ਤਾਜਾ ਖਬਰਾਂ
ਜਗਦੀਸ਼ ਥਿੰਦ
ਫ਼ਰੀਦਕੋਟ, 23 ਸਤੰਬਰ 2026 —
ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਅਤੇ ਸ. ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਫ਼ਰੀਦਕੋਟ ਦੀ ਅਗਵਾਈ ਹੇਠ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਪਹਿਲਾ ਪਸ਼ੂਧਨ ਅਤੇ ਕਿਸਾਨ ਮੇਲੇ ਦੇ ਤੀਜੇ ਅਤੇ ਆਖਰੀ ਦਿਨ ਅੱਜ ਮੱਝਾਂ ਅਤੇ ਗਾਵਾਂ ਦੇ ਵੱਖ-ਵੱਖ ਨਸਲੀ ਮੁਕਾਬਲੇ ਕਰਵਾਏ ਗਏ। ਇਸ ਮੌਕੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ ਤੇ ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਜੇਤੂ ਪਸ਼ੂ ਪਾਲਕਾਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।
ਇਸ ਮੌਕੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਅਤੇ ਪਸ਼ੂ ਪਾਲਕਾਂ ਦੀ ਭਲਾਈ ਲਈ ਖੇਤੀਬਾੜੀ ਅਤੇ ਪਸ਼ੂ ਪਾਲਣ ਖੇਤਰ ਵਿੱਚ ਆਧੁਨਿਕ ਤਕਨੀਕਾਂ ਨੂੰ ਉਤਸ਼ਾਹਿਤ ਕਰਨ ਅਤੇ ਵਿਗਿਆਨਕ ਢੰਗਾਂ ਨੂੰ ਪ੍ਰਚਲਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਕਿਸਾਨ ਮੇਲੇ ਕਿਸਾਨਾਂ ਨੂੰ ਮਾਹਿਰਾਂ ਨਾਲ ਸਿੱਧਾ ਸੰਵਾਦ ਕਰਨ, ਨਵੀਆਂ ਖੇਤੀ ਤਕਨੀਕਾਂ ਅਤੇ ਉੱਨਤ ਪਸ਼ੂ ਨਸਲਾਂ ਬਾਰੇ ਜਾਣਕਾਰੀ ਹਾਸਲ ਕਰਨ ਅਤੇ ਆਪਣੇ ਉਤਪਾਦਾਂ ਦੀ ਪ੍ਰਦਰਸ਼ਨੀ ਤੇ ਮੰਡੀਕਰਨ ਲਈ ਮਹੱਤਵਪੂਰਨ ਮੰਚ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਖੇਤੀ ਦੇ ਨਾਲ-ਨਾਲ ਪਸ਼ੂ ਪਾਲਣ, ਡੇਅਰੀ ਫਾਰਮਿੰਗ ਅਤੇ ਹੋਰ ਸਹਾਇਕ ਧੰਦਿਆਂ ਨੂੰ ਅਪਣਾ ਕੇ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ। ਉਨ੍ਹਾਂ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਇਸ ਪਹਿਲੇ ਪਸ਼ੂਧਨ ਅਤੇ ਕਿਸਾਨ ਮੇਲੇ ਨੂੰ ਕਿਸਾਨਾਂ ਅਤੇ ਪਸ਼ੂ ਪਾਲਕਾਂ ਲਈ ਲਾਹੇਵੰਦ ਉਪਰਾਲਾ ਦੱਸਦਿਆਂ ਮੇਲੇ ਵਿੱਚ ਭਰਵੀਂ ਸ਼ਮੂਲੀਅਤ ਲਈ ਸਭ ਦਾ ਧੰਨਵਾਦ ਕੀਤਾ।
ਇਸ ਮੇਲੇ ਦੌਰਾਨ ਮੁਰ੍ਹਾ ਅਤੇ ਨੀਲੀ ਰਾਵੀ ਨਸਲ ਦੀਆਂ ਮੱਝਾਂ, ਐਚ.ਐਫ. ਅਤੇ ਜਰਸੀ ਨਸਲ ਦੀਆਂ ਗਾਵਾਂ ਤੋਂ ਇਲਾਵਾ ਦੋ ਪੱਕੇ ਦੰਦਾਂ ਤੋਂ ਘੱਟ ਉਮਰ ਦੀਆਂ ਵੱਛੀਆਂ ਅਤੇ ਝੋਟੀਆਂ ਦੇ ਨਸਲੀ ਮੁਕਾਬਲੇ ਕਰਵਾਏ ਗਏ। ਇਸ ਤੋਂ ਇਲਾਵਾ ਐਚ.ਐਫ. ਸੈਕਸਡ ਸੀਮਨ ਨਾਲ ਪੈਦਾ ਹੋਈਆਂ 6 ਮਹੀਨੇ ਤੋਂ ਘੱਟ ਉਮਰ ਦੀਆਂ ਅਤੇ ਐਨ.ਡੀ.ਐਲ.ਐਮ. ਪੋਰਟਲ ’ਤੇ ਰਜਿਸਟਰਡ ਵੱਛੀਆਂ ਦੀ ਵਿਸ਼ੇਸ਼ ਕਾਫ਼ ਰੈਲੀ ਵੀ ਕਰਵਾਈ ਗਈ।
ਮੇਲੇ ਵਿੱਚ ਖੇਤੀਬਾੜੀ ਅਤੇ ਖੇਤੀ ਜਿਣਸਾਂ ਤੋਂ ਤਿਆਰ ਕੀਤੇ ਪ੍ਰੋਸੈਸਡ ਉਤਪਾਦਾਂ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ, ਜਿੱਥੇ ਕਿਸਾਨਾਂ ਅਤੇ ਕਿਸਾਨ ਸਮੂਹਾਂ ਵੱਲੋਂ ਆਪਣੇ ਉਤਪਾਦਾਂ ਦਾ ਸਵੈ-ਮੰਡੀਕਰਨ ਕੀਤਾ ਗਿਆ। ਇਸ ਤੋਂ ਇਲਾਵਾ ਵੱਖ-ਵੱਖ ਪਸ਼ੂ ਫੀਡ ਅਤੇ ਦਵਾਈਆਂ ਦੀਆਂ ਕੰਪਨੀਆਂ ਅਤੇ ਖੇਤੀ ਇਨਪੁਟ ਡੀਲਰਾਂ ਵੱਲੋਂ ਪੈਸਟੀਸਾਈਡ, ਬੀਜ ਅਤੇ ਹੋਰ ਖੇਤੀ ਸਮੱਗਰੀ ਦੀਆਂ ਪ੍ਰਦਰਸ਼ਨੀ ਸਟਾਲਾਂ ਲਗਾਈਆਂ ਗਈਆਂ।
ਇਸ ਮੌਕੇ ਐਸ.ਡੀ.ਐਮ. ਕੋਟਕਪੂਰਾ ਰਾਜਿੰਦਰ ਸਿੰਘ, ਚੇਅਰਮੈਨ ਪਲਾਨਿੰਗ ਬੋਰਡ ਗੁਰਤੇਜ ਸਿੰਘ ਖੋਸਾ, ਪਸ਼ੂ ਪਾਲਣ ਵਿਭਾਗ ਪੰਜਾਬ ਦੇ ਜੁਆਇੰਟ ਡਾਇਰੈਕਟਰ ਡਾ. ਹਰਵੀਨ ਕੌਰ ਧਾਲੀਵਾਲ, ਖੇਤੀਬਾੜੀ ਵਿਭਾਗ ਦੇ ਜੁਆਇੰਟ ਡਾਇਰੈਕਟਰ ਹਾਈਡ੍ਰੋਲੋਜੀ ਡਾ. ਅਰੁਣ ਕੁਮਾਰ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਫ਼ਰੀਦਕੋਟ ਡਾ. ਜਸਵਿੰਦਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਪ੍ਰੀਤ ਸਿੰਘ, ਪ੍ਰੋਜੈਕਟ ਡਾਇਰੈਕਟਰ ਆਤਮਾ ਡਾ. ਅਮਨਦੀਪ ਕੇਸ਼ਵ, ਡਾ. ਜਸਵਿੰਦਰ ਕੁਮਾਰ ਗਰਗ, ਸਹਾਇਕ ਨਿਰਦੇਸ਼ਕ ਪਸ਼ੂ ਪਾਲਣ ਡਾ. ਸੁਰਜੀਤ ਸਿੰਘ ਮੱਲ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਮੇਲੇ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਡਾ. ਕੇਵਲ ਅਰੋੜਾ ਅਤੇ ਡਾ. ਭੁਪੇਸ਼ ਜੋਸ਼ੀ, ਡੀ.ਪੀ.ਡੀ. ਆਤਮਾ ਵੱਲੋਂ ਨਿਭਾਈ ਗਈ।
****
Get all latest content delivered to your email a few times a month.