ਤਾਜਾ ਖਬਰਾਂ
ਜਗਦੀਸ਼ ਥਿੰਦ
ਫਿਰੋਜ਼ਪੁਰ, 2 ਅਕਤੂਬਰ:
ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਇਸੇ ਤਹਿਤ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਕ੍ਰਿਸ਼ਨਾ ਪਾਲ ਰਾਜਪੂਤ, ਸ੍ਰੀ ਹਿਮਾਂਸ਼ੂ, ਆਈ.ਏ.ਐੱਸ. (ਅੰਡਰ ਟ੍ਰੇਨਿੰਗ), ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਬਲਵਿੰਦਰ ਸਿੰਘ, ਖੇਤੀਬਾੜੀ ਅਫ਼ਸਰ ਸ੍ਰੀ ਨੀਰਜ ਸ਼ਰਮਾ ਅਤੇ ਸ੍ਰੀ ਗੁਰਦੀਪ ਸਿੰਘ ਸਮੇਤ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਜ਼ਿਲ੍ਹੇ ਦੇ ਹੌਟ ਸਪੌਟ ਪਿੰਡਾਂ ਬਾਰੇ ਕੇ, ਮਾਛੀਵਾੜਾ, ਪੀਰ ਇਸਮਾਈਲ ਖ਼ਾਨ, ਬੱਗੇ ਵਾਲਾ ਅਤੇ ਮੱਲਾਂਵਾਲਾ ਆਦਿ ਦਾ ਦੌਰਾ ਕੀਤਾ ਗਿਆ।
ਇਸ ਦੌਰਾਨ ਅਧਿਕਾਰੀਆਂ ਵੱਲੋਂ ਪਿੰਡਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ ਅਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਗਈ। ਕਿਸਾਨਾਂ ਨੂੰ ਦੱਸਿਆ ਗਿਆ ਕਿ ਪਰਾਲੀ ਸਾੜਨ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਮਿੱਟੀ ਦੀ ਉਪਜਾਊ ਸ਼ਕਤੀ 'ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ।
ਅਧਿਕਾਰੀਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਦੇ ਪ੍ਰਬੰਧਨ ਲਈ ਉਪਲਬਧ ਖੇਤੀਬਾੜੀ ਮਸ਼ੀਨਰੀ, ਜਿਵੇਂ ਕਿ ਸੁਪਰ ਸੀਡਰ, ਹੈਪੀ ਸੀਡਰ, ਮਲਚਰ ਅਤੇ ਹੋਰ ਖੇਤੀ ਸੰਦਾਂ ਦੀ ਵਰਤੋਂ ਕਰਨ। ਇਸ ਤੋਂ ਇਲਾਵਾ, ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੈਣ ਲਈ ਵੀ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਅਧਿਕਾਰੀਆਂ ਨੇ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪਿੰਡ ਪੱਧਰ 'ਤੇ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਦਾ ਸੁਚੱਜਾ ਪ੍ਰਬੰਧਨ ਵਾਤਾਵਰਣ ਦੀ ਸੁਰੱਖਿਆ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਲਈ ਬਹੁਤ ਜ਼ਰੂਰੀ ਹੈ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ।
Get all latest content delivered to your email a few times a month.