ਤਾਜਾ ਖਬਰਾਂ
ਜਗਦੀਸ਼ ਥਿੰਦ
ਮੋਗਾ, 6 ਅਕਤੂਬਰ:
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ 8 ਅਕਤੂਬਰ ਨੂੰ ਵਿਸ਼ੇਸ਼ ਮੈਰਾਥਨ ਕਰਵਾਈ ਜਾ ਰਹੀ ਹੈ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਜਸਪਿੰਦਰ ਸਿੰਘ ਨੇ ਵੀਡੀਓ ਕਾਨਫਰੰਸ ਰਾਹੀਂ ਮੈਰਾਥਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਸਬੰਧਤ ਵਿਭਾਗਾਂ ਨੂੰ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਮੈਰਾਥਨ ਸਿਰਫ਼ ਇੱਕ ਖੇਡ ਗਤੀਵਿਧੀ ਨਹੀਂ, ਸਗੋਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਦੇ ਮਨੁੱਖਤਾਵਾਦੀ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ਦਾ ਇੱਕ ਸਾਰਥਕ ਉਪਰਾਲਾ ਹੈ। ਗੁਰੂ ਸਾਹਿਬ ਨੇ ਸਮਾਜ ਵਿੱਚ ਬਰਾਬਰੀ, ਭਾਈਚਾਰੇ, ਮਨੁੱਖੀ ਸਾਂਝ ਅਤੇ ਸਮਾਜਿਕ ਨਿਆਂ ਦਾ ਸੰਦੇਸ਼ ਦਿੱਤਾ, ਜਿਸ ਨੂੰ ਅੱਜ ਦੇ ਸਮੇਂ ਵਿੱਚ ਹੋਰ ਮਜ਼ਬੂਤੀ ਨਾਲ ਅੱਗੇ ਲਿਜਾਣ ਦੀ ਲੋੜ ਹੈ।
ਉਹਨਾਂ ਕਿਹਾ ਕਿ ਇਸ ਮੈਰਾਥਨ ਵਿਚ ਲਗਭਗ 1500 ਤੋਂ ਵਧੇਰੇ ਨੌਜਵਾਨ ਖਿਡਾਰੀ ਅਤੇ ਮੋਗਾ ਵਾਸੀਆਂ ਵੱਲੋਂ ਭਾਗ ਲਿਆ ਜਾਵੇਗਾ। 5 ਕਿਲੋਮੀਟਰ ਦੀ ਮੈਰਾਥਨ 8 ਅਕਤੂਬਰ ਨੂੰ ਸਵੇਰੇ 6.30 ਵਜੇ ਸਰਕਾਰੀ ਆਈ.ਟੀ.ਆਈ. ਮੋਗਾ ਤੋਂ ਸ਼ੁਰੂ ਹੋਵੇਗੀ। ਮੈਰਾਥਨ ਦਾ ਰੂਟ ਸਰਕਾਰੀ ਆਈ.ਟੀ.ਆਈ. ਤੋਂ ਨੇਚਰ ਪਾਰਕ ਤੱਕ ਹੋਵੇਗਾ ਅਤੇ ਭਾਗੀਦਾਰ ਮੁੜ ਸਰਕਾਰੀ ਆਈ.ਟੀ.ਆਈ. ਵਿਖੇ ਪਹੁੰਚ ਕੇ ਮੈਰਾਥਨ ਪੂਰੀ ਕਰਨਗੇ।
ਉਨ੍ਹਾਂ ਕਿਹਾ ਕਿ ਨੌਜਵਾਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾ ਕੇ ਸਮਾਜ ਵਿੱਚ ਭਾਈਚਾਰੇ ਅਤੇ ਸਮਾਨਤਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਿਹਤਮੰਦ ਅਤੇ ਉਸਾਰੂ ਜੀਵਨ-ਸ਼ੈਲੀ ਨਾਲ ਜੋੜਦੀਆਂ ਹਨ ਅਤੇ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਮਾਨਸਿਕ ਮਜ਼ਬੂਤੀ, ਅਨੁਸ਼ਾਸਨ ਅਤੇ ਆਤਮ-ਵਿਸ਼ਵਾਸ ਨੂੰ ਵੀ ਵਧਾਉਂਦੀਆਂ ਹਨ।
ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ, ਖਿਡਾਰੀਆਂ, ਨੌਜਵਾਨਾਂ ਅਤੇ ਵੱਖ-ਵੱਖ ਵਰਗਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੈਰਾਥਨ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋ ਕੇ ਇਸ ਇਤਿਹਾਸਕ ਮੌਕੇ ਦਾ ਹਿੱਸਾ ਬਣਨ। ਉਨ੍ਹਾਂ ਕਿਹਾ ਕਿ ਮੈਰਾਥਨ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਭਾਗੀਦਾਰਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੈਰਾਥਨ ਵਿੱਚ ਸ਼ਾਮਲ ਹੋਣ ਦੇ ਚਾਹਵਾਨ ਭਾਗੀਦਾਰਾਂ ਲਈ ਆਨਲਾਈਨ ਰਜਿਸਟ੍ਰੇਸ਼ਨ ਲਿੰਕ ਵੀ ਜਾਰੀ ਕੀਤਾ ਗਿਆ ਹੈ। ਵੱਧ ਤੋਂ ਵੱਧ ਲੋਕਾਂ ਨੂੰ ਸਮੇਂ ਸਿਰ ਰਜਿਸਟ੍ਰੇਸ਼ਨ ਕਰਵਾ ਕੇ ਇਸ ਵਿਸ਼ੇਸ਼ ਉਪਰਾਲੇ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਗਈ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਮੈਰਾਥਨ ਦੌਰਾਨ ਸੁਰੱਖਿਆ, ਟ੍ਰੈਫਿਕ ਪ੍ਰਬੰਧਨ, ਪੀਣ ਵਾਲੇ ਪਾਣੀ, ਮੈਡੀਕਲ ਸਹੂਲਤਾਂ ਅਤੇ ਹੋਰ ਜ਼ਰੂਰੀ ਪ੍ਰਬੰਧ ਯਕੀਨੀ ਬਣਾਉਣ ਲਈ ਵੀ ਕਿਹਾ।
Get all latest content delivered to your email a few times a month.