ਤਾਜਾ ਖਬਰਾਂ
ਜਗਦੀਸ਼ ਥਿੰਦ
ਮੋਗਾ, 13 ਅਕਤੂਬਰ:
ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੰਡੀਆਂ ਵਿੱਚ ਸਿਰਫ਼ ਸੁੱਕਾ ਝੋਨਾ ਹੀ ਲੈ ਕੇ ਆਉਣ, ਤਾਂ ਜੋ ਫ਼ਸਲ ਦੀ ਖਰੀਦ ਬਿਨਾਂ ਕਿਸੇ ਬੇਲੋੜੀ ਦੇਰੀ ਦੇ ਹੋ ਸਕੇ ਅਤੇ ਉਨ੍ਹਾਂ ਦੇ ਸਮੇਂ ਦੀ ਬੱਚਤ ਹੋਵੇ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਕਟਾਈ ਦਿਨ ਸਮੇਂ ਕਰਨ ਦੀ ਅਪੀਲ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨੇ ਦੀ ਕਟਾਈ ’ਤੇ ਪਾਬੰਦੀ ਲਗਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਵੇਰੇ ਤਰੇਲ ਅਤੇ ਸ਼ਾਮ ਸਮੇਂ ਨਮੀ ਵਧਣ ਕਾਰਨ ਝੋਨੇ ਦੀ ਗੁਣਵੱਤਾ ਪ੍ਰਭਾਵਿਤ ਹੋ ਸਕਦੀ ਹੈ, ਜਿਸ ਨਾਲ ਮੰਡੀਆਂ ਵਿੱਚ ਫ਼ਸਲ ਦੀ ਖਰੀਦ ਦੌਰਾਨ ਮੁਸ਼ਕਲ ਆ ਸਕਦੀ ਹੈ। ਇਸ ਲਈ ਕਿਸਾਨ ਨਿਰਧਾਰਤ ਸਮੇਂ ਦੌਰਾਨ ਹੀ ਕਟਾਈ ਕਰਨ ਅਤੇ ਸੁੱਕੀ ਫ਼ਸਲ ਮੰਡੀਆਂ ਵਿੱਚ ਲਿਆਉਣ ਨੂੰ ਤਰਜੀਹ ਦੇਣ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖਰੀਦ ਅਤੇ ਲਿਫਟਿੰਗ ਦਾ ਕੰਮ ਲਗਾਤਾਰ ਜਾਰੀ ਹੈ। ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 22,753 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 18,277 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਖਰੀਦ ਏਜੰਸੀਆਂ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵੱਲੋਂ 9,544 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 4,404 ਮੀਟ੍ਰਿਕ ਟਨ, ਪਨਸਪ ਵੱਲੋਂ 2,837 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਗੋਦਾਮ ਨਿਗਮ ਵੱਲੋਂ 1,491 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਉਨ੍ਹਾਂ ਨੂੰ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਖਰੀਦ ਪ੍ਰਕਿਰਿਆ ਵਿੱਚ ਤੇਜ਼ੀ ਬਣਾਈ ਰੱਖਣ ਅਤੇ ਖਰੀਦੇ ਗਏ ਝੋਨੇ ਦੀ ਸਮੇਂ ਸਿਰ ਲਿਫਟਿੰਗ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਮੰਡੀਆਂ ਵਿੱਚ ਫ਼ਸਲ ਦੀ ਆਮਦ ਅਤੇ ਖਰੀਦ ਦਾ ਕੰਮ ਨਿਰਵਿਘਨ ਜਾਰੀ ਰਹੇ।
Get all latest content delivered to your email a few times a month.