁਪਏ ਰੋਕਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਤੇ ਜ਼ੋਰ ਦੇ ਕੇ ਕਿਹਾ ਕਿ ਜੇ ਇਹ ਫੰਡ ਜਾਰੀ ਕੀਤੇ ਜਾਂਦੇ ਹਨ ਤਾਂ ਸੂਬੇ ਦੀ ਹਰ ਸੜਕ ਬਣਾਈ ਜਾ ਸਕਦੀ ਹੈ। ਇਸ ਦੇ ਬਾਵਜੂਦ ਉਨ੍ਹਾਂ ਕਿਹਾ ਕਿ ਸੂਬਾ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਉਪਲਬਧ ਫੰਡਾਂ ਦੀ ਵਧੀਆ ਵਰਤੋਂ ਕਰ ਰਿਹਾ ਹੈ। ਮਾਨ ਨੇ ਅੱਗੇ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਉਨ੍ਹਾਂ ਦੀ ਆਲੋਚਨਾ ਇਸ ਲਈ ਕਰਦੇ ਹਨ ਕਿਉਂਕਿ ਉਹ ਉਨ੍ਹਾਂ ਦੀ ਸਰਕਾਰ ਵੱਲੋਂ ਲਏ ਗਏ ਲੋਕ-ਪੱਖੀ ਫੈਸਲਿਆਂ ਤੋਂ ਸੜਦੇ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਸੱਤਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਵਿਧਾਇਕਾਂ ਨੂੰ ਦਿੱਤੀਆਂ ਜਾਂਦੀਆਂ ਕਈ-ਕਈ ਪੈਨਸ਼ਨਾਂ ਖਤਮ ਕਰ ਦਿੱਤੀਆਂ, ਜਿਸ ਨਾਲ ਜਨਤਕ ਫੰਡਾਂ ਦੀ ਕਾਫ਼ੀ ਬਚਤ ਹੋਈ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਗੁਰਮੀਤ ਸਿੰਘ ਖੁੱਡੀਆਂ ਵੀ ਮੌਜੂਦ ਸਨ।
17 ਟੋਲ ਪਲਾਜ਼ਾ ਬੰਦ ਕੀਤੇ, ਜ਼ਮੀਨ ਹੇਠਲਾ ਪਾਣੀ ਸੰਭਾਲਿਆ
ਮੁੱਖ ਮੰਤਰੀ ਨੇ ਕਿਹਾ ਕਿ 17 ਟੋਲ ਪਲਾਜ਼ਾ ਬੰਦ ਕਰ ਦਿੱਤੇ ਗਏ ਹਨ, ਜਿਸ ਦੇ ਨਤੀਜੇ ਵਜੋਂ ਲੋਕਾਂ ਦੇ ਰੋਜ਼ਾਨਾ 64 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਸੀ ਤਾਂ ਨਹਿਰੀ ਪਾਣੀ ਦਾ ਸਿਰਫ਼ 21 ਫੀਸਦ ਪਾਣੀ, ਖੇਤੀਬਾੜੀ ਲਈ ਵਰਤਿਆ ਜਾਂਦਾ ਸੀ, ਜਦੋਂ ਕਿ ਹੁਣ ਇਹ ਵੱਧ ਕੇ 75 ਫ਼ੀਸਦ ਹੋ ਗਿਆ ਹੈ, ਹੁਣ ਜ਼ਮੀਨਦੋਜ਼ ਪਾਣੀ ਦੀ ਸੰਭਾਲ ਕੀਤੀ ਜਾ ਰਹੀ ਹੈ। ਮਾਨ ਨੇ ਕਿਹਾ ਕਿ ਇਸ ਫੋਰਸ ਵਿਚ ਮਹਿਲਾ ਕਮਚਾਰੀਆਂ ਸਮੇਤ 1,597 ਨਵੇਂ ਭਰਤੀ ਅਤੇ ਖ਼ਾਸ ਤੌਰ 'ਤੇ ਸਿਖਲਾਈ ਪ੍ਰਾਪਤ ਕਰਮਚਾਰੀ ਸ਼ਾਮਲ ਹਨ ਅਤੇ ਉਨ੍ਹਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ 144 ਵਾਹਨ ਭੇਟ ਕੀਤੇ ਗਏ ਹਨ।
ਸੜਕੀ ਹਾਦਸਿਆਂ ’ਚ ਹੋਣ ਵਾਲੀਆਂ ਮੌਤਾਂ ਵਿਚ 48.10 ਫੀਸਦ ਕਮੀ ਆਈ
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਫਰਵਰੀ ਵਿਚ ਇਸ ਦੀ ਸ਼ੁਰੂਆਤ ਤੋਂ ਬਾਅਦ ਸੂਬੇ ਵਿਚ ਸੜਕੀ ਹਾਦਸਿਆਂ ਵਿਚ ਹੋਣ ਵਾਲੀਆਂ ਮੌਤਾਂ ਵਿਚ 48.10 ਫੀਸਦੀ ਦੀ ਕਮੀ ਆਈ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਫਾਇਰ ਸਰਵਿਸਿਜ਼ ਵਿਚ ਔਰਤਾਂ ਦੀ ਭਰਤੀ ਲਈ ਸਰੀਰਕ ਮਾਪਦੰਡਾਂ ਨੂੰ ਬਦਲਣ ਲਈ ਨਿਯਮਾਂ ਵਿਚ ਸੋਧ ਕੀਤੀ ਹੈ ਤੇ ਪੰਜਾਬ ਅਜਿਹਾ ਕਰਨ ਵਾਲਾ ਮੁਲਕ ਦਾ ਪਹਿਲਾ ਸੂਬਾ ਬਣ ਗਿਆ ਹੈ।
ਪਿਛਲੀਆਂ ਸਰਕਾਰਾਂ ਨੇ ਲੋਕਾਂ ਨੂੰ ਵੰਡਿਆ
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਨੂੰ ਧਾਰਮਿਕ ਵਖਰੇਵਿਆਂ ਵਿਚ ਵੰਡੀ ਰੱਖਿਆ ਅਤੇ ਉਨ੍ਹਾਂ ਦੀ ਭਲਾਈ ਨੂੰ ਅਣਗੌਲਿਆਂ ਕਰਦੀਆਂ ਰਹੀਆਂ। ਉਨ੍ਹਾਂ ਨੇ ਪਵਿੱਤਰ ਗ੍ਰੰਥਾਂ ਨੂੰ ਲੈ ਕੇ ਜਾਣ ਵਾਲੇ ਵਾਹਨਾਂ ਉੱਤੇ ਲਗਾਏ ਜਾਣ ਵਾਲੇ ਟੈਕਸਾਂ ਦੀ ਉਦਾਹਰਣ ਦਿੱਤੀ, ਜਿਸ ਨੂੰ ਉਨ੍ਹਾਂ ਦੀ ਸਰਕਾਰ ਨੇ ਖਤਮ ਕਰ ਦਿੱਤਾ ਹੈ।
Get all latest content delivered to your email a few times a month.