ਤਾਜਾ ਖਬਰਾਂ
ਜਗਦੀਸ਼ ਥਿੰਦ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 09 ਅਕਤੂਬਰ, 2026:
ਜ਼ਿਲ੍ਹਾ ਪੁਲਿਸ ਐੱਸ.ਏ.ਐੱਸ. ਨਗਰ ਵੱਲੋਂ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ, ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਪੁਲਿਸ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸਹੂਲਤਾਂ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀਆਂ ਦੌਰਾਨ ਜਾਗਰੂਕਤਾ ਸੈਮੀਨਾਰ ਕਰਵਾਏ ਗਏ।
ਇਹ ਸੈਮੀਨਾਰ ਸੀਨੀਅਰ ਕਪਤਾਨ ਪੁਲਿਸ ਸ੍ਰੀ ਵਰੁਨ ਸ਼ਰਮਾ, ਆਈ.ਪੀ.ਐੱਸ., ਐੱਸ.ਪੀ. ਸ੍ਰੀ ਨਵਰੀਤ ਸਿੰਘ ਵਿਰਕ, ਐੱਸ.ਪੀ. (ਐੱਚ.) ਕਮ ਡੀ.ਸੀ.ਪੀ.ਓ., ਐੱਸ.ਏ.ਐੱਸ. ਨਗਰ ਅਤੇ ਸ੍ਰੀ ਰਮਨਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ, ਡੀ.ਐੱਸ.ਪੀ. ਸ੍ਰੀ ਕਰਨੈਲ ਸਿੰਘ ਅਤੇ ਇੰਸਪੈਕਟਰ ਜੈਦੀਪ ਜਾਖੜ ਦੀ ਅਗਵਾਈ ਹੇਠ ਲਗਾਏ ਗਏ। ਇਸ ਮੌਕੇ ਟ੍ਰੈਫਿਕ ਐਜੂਕੇਸ਼ਨ ਸੈੱਲ ਅਤੇ ਸਾਂਝ ਕੇਂਦਰ ਸਿਟੀ-1 ਦੇ ਇੰਚਾਰਜ ਏ.ਐੱਸ.ਆਈ. ਜਨਕ ਰਾਜ ਵੱਲੋਂ ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵੱਖ-ਵੱਖ ਮਹੱਤਵਪੂਰਨ ਵਿਸ਼ਿਆਂ ਬਾਰੇ ਜਾਣਕਾਰੀ ਦਿੱਤੀ ਗਈ।
ਸੈਮੀਨਾਰ ਦੌਰਾਨ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਟ੍ਰੈਫਿਕ ਨਿਯਮਾਂ ਦੀ ਮਹੱਤਤਾ ਬਾਰੇ ਸਮਝਾਉਂਦਿਆਂ ਦੱਸਿਆ ਗਿਆ ਕਿ ਸੜਕ ਹਾਦਸਿਆਂ ਤੋਂ ਬਚਣ ਲਈ ਆਵਾਜਾਈ ਦੇ ਨਿਯਮਾਂ ਦੀ ਪਾਲਣਾ ਕਰਨੀ ਬਹੁਤ ਜ਼ਰੂਰੀ ਹੈ। ਵਾਹਨ ਚਲਾਉਂਦੇ ਸਮੇਂ ਮੋਬਾਈਲ ਫੋਨ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ, ਸੜਕ ’ਤੇ ਸਾਵਧਾਨੀ ਵਰਤਣ ਅਤੇ ਸੁਰੱਖਿਅਤ ਆਵਾਜਾਈ ਦੇ ਨਿਯਮਾਂ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਤੋਂ ਇਲਾਵਾ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਸਾਥੀਆਂ ਨੂੰ ਵੀ ਨਸ਼ਿਆਂ ਤੋਂ ਬਚਣ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ ਗਈ। ਉਨ੍ਹਾਂ ਨੂੰ ਦੱਸਿਆ ਗਿਆ ਕਿ ਨਸ਼ਿਆਂ ਤੋਂ ਦੂਰ ਰਹਿ ਕੇ ਹੀ ਸਿਹਤਮੰਦ ਅਤੇ ਸੁਰੱਖਿਅਤ ਜੀਵਨ ਬਤੀਤ ਕੀਤਾ ਜਾ ਸਕਦਾ ਹੈ।
ਇਸ ਮੌਕੇ ਸਾਂਝ ਕੇਂਦਰਾਂ ਰਾਹੀਂ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾਂਦੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੂੰ ਕਿਸੇ ਵੀ ਐਮਰਜੈਂਸੀ ਜਾਂ ਪੁਲਿਸ ਸਹਾਇਤਾ ਲਈ ਹੈਲਪਲਾਈਨ ਨੰਬਰ 112 ਅਤੇ ਸਾਈਬਰ ਅਪਰਾਧ ਨਾਲ ਸਬੰਧਤ ਵਿੱਤੀ ਧੋਖਾਧੜੀ ਦੇ ਮਾਮਲਿਆਂ ਵਿੱਚ ਤੁਰੰਤ ਸਹਾਇਤਾ ਲਈ ਹੈਲਪਲਾਈਨ ਨੰਬਰ 1930 ’ਤੇ ਸੰਪਰਕ ਕਰਨ ਬਾਰੇ ਜਾਗਰੂਕ ਕੀਤਾ ਗਿਆ।
ਅੰਤ ਵਿੱਚ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਮਝਣ ਦੀ ਅਪੀਲ ਕੀਤੀ ਗਈ। ਉਨ੍ਹਾਂ ਨੂੰ ਇੱਕ ਜਾਗਰੂਕ, ਅਨੁਸ਼ਾਸਿਤ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ ਗਿਆ।
Get all latest content delivered to your email a few times a month.