ਤਾਜਾ ਖਬਰਾਂ
BOLDAPUNJAB.COM
ਫ਼ਰੀਦਕੋਟ 3 ਸਤੰਬਰ
ਸੂਬੇ ਨੂੰ ਖੇਡਾਂ ਵਿਚ ਦੇਸ਼ ਦਾ ਮੋਹਰੀ ਰਾਜ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ 2026 ਬਾਰੇ ਜਾਗਰੂਕਤਾ ਪੈਦਾ ਕਰਨ ਲਈ ਕੱਢੇ ਗਏ ਮਸ਼ਾਲ ਮਾਰਚ ਦਾ ਅੱਜ ਫਰੀਦਕੋਟ ਪਹੁੰਚਣ ’ਤੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ,ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਅਤੇ ਖੇਡ ਵਿਭਾਗ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ।
ਇਸ ਤੋਂ ਬਾਅਦ ਫ਼ਰੀਦਕੋਟ ਦੇ ਅਮਰਦੀਪ ਸਿੰਘ ਬਾਸੀ ਚੌਂਕ, ਜੁਬਲੀ ਸਿਨੇਮਾ ਚੌਕ,ਸੇਠੀ ਡੇਅਰੀ ਚੌਕ ਤੋਂ ਹੁੰਦੇ ਹੋਏ ਨਹਿਰੂ ਸਟੇਡੀਅਮ ਤੱਕ ਪੈਦਲ ਮਾਰਚ ਕੱਢਿਆ ਗਿਆ।
ਇਸ ਮੌਕੇ ਸਪੀਕਰ ਸ.ਸੰਧਵਾਂ ਨੇ ਕਿਹਾ ਕਿ ਸੂਬੇ ਦੀ ਜਵਾਨੀ ਖੇਡਾਂ ਨਾਲ ਜੁੜ ਕੇ ਨਸ਼ੇ ਤੋਂ ਦੂਰ ਰਹੇਗੀ। ਨੌਜਵਾਨਾਂ ਨੂੰ ਜਿੱਤਾਂ ਨੂੰ ਮਾਨਣ ਲਈ ਹਾਰਾਂ ਨੂੰ ਜਰਨ ਲਈ ਖੇਡਾਂ ਬਹੁਤ ਜ਼ਰੂਰੀ ਹਨ। ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਹਰ ਉਮਰ ਵਰਗ ਦਾ ਵਿਅਕਤੀ/ਨੌਜਵਾਨ ਹਿੱਸਾ ਲੈ ਸਕਦੇ ਹਨ। ਪੰਜਾਬ ਇਕ ਵਾਰ ਫਿਰ ਹੱਸਦਾ-ਵੱਸਦਾ, ਖੇਡਦਾ ਅਤੇ ਰੰਗਲਾ ਪੰਜਾਬ ਬਣਸਕੇਗਾ। ਉਨ੍ਹਾਂ ‘ਖੇਡਾਂ ਵਤਨ ਪੰਜਾਬ ਦੀਆਂ2026’ ਦੇ ਆਯੋਜਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਖਿਡਾਰੀਆਂ, ਕੋਚਾਂ ਅਤੇ ਖੇਡ ਪ੍ਰੇਮੀਆਂ ਨੂੰ ਇਸ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।
ਵਿਧਾਇਕ ਸ. ਗੁਰਦਿੱਤ ਸਿੰਘ ਸ਼ੇਖੋਂ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਬਹੁਤ ਵਧੀਆ ਉਪਰਾਲਾ ਹੈ।ਇਸ ਨਾਲ ਖਿਡਾਰੀਆਂ ਨੂੰ ਬਹੁਤ ਉਤਸ਼ਾਹ ਮਿਲੇਗਾ ਅਤੇ ਉਨ੍ਹਾਂ ਦੀ ਖੇਡਾਂ ਵਿੱਚ ਦਿਲਚਸਪੀ ਵਧੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਕੋਈ ਉਮਰ ਸੀਮਾ ਨਹੀਂ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਖੇਡਾਂ ਵਿੱਚ ਭਾਗ ਲੈਣ ਅਤੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਖੇਡਾਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਜਾਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਬਲਾਕ, ਜ਼ਿਲ੍ਹਾ ਅਤੇ ਸੂਬਾ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣਗੇ, ਜਿਨ੍ਹਾਂ ਵਿੱਚ ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖਿਡਾਰੀਆਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇਗਾ।
ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਸ.ਗਗਨਦੀਪ ਸਿੰਘ ਧਾਲੀਵਾਲ, ਚੇਅਰਮੈਨ ਮਾਰਕਿਟ ਕਮੇਟੀ ਸ.ਅਮਨਦੀਪ ਸਿੰਘ ਬਾਬਾ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਕੇਸ਼ਵ ਗੋਇਲ, ਐਸ.ਡੀ.ਐਮ ਫ਼ਰੀਦਕੋਟ ਸ੍ਰੀ ਪੁਨੀਤ ਸ਼ਰਮਾ, ਜੀ.ਏ ਸ੍ਰੀ ਵਿਕਰਮਜੀਤ ਬਾਂਸਲ, ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਬਲਜਿੰਦਰ ਸਿੰਘ, ਰਜਿੰਦਰ ਦਾਸ ਰਿੰਕੂ, ਤੋਂ ਇਲਾਵਾ ਇਲਾਕਾ ਨਿਵਾਸੀ ਹਾਜ਼ਰ ਸਨ।
Get all latest content delivered to your email a few times a month.