ਤਾਜਾ ਖਬਰਾਂ
ਜਗਦੀਸ਼ ਥਿੰਦ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਅਕਤੂਬਰ:
ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਸ. ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ-ਨਿਰਦੇਸ਼ ਹੇਠ ਦਫ਼ਤਰ ਸਹਾਇਕ ਡਾਇਰੈਕਟਰ, ਪੰਜਾਬੀ ਸੈੱਲ, ਚੰਡੀਗੜ੍ਹ ਵੱਲੋਂ ਮਿਤੀ 07.10.2026 ਨੂੰ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ (ਸ਼ੋਰਿਆ ਚੱਕਰ), ਸਰਕਾਰੀ ਕਾਲਜ, ਫ਼ੇਜ਼ 6 ਮੋਹਾਲੀ ਵਿਖੇ ਜ਼ਿਲ੍ਹੇ ਨਾਲ ਸਬੰਧਿਤ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਬਾਲ ਸਾਹਿਤ ਕੁਇਜ਼ ਮੁਕਾਬਲੇ ਕਰਵਾਏ ਗਏ। ਸਹਾਇਕ ਡਾਇਰੈਕਟਰ ਸ੍ਰੀਮਤੀ ਸੁਰਿੰਦਰ ਕੌਰ ਦੀ ਅਗਵਾਈ ਹੇਠ ਕਰਵਾਏ ਇਨ੍ਹਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਸਕੂਲੀ ਵਿਦਿਆਰਥੀਆਂ ਅੰਦਰ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਪ੍ਰਤੀ ਮੋਹ ਜਗਾਉਣਾ ਹੈ। ਖੋਜ ਅਫ਼ਸਰ ਸ੍ਰੀਮਤੀ ਜਗਰੀਤ ਕੌਰ ਸੰਧੂ ਦੀ ਦੇਖ-ਰੇਖ ਹੇਠ ਖੋਜ ਅਫ਼ਸਰ ਸ੍ਰੀਮਤੀ ਜਗਦੀਪ ਜੋਤ ਵੱਲੋਂ ਮੁਕਾਬਲਿਆਂ ਵਿੱਚ ਸ਼ਿਰਕਤ ਕਰਨ ਲਈ ਪਹੁੰਚੇ ਵਿਦਿਆਰਥੀਆਂ, ਅਧਿਆਪਕਾਂ, ਮਾਪਿਆਂ ਅਤੇ ਪਤਵੰਤਿਆਂ ਨੂੰ ਜੀ ਆਇਆਂ ਨੂੰ ਕਿਹਾ ਗਿਆ ਅਤੇ ਵਿਭਾਗ ਦੀ ਕਾਰਜਸ਼ੈਲੀ ਬਾਰੇ ਸੰਖੇਪ ਜਾਣਕਾਰੀ ਦਿੱਤੀ। ਕੁਇਜ਼ ਮੁਕਾਬਲਿਆਂ ਦੇ ਨਿਯਮਾਂ ਅਨੁਸਾਰ ਇਹ ਮੁਕਾਬਲੇ ਲਿਖਤੀ ਕਰਵਾਏ ਗਏ ਅਤੇ ਇਨ੍ਹਾਂ ਲਈ ਇੱਕ ਘੰਟਾ ਸਮਾਂ ਨਿਰਧਾਰਿਤ ਕੀਤਾ ਗਿਆ ਸੀ। ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ, ਸਾਹਿਤ, ਧਰਮ, ਸ਼ਖਸੀਅਤਾਂ, ਸਭਿਆਚਾਰਕ, ਇਤਿਹਾਸ ਅਤੇ ਭੂਗੋਲ ਨਾਲ ਸਬੰਧਿਤ ਕੁੱਲ 100 ਪ੍ਰਸ਼ਨ ਪੁੱਛੇ ਗਏ ਤੇ ਪ੍ਰਸ਼ਨ ਪੱਤਰ ਦੇ ਕੁੱਲ ਅੰਕ 400 ਸਨ। ਕੁਇਜ਼ ਮੁਕਾਬਲੇ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲ਼ੇ ਵਿਦਿਆਰਥੀਆਂ ਨੂੰ ਕ੍ਰਮਵਾਰ 1000/-, 750/- ਅਤੇ 500/- ਰੁਪਏ ਦੇ ਨਕਦ ਇਨਾਮ ਤੇ ਪ੍ਰਮਾਣ ਪੱਤਰ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।
ਖੋਜ ਅਫ਼ਸਰ ਸ੍ਰੀਮਤੀ ਜਗਰੀਤ ਕੌਰ ਸੰਧੂ ਅਤੇ ਸ੍ਰੀਮਤੀ ਜਗਦੀਪ ਜੋਤ ਨੇ ਵਿਦਿਆਰਥੀਆਂ ਨੂੰ ਮਾਂ-ਬੋਲੀ ਪੰਜਾਬੀ ਨਾਲ਼ ਜੁੜੇ ਰਹਿਣ ਅਤੇ ਸਾਹਿਤ ਪ੍ਰਤੀ ਮੋਹ ਜਿਊਂਦਾ ਰੱਖਣ ਲਈ ਅਪੀਲ ਕੀਤੀ।
ਵਿਦਿਆਰਥੀਆਂ ਨੂੰ ਇਹਨਾਂ ਮੁਕਾਬਲਿਆਂ ਲਈ ਤਿਆਰੀ ਕਰਵਾ ਕੇ ਭੇਜਣ ਲਈ ਸਕੂਲ ਮੁਖੀਆਂ ਅਤੇ ਅਧਿਆਪਕਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਅਤੇ ਅਗਾਂਹ ਤੋਂ ਵੀ ਇਹਨਾਂ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ। ਦਫ਼ਤਰ ਵੱਲੋਂ ਇਸ ਮੌਕੇ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ ਤਾਂ ਜੋ ਸਾਹਿਤ ਦਾ ਖਜ਼ਾਨਾ ਹਰ ਕਿਸੇ ਤੱਕ ਪਹੁੰਚ ਸਕੇ। ਇਸ ਦੇ ਨਾਲ਼ ਹੀ ਮੁਕਾਬਲੇ ਵਿੱਚ ਭਾਗ ਲੈ ਰਹੇ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ।
ਸਮਾਗਮ ਦੀ ਸਫਲਤਾ ਵਾਸਤੇ ਇੰਸਟ੍ਰਕਟਰ ਬਲਦੇਵ ਸਿੰਘ, ਸ. ਗੁਰਵਿੰਦਰ ਸਿੰਘ ਜੂਨੀਅਰ ਸਹਾਇਕ, ਸ੍ਰੀ ਗੁਰਚਰਨ ਸਿੰਘ, ਸੇਵਾਦਾਰ, ਪ੍ਰਦੀਪ ਸਿੰਘ ਅਤੇ ਸਮੂਹ ਸਟੈਨੋਗ੍ਰਾਫ਼ੀ ਸਿਖਿਆਰਥੀਆਂ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਹਨਾਂ ਮੁਕਾਬਲਿਆਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਦਫ਼ਤਰ ਸਹਾਇਕ ਡਾਇਰੈਕਟਰ (ਪੰਜਾਬੀ ਸੈੱਲ), ਚੰਡੀਗੜ੍ਹ ਵੱਲੋਂ ਸਰਕਾਰੀ ਕਾਲਜ, ਮੋਹਾਲੀ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਦੇ ਸਹਿਯੋਗ ਲਈ ਧੰਨਵਾਦ ਕੀਤਾ ਗਿਆ।
Get all latest content delivered to your email a few times a month.