>
ਤਾਜਾ ਖਬਰਾਂ
ਜਗਦੀਸ਼ ਥਿੰਦ
ਗੁਰੂਹਰਸਹਾਏ 29 ਜੁਲਾਈ ,
ਬਾਰ ਐਸੋਸੀਏਸ਼ਨ ਗੁਰੂਹਰਸਹਾਏ ਵੱਲੋਂ ਲੀਗਲ ਏਡ ਡਿਫੈਂਸ ਕੌਂਸਲ (LADC) ਨਾਲ ਸਬੰਧਤ ਮਸਲੇ ਦੇ ਸਥਾਈ ਹੱਲ ਲਈ ਸ਼ੁਰੂ ਕੀਤੀ ਗਈ ਭੁੱਖ ਹੜਤਾਲ ਅੱਜ ਦੂਜੇ ਦਿਨ ਵੀ ਪੂਰੀ ਸ਼ਾਂਤੀ ਅਤੇ ਦ੍ਰਿੜ੍ਹਤਾ ਨਾਲ ਜਾਰੀ ਰਹੀ। ਅੱਜ ਦੀ ਹੜਤਾਲ ਦੌਰਾਨ ਬਾਰ ਦੇ ਸੀਨੀਅਰ ਮੈਂਬਰ ਐਡਵੋਕੇਟ ਪਰਮਿੰਦਰ ਸਿੰਘ ਸੰਧੂ ਅਤੇ ਐਡਵੋਕੇਟ ਰਮਨ ਕੁਮਾਰ ਕੰਬੋਜ (ਨਨੂੰ) ਨੂੰ ਫੁੱਲ-ਮਾਲਾਵਾਂ ਪਹਿਨਾ ਕੇ ਪ੍ਰਦਰਸ਼ਨਕਾਰੀ ਵਜੋਂ ਭੁੱਖ ਹੜਤਾਲ 'ਤੇ ਬਿਠਾਇਆ ਗਿਆ।
ਇਸ ਸੰਘਰਸ਼ ਦੀ ਅਗਵਾਈ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਜਗਮੀਤ ਸਿੰਘ ਸੰਧੂ ਅਤੇ ਸਕੱਤਰ ਐਡਵੋਕੇਟ ਬੇਅੰਤ ਸਿੰਘ ਸੰਧੂ ਕਰ ਰਹੇ ਹਨ।
ਇਸ ਮੌਕੇ ਪ੍ਰਧਾਨ ਜਗਮੀਤ ਸਿੰਘ ਸੰਧੂ ਨੇ ਕਿਹਾ ਕਿ LADC ਪ੍ਰਣਾਲੀ ਨਾਲ ਜੁੜੇ ਮੁੱਦਿਆਂ ਬਾਰੇ ਸਬੰਧਤ ਅਧਿਕਾਰੀਆਂ ਨੂੰ ਬਾਰ-ਬਾਰ ਜਾਣੂ ਕਰਵਾਇਆ ਗਿਆ, ਪਰ ਅਜੇ ਤੱਕ ਕੋਈ ਈਮਾਨਦਾਰਾਨਾ ਜਾਂ ਸੰਤੋਸ਼ਜਨਕ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਸੰਘਰਸ਼ ਵਕੀਲ ਭਾਈਚਾਰੇ ਦੇ ਹੱਕਾਂ ਦੇ ਨਾਲ-ਨਾਲ ਆਮ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਹੈ ਅਤੇ ਜਦੋਂ ਤੱਕ ਸਮੱਸਿਆ ਦਾ ਢੁਕਵਾਂ ਹੱਲ ਨਹੀਂ ਹੁੰਦਾ, ਇਹ ਲੜਾਈ ਜਾਰੀ ਰਹੇਗੀ।
ਸਕੱਤਰ ਬੇਅੰਤ ਸਿੰਘ ਸੰਧੂ ਨੇ ਕਿਹਾ ਕਿ ਨਿਆਂ ਪ੍ਰਣਾਲੀ ਦੀ ਪਾਰਦਰਸ਼ਤਾ ਅਤੇ ਯੋਗ ਵਕੀਲਾਂ ਦੇ ਹੱਕਾਂ ਦੀ ਰਾਖੀ ਲਈ ਪ੍ਰਸ਼ਾਸਨ ਨੂੰ ਤੁਰੰਤ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੋਂ ਮੰਗ ਕੀਤੀ ਕਿ ਇਸ ਮਸਲੇ ਦਾ ਜਲਦ ਅਤੇ ਸਥਾਈ ਹੱਲ ਕਰਕੇ ਵਕੀਲਾਂ ਵਿੱਚ ਪੈਦਾ ਹੋਈ ਬੇਚੈਨੀ ਨੂੰ ਖ਼ਤਮ ਕੀਤਾ ਜਾਵੇ।
ਇਸ ਮੌਕੇ ਬਾਰ ਐਸੋਸੀਏਸ਼ਨ ਦੇ ਵੱਡੀ ਗਿਣਤੀ ਮੈਂਬਰਾਂ ਨੇ ਮੌਜੂਦ ਹੋ ਕੇ ਭੁੱਖ ਹੜਤਾਲ 'ਤੇ ਬੈਠੇ ਸਾਥੀਆਂ ਨਾਲ ਪੂਰਨ ਏਕਤਾ ਅਤੇ ਸਮਰਥਨ ਦਾ ਪ੍ਰਗਟਾਵਾ ਕੀਤਾ।
Get all latest content delivered to your email a few times a month.