>
ਤਾਜਾ ਖਬਰਾਂ
ਬੋਲਦਾ ਪੰਜਾਬ ਬਿਊਰੋ
ਨਵੀਂ ਦਿੱਲੀ/ਫ਼ਿਰੋਜ਼ਪੁਰ:
ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਵਾਪਰੇ ਇੱਕ ਬੇਹੱਦ ਦਰਦਨਾਕ ਸੜਕ ਹਾਦਸੇ 'ਤੇ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪੀਐਮਓ ਇੰਡੀਆ (PMO India) ਦੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ ਰਾਹੀਂ ਇੱਕ ਸੰਦੇਸ਼ ਸਾਂਝਾ ਕਰਦਿਆਂ ਪ੍ਰਧਾਨ ਮੰਤਰੀ ਨੇ ਇਸ ਘਟਨਾ ਨੂੰ ਬੇਹੱਦ ਮੰਦਭਾਗਾ ਦੱਸਿਆ ਅਤੇ ਪੀੜਤਾਂ ਲਈ ਆਰਥਿਕ ਸਹਾਇਤਾ ਦਾ ਐਲਾਨ ਕੀਤਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ:
"ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਹੋਏ ਇੱਕ ਹਾਦਸੇ ਬਾਰੇ ਸੁਣ ਕੇ ਦੁੱਖ ਹੋਇਆ ਹੈ। ਜਿਨ੍ਹਾਂ ਨੇ ਆਪਣੇ ਪਿਆਰਿਆਂ ਨੂੰ ਗੁਆਇਆ ਹੈ, ਉਨ੍ਹਾਂ ਪ੍ਰਤੀ ਮੇਰੀਆਂ ਦਿਲੀ ਸਮਵੇਦਨਾਵਾਂ ਹਨ। ਜ਼ਖ਼ਮੀਆਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।"
ਪੀੜਤ ਪਰਿਵਾਰਾਂ ਲਈ ਪ੍ਰਧਾਨ ਮੰਤਰੀ ਰਾਹਤ ਫੰਡ (PMNRF) 'ਚੋਂ ਮਦਦ:
ਮ੍ਰਿਤਕਾਂ ਦੇ ਵਾਰਸਾਂ ਲਈ: ਹਰੇਕ ਮ੍ਰਿਤਕ ਦੇ ਪਰਿਵਾਰ ਨੂੰ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ (ਮੁਆਵਜ਼ਾ ਰਾਸ਼ੀ) ਦਿੱਤੀ ਜਾਵੇਗੀ।
ਜ਼ਖ਼ਮੀਆਂ ਲਈ: ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਦੇ ਇਲਾਜ ਲਈ 50,000 ਰੁਪਏ ਦੀ ਆਰਥਿਕ ਮਦਦ ਦਿੱਤੀ ਜਾਵੇਗੀ।
ਕਿਵੇਂ ਵਾਪਰਿਆ ਸੀ ਇਹ ਭਿਆਨਕ ਹਾਦਸਾ?
ਜ਼ਿਕਰਯੋਗ ਹੈ ਕਿ ਜ਼ਿਲ੍ਹਾ ਫਾਜ਼ਿਲਕਾ ਦੇ ਹਲਕਾ ਜਲਾਲਾਬਾਦ ਤੋਂ ਬਿਆਸ ਵਿਖੇ ਅਸਥੀਆਂ ਜਲ ਪ੍ਰਵਾਹ ਕਰਨ ਲਈ ਰਿਸ਼ਤੇਦਾਰ ਇੱਕ ਪਿਕਅੱਪ ਜੀਪ ਰਾਹੀਂ ਜਾ ਰਹੇ ਸਨ। ਇਸੇ ਦੌਰਾਨ ਸਾਹਮਣੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਭਾਰੀ ਟਰਾਲੇ ਨੇ ਜੀਪ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਹ ਟੱਕਰ ਇੰਨੀ ਭਿਆਨਕ ਸੀ ਕਿ ਇਸ ਹਾਦਸੇ ਵਿੱਚ 10 ਲੋਕਾਂ ਦੀ ਮੌਕੇ 'ਤੇ ਹੀ ਜਾਨ ਚਲੀ ਗਈ, ਜਦਕਿ ਕਈ ਲੋਕ ਗੰਭੀਰ ਰੂਪ ਵਿੱਚ ਫੱਟੜ ਹੋ ਗਏ।
ਭਾਜਪਾ ਆਗੂ ਵੱਲੋਂ ਕੇਂਦਰ ਦੇ ਫੈਸਲੇ ਦਾ ਸਵਾਗਤ
ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਪੀੜਤ ਪਰਿਵਾਰਾਂ ਦੀ ਇਸ ਮੁਸ਼ਕਿਲ ਘੜੀ ਵਿੱਚ ਆਰਥਿਕ ਸਹਾਇਤਾ ਕੀਤੇ ਜਾਣ ਦੇ ਫੈਸਲੇ ਦਾ ਯੂਥ ਭਾਜਪਾ ਆਗੂ ਰਮੇਸ਼ ਕੁਮਾਰ (ਸਰਪੰਚ, ਮੰਡੀ ਪੰਜੇ ਕੇ ਉੱਤਾੜ੍ਹ) ਨੇ ਭਰਪੂਰ ਸਵਾਗਤ ਕੀਤਾ ਹੈ।
ਉਨ੍ਹਾਂ ਆਖਿਆ ਕਿ ਪ੍ਰਧਾਨ ਮੰਤਰੀ ਵੱਲੋਂ ਲਿਆ ਗਿਆ ਇਹ ਫੈਸਲਾ ਦੁਖੀ ਪਰਿਵਾਰਾਂ ਨਾਲ ਗਹਿਰੀ ਸੰਵੇਦਨਾ ਪ੍ਰਗਟ ਕਰਨਾ ਅਤੇ ਉਨ੍ਹਾਂ ਦੇ ਜ਼ਖਮਾਂ 'ਤੇ ਮੱਲ੍ਹਮ ਲਗਾਉਣ ਵਾਂਗ ਹੈ। ਉਨ੍ਹਾਂ ਕੇਂਦਰ ਸਰਕਾਰ ਦੇ ਇਸ ਕਦਮ ਲਈ ਪ੍ਰਧਾਨ ਮੰਤਰੀ ਮੋਦੀ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ।
Get all latest content delivered to your email a few times a month.