ਤਾਜਾ ਖਬਰਾਂ
ਜਗਦੀਸ਼ ਥਿੰਦ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 02 ਅਕਤੂਬਰ 2026:
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਮੋਹਾਲੀ ਸ੍ਰੀਮਤੀ ਨਵਦੀਪ ਕੌਰ ਨੇ ਦੱਸਿਆ ਕਿ ਸੀਨੀਅਰ ਨਾਗਰਿਕਾਂ ਦੀ ਭਲਾਈ ਲਈ ‘ਸਟੇਟ ਐਕਸ਼ਨ ਪਲਾਨ 2026-27’ ਤਹਿਤ ਚਲਾਈ ਜਾ ਰਹੀ ‘ਸਾਡਾ ਬਜ਼ੁਰਗ ਸਾਡਾ ਮਾਣ’ ਮੁਹਿੰਮ ਅਧੀਨ ਪੀੜ੍ਹੀਆਂ ਵਿਚਕਾਰ ਆਪਸੀ ਸਾਂਝ, ਪਿਆਰ ਅਤੇ ਸਤਿਕਾਰ ਨੂੰ ਮਜ਼ਬੂਤ ਕਰਨ ਲਈ 'ਅੰਤਰ-ਪੀੜ੍ਹੀ ਬੰਧਨ ਗਤੀਵਿਧੀ' (‘Intergenerational Bonding Activity’) ਤਹਿਤ ਵਿਸ਼ੇਸ਼ ਪ੍ਰੋਗਰਾਮ ਕਰਵਾਏ ਗਏ।
ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ 01 ਅਕਤੂਬਰ ਨੂੰ ਇਸ ਲੜੀ ਤਹਿਤ ਪਿੰਡ ਮਦਨਹੇੜੀ ਸਥਿਤ ‘ਸਰਵ ਹਿਊਮੈਨਿਟੀ ਸਰਵ ਗੌਡ’ ਓਲਡ ਏਜ ਹੋਮ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਰਕਾਰੀ ਮਾਡਲ ਸਕੂਲ ਮਦਨਹੇੜੀ ਦੇ ਵਿਦਿਆਰਥੀਆਂ ਨੇ ਬਿਰਧ ਆਸ਼ਰਮ ਦਾ ਦੌਰਾ ਕਰਕੇ ਉੱਥੇ ਰਹਿ ਰਹੇ ਬਜ਼ੁਰਗਾਂ ਨਾਲ ਸਮਾਂ ਬਿਤਾਇਆ।ਸਮਾਗਮ ਦੌਰਾਨ ਸਕੂਲੀ ਬੱਚਿਆਂ ਵੱਲੋਂ ਕਵਿਤਾਵਾਂ ਪੇਸ਼ ਕੀਤੀਆਂ ਗਈਆਂ ਅਤੇ ਬਜ਼ੁਰਗਾਂ ਪ੍ਰਤੀ ਪਿਆਰ ਤੇ ਸਤਿਕਾਰ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ‘Gratitude Cards’ ਭੇਟ ਕੀਤੇ ਗਏ। ਇਸ ਉਪਰੰਤ ਬਿਰਧ ਆਸ਼ਰਮ ਵਿੱਚ ਰਹਿ ਰਹੇ ਸੀਨੀਅਰ ਨਾਗਰਿਕਾਂ ਨੇ ਬੱਚਿਆਂ ਨਾਲ ਆਪਣੇ ਜੀਵਨ ਦੇ ਤਜਰਬੇ ਅਤੇ ਯਾਦਾਂ ਸਾਂਝੀਆਂ ਕੀਤੀਆਂ। ਇਸ ਨਾਲ ਬੱਚਿਆਂ ਨੂੰ ਬਜ਼ੁਰਗਾਂ ਦੇ ਜੀਵਨ ਅਨੁਭਵਾਂ ਤੋਂ ਸਿੱਖਣ ਅਤੇ ਉਨ੍ਹਾਂ ਨਾਲ ਭਾਵਨਾਤਮਕ ਸਾਂਝ ਪੈਦਾ ਕਰਨ ਦਾ ਮੌਕਾ ਮਿਲਿਆ।
ਇਸ ਮੌਕੇ ‘ਇੱਕ ਪੇੜ ਮਾਂ ਕੇ ਨਾਮ’ ਮੁਹਿੰਮ ਤਹਿਤ ਪੌਦੇ ਵੀ ਲਗਾਏ ਗਏ। ਇਸ ਦੇ ਨਾਲ ਹੀ ਬਜ਼ੁਰਗਾਂ ਦੀ ਸਿਹਤ ਸੰਭਾਲ ਨੂੰ ਧਿਆਨ ਵਿੱਚ ਰੱਖਦਿਆਂ ਵਿਸ਼ੇਸ਼ ਮੈਡੀਕਲ ਕੈਂਪ ਵੀ ਲਗਾਇਆ ਗਿਆ, ਜਿਸ ਰਾਹੀਂ ਸੀਨੀਅਰ ਨਾਗਰਿਕਾਂ ਨੂੰ ਸਿਹਤ ਸਬੰਧੀ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ।
ਡੀ.ਐਸ.ਐਸ.ਓ. ਸ੍ਰੀਮਤੀ ਨਵਦੀਪ ਕੌਰ ਨੇ ਦੱਸਿਆ ਕਿ ਇਸੇ ਲੜੀ ਤਹਿਤ ਸਰਕਾਰੀ ਮਿਡਲ ਸਕੂਲ, ਫੇਜ਼-2, ਮੋਹਾਲੀ ਵਿਖੇ ਵੀ ਇੱਕ ਹੋਰ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਸਕੂਲੀ ਬੱਚਿਆਂ ਅਤੇ ਸੀਨੀਅਰ ਨਾਗਰਿਕਾਂ ਵਿਚਕਾਰ ਆਪਸੀ ਮੇਲ-ਜੋਲ ਅਤੇ ਸਤਿਕਾਰ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।
ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲਿਆਂ ਦਾ ਮੁੱਖ ਉਦੇਸ਼ ਨਵੀਂ ਪੀੜ੍ਹੀ ਨੂੰ ਬਜ਼ੁਰਗਾਂ ਦੇ ਤਜਰਬਿਆਂ ਅਤੇ ਜੀਵਨ ਮੁੱਲਾਂ ਨਾਲ ਜੋੜਨਾ ਅਤੇ ਬੱਚਿਆਂ ਵਿੱਚ ਬਜ਼ੁਰਗਾਂ ਪ੍ਰਤੀ ਪਿਆਰ, ਸਤਿਕਾਰ, ਹਮਦਰਦੀ ਅਤੇ ਨੈਤਿਕ ਕਦਰਾਂ-ਕੀਮਤਾਂ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਪੀੜ੍ਹੀਆਂ ਵਿਚਕਾਰ ਵਧਦਾ ਆਪਸੀ ਮੇਲ-ਜੋਲ ਸਮਾਜ ਵਿੱਚ ਸਤਿਕਾਰ ਅਤੇ ਸਾਂਝ ਦੀ ਭਾਵਨਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ।
Get all latest content delivered to your email a few times a month.