IMG-LOGO
ਹੋਮ ਪੰਜਾਬ : ਰੋਲ ਆਬਜ਼ਰਵਰ ਰਿਤੂ ਅਗਰਵਾਲ ਵੱਲੋਂ ਮੋਗਾ ਦਾ ਦੂਜਾ ਦੌਰਾ, ਐਸ.ਆਈ.ਆਰ....

ਰੋਲ ਆਬਜ਼ਰਵਰ ਰਿਤੂ ਅਗਰਵਾਲ ਵੱਲੋਂ ਮੋਗਾ ਦਾ ਦੂਜਾ ਦੌਰਾ, ਐਸ.ਆਈ.ਆਰ. ਪ੍ਰਕਿਰਿਆ ਦਾ ਲਿਆ ਜਾਇਜ਼ਾ

ਫਾਰਮ ਨੰਬਰ 6, 7 ਅਤੇ 8 ਦੀ ਵਿਸ਼ੇਸ਼ ਜਾਂਚ; ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼

NA

Admin user - Oct 01, 2026 03:47 PM
IMG

ਜਗਦੀਸ਼ ਥਿੰਦ

ਮੋਗਾ, 01 ਅਕਤੂਬਰ: 
    ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਪ੍ਰਕਿਰਿਆ ਦੀ ਨਿਗਰਾਨੀ ਲਈ ਨਿਯੁਕਤ ਰੋਲ ਆਬਜ਼ਰਵਰ ਅਤੇ ਸਕੱਤਰ, ਸਹਿਕਾਰਤਾ ਵਿਭਾਗ, ਪੰਜਾਬ, ਸ੍ਰੀਮਤੀ ਰਿਤੂ ਅਗਰਵਾਲ (ਆਈ.ਏ.ਐੱਸ.) ਵੱਲੋਂ ਅੱਜ ਜ਼ਿਲ੍ਹਾ ਮੋਗਾ ਦਾ ਦੂਜਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਜ਼ਿਲ੍ਹੇ ਵਿੱਚ ਚੱਲ ਰਹੀ ਐਸ.ਆਈ.ਆਰ. ਪ੍ਰਕਿਰਿਆ ਤਹਿਤ ਕੀਤੇ ਜਾ ਰਹੇ ਕੰਮਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

    ਇਸ ਮੌਕੇ ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਵਿਕਾਸ) ਮਿਸ ਹਰਸ਼ਿਤਾ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕੁਲਪ੍ਰੀਤ ਸਿੰਘ, ਸਮਹੂ ਐਸ.ਡੀ.ਐਮ.ਜ, ਚੋਣ ਤਹਿਸੀਲਦਾਰ ਬਰਜਿੰਦਰ ਸਿੰਘ ਸਮੇਤ ਹੋਰ ਸਬੰਧਤ ਅਧਿਕਾਰੀ ਹਾਜ਼ਰ ਸਨ।

    ਦੌਰੇ ਦੌਰਾਨ ਰੋਲ ਆਬਜ਼ਰਵਰ ਵੱਲੋਂ ਹੋਰ ਚੋਣ ਕਾਰਜਾਂ ਦੀ ਸਮੀਖਿਆ ਦੇ ਨਾਲ-ਨਾਲ ਫਾਰਮ ਨੰਬਰ 6, 7 ਅਤੇ 8 ਦੀ ਵਿਸ਼ੇਸ਼ ਤੌਰ ’ਤੇ ਜਾਂਚ ਕੀਤੀ ਗਈ। ਇਨ੍ਹਾਂ ਫਾਰਮਾਂ ਰਾਹੀਂ ਕ੍ਰਮਵਾਰ ਨਵੀਂ ਵੋਟ ਬਣਾਉਣ, ਵੋਟਰ ਸੂਚੀ ਵਿੱਚੋਂ ਨਾਮ ਹਟਾਉਣ ਅਤੇ ਵੋਟਰ ਦੇ ਵੇਰਵਿਆਂ ਵਿੱਚ ਸੋਧ ਕਰਨ ਸਬੰਧੀ ਅਰਜ਼ੀਆਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਨੇ ਇਨ੍ਹਾਂ ਅਰਜ਼ੀਆਂ ਦੀ ਪ੍ਰਕਿਰਿਆ, ਜਮ੍ਹਾਂ ਕਰਵਾਏ ਗਏ ਦਸਤਾਵੇਜ਼ਾਂ ਦੀ ਪੜਤਾਲ ਅਤੇ ਨਿਯਮਾਂ ਅਨੁਸਾਰ ਕੀਤੀ ਜਾ ਰਹੀ ਕਾਰਵਾਈ ਦਾ ਵੀ ਜਾਇਜ਼ਾ ਲਿਆ।

    ਸ੍ਰੀਮਤੀ ਰਿਤੂ ਅਗਰਵਾਲ ਨੇ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਹਦਾਇਤ ਕੀਤੀ ਕਿ ਐਸ.ਆਈ.ਆਰ. ਪ੍ਰਕਿਰਿਆ ਦੌਰਾਨ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਪੂਰੀ ਨਿਰਪੱਖਤਾ, ਪਾਰਦਰਸ਼ਤਾ ਅਤੇ ਜ਼ਿੰਮੇਵਾਰੀ ਨਾਲ ਕੀਤਾ ਜਾਵੇ ਤਾਂ ਜੋ ਇਸ ਮਹੱਤਵਪੂਰਨ ਪ੍ਰਕਿਰਿਆ ਦੌਰਾਨ ਕਿਸੇ ਵੀ ਤਰ੍ਹਾਂ ਦੀ ਗ਼ਲਤੀ ਦੀ ਗੁੰਜਾਇਸ਼ ਨਾ ਰਹੇ।

    ਉਨ੍ਹਾਂ ਕਿਹਾ ਕਿ ਐਸ.ਆਈ.ਆਰ. ਦਾ ਮੁੱਖ ਉਦੇਸ਼ ਵੋਟਰ ਸੂਚੀਆਂ ਨੂੰ ਵਧੇਰੇ ਸਹੀ, ਭਰੋਸੇਯੋਗ ਅਤੇ ਅੱਪਡੇਟ ਬਣਾਉਣਾ ਹੈ। ਇਸ ਲਈ ਇਹ ਯਕੀਨੀ ਬਣਾਇਆ ਜਾਵੇ ਕਿ ਹਰੇਕ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੋਵੇ ਅਤੇ ਮ੍ਰਿਤਕ, ਸਥਾਨ ਬਦਲ ਚੁੱਕੇ ਜਾਂ ਨਿਯਮਾਂ ਅਨੁਸਾਰ ਅਯੋਗ ਵੋਟਰਾਂ ਨਾਲ ਸਬੰਧਤ ਇੰਦਰਾਜ਼ਾਂ ਨੂੰ ਨਿਰਧਾਰਤ ਪ੍ਰਕਿਰਿਆ ਮੁਤਾਬਕ ਦਰੁਸਤ ਕੀਤਾ ਜਾਵੇ।

    ਰੋਲ ਆਬਜ਼ਰਵਰ ਨੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਵੋਟਰ ਸੂਚੀਆਂ ਨਾਲ ਸਬੰਧਤ ਅਰਜ਼ੀਆਂ ਦੀ ਜਾਂਚ ਸਮੇਂ ਦਸਤਾਵੇਜ਼ਾਂ ਦੀ ਪੜਤਾਲ ਪੂਰੀ ਸਾਵਧਾਨੀ ਨਾਲ ਕੀਤੀ ਜਾਵੇ ਅਤੇ ਯੋਗ ਵੋਟਰਾਂ ਨੂੰ ਵੋਟ ਦੇ ਅਧਿਕਾਰ ਨਾਲ ਸਬੰਧਤ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਨੇ ਐਸ.ਆਈ.ਆਰ. ਨਾਲ ਸਬੰਧਤ ਸਾਰੇ ਕਾਰਜ ਨਿਰਧਾਰਤ ਸਮਾਂ-ਸਾਰਣੀ ਅਨੁਸਾਰ ਮੁਕੰਮਲ ਕਰਨ ’ਤੇ ਵੀ ਜ਼ੋਰ ਦਿੱਤਾ।

 

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.