IMG-LOGO
ਹੋਮ ਪੰਜਾਬ : ਪ੍ਰਧਾਨ ਮੰਤਰੀ ਧਨ-ਧਾਨਿਆ ਕ੍ਰਿਸ਼ੀ ਯੋਜਨਾ ਦਾ ਇੱਕ ਸਾਲ ਮੁਕੰਮਲ: ਕੇਂਦਰੀ...

ਪ੍ਰਧਾਨ ਮੰਤਰੀ ਧਨ-ਧਾਨਿਆ ਕ੍ਰਿਸ਼ੀ ਯੋਜਨਾ ਦਾ ਇੱਕ ਸਾਲ ਮੁਕੰਮਲ: ਕੇਂਦਰੀ ਖੇਤੀਬਾੜੀ ਮੰਤਰੀ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਦੇ ਕੰਮਾਂ ਦੀ ਵਿਸ਼ੇਸ਼ ਸ਼ਲਾਘਾ

.

.

Admin user - Oct 13, 2026 10:54 PM
IMG

ਜਗਦੀਸ਼ ਥਿੰਦ 
ਫਾਜ਼ਿਲਕਾ, 13 ਅਕਤੂਬਰ

ਭਾਰਤ ਸਰਕਾਰ ਦੀ ਮਹੱਤਵਪੂਰਨ ਪਹਿਲਕਦਮੀ ਪ੍ਰਧਾਨ ਮੰਤਰੀ ਧਨ-ਧਾਨਿਆ ਕ੍ਰਿਸ਼ੀ ਯੋਜਨਾ (PM-DDKY) ਦਾ ਇੱਕ ਸਾਲ ਪੂਰਾ ਹੋਣ ਮੌਕੇ ਨਵੀਂ ਦਿੱਲੀ ਸਥਿਤ ਪੂਸਾ ਕੈਂਪਸ ਵਿਖੇ ਵਿਸ਼ੇਸ਼ ਰਾਸ਼ਟਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਦੇਸ਼ ਦੇ 100 ਚੁਣੇ ਹੋਏ ਜ਼ਿਲ੍ਹਿਆਂ ਵਿੱਚ ਯੋਜਨਾ ਅਧੀਨ ਹੋਈ ਪ੍ਰਗਤੀ ਦੀ ਸਮੀਖਿਆ ਕੀਤੀ ਗਈ ਅਤੇ ਖੇਤੀਬਾੜੀ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਨੂੰ ਉਜਾਗਰ ਕੀਤਾ ਗਿਆ।

ਪ੍ਰਧਾਨ ਮੰਤਰੀ ਧਨ-ਧਾਨਿਆ ਕ੍ਰਿਸ਼ੀ ਯੋਜਨਾ ਦਾ ਮੁੱਖ ਉਦੇਸ਼  ਵੱਖ-ਵੱਖ ਕੇਂਦਰੀ ਅਤੇ ਰਾਜ ਸਰਕਾਰ ਦੀਆਂ ਯੋਜਨਾਵਾਂ ਨੂੰ ਆਪਸੀ ਤਾਲਮੇਲ ਨਾਲ ਲਾਗੂ ਕਰਕੇ ਖੇਤੀਬਾੜੀ ਖੇਤਰ ਦਾ ਸਮੁੱਚਾ ਵਿਕਾਸ ਯਕੀਨੀ ਬਣਾਉਣਾ ਹੈ। ਇਹ ਯੋਜਨਾ ਕਿਸੇ ਇੱਕ ਫ਼ਸਲ ਜਾਂ ਵਿਭਾਗ ਤੱਕ ਸੀਮਿਤ ਨਾ ਹੋ ਕੇ ਖੇਤੀਬਾੜੀ ਉਤਪਾਦਕਤਾ ਵਿੱਚ ਵਾਧਾ ਕਰਨ, ਸਿੰਚਾਈ ਸਹੂਲਤਾਂ ਵਿੱਚ ਸੁਧਾਰ ਲਿਆਉਣ, ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ, ਖੇਤੀ ਉਤਪਾਦਾਂ ਦੇ ਭੰਡਾਰਨ ਦੀ ਸਮਰੱਥਾ ਵਧਾਉਣ, ਕਿਸਾਨਾਂ ਲਈ ਕਰਜ਼ੇ ਦੀ ਉਪਲਬਧਤਾ ਸੁਖਾਲੀ ਬਣਾਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ’ਤੇ ਕੇਂਦਰਿਤ ਹੈ।

ਇਸ ਸਮਾਗਮ ਵਿੱਚ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਯੋਜਨਾ ਅਧੀਨ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਜ਼ਿਲ੍ਹਿਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਫਾਜ਼ਿਲਕਾ ਜ਼ਿਲ੍ਹੇ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਵਿਸ਼ੇਸ਼ ਤੌਰ ’ਤੇ ਪ੍ਰਸ਼ੰਸਾ ਕੀਤੀ ਗਈ, ਜੋ ਜ਼ਿਲ੍ਹੇ ਦੇ ਖੇਤੀਬਾੜੀ ਵਿਭਾਗ ਅਤੇ ਕਿਸਾਨਾਂ ਲਈ ਮਾਣ ਵਾਲੀ ਗੱਲ ਹੈ।

ਰਾਸ਼ਟਰੀ ਪੱਧਰ ਦੇ ਇਸ ਸਮਾਗਮ ਵਿੱਚ ਫਾਜ਼ਿਲਕਾ ਜ਼ਿਲ੍ਹੇ ਦੇ ਖੇਤੀਬਾੜੀ ਖੇਤਰ ਨਾਲ ਸਬੰਧਤ ਪ੍ਰਮੁੱਖ ਅਧਿਕਾਰੀਆਂ, ਵਿਗਿਆਨੀਆਂ ਅਤੇ ਅਗਾਂਹਵਧੂ ਕਿਸਾਨ ਨੇ ਭਾਗ ਲਿਆ। ਇਨ੍ਹਾਂ ਵਿੱਚ ਸ਼੍ਰੀਮਤੀ ਬਬੀਤਾ ਕਲੇਰ (ਆਈ.ਏ.ਐੱਸ) , ਕਮਿਸ਼ਨਰ ਖੇਤੀਬਾੜੀ, ਸ਼੍ਰੀ ਕੁਲਵੰਤ ਸਿੰਘ, ਮੁੱਖ ਖੇਤੀਬਾੜੀ ਅਫ਼ਸਰ, ਫਾਜ਼ਿਲਕਾ, ਖੇਤੀਬਾੜੀ ਵਿਗਿਆਨੀ ਡਾ. ਅਰਵਿੰਦ ਅਹਲਾਵਤ, ਖੇਤੀਬਾੜੀ ਵਿਕਾਸ ਅਫ਼ਸਰ ਸ਼੍ਰੀ ਲਵਪ੍ਰੀਤ ਸਿੰਘ ਅਤੇ ਫਾਜ਼ਿਲਕਾ ਦੇ ਅਗਾਂਹਵਧੂ ਕਿਸਾਨ ਸ਼੍ਰੀ ਬਲਜੀਤ ਸਿੰਘ ਸ਼ਾਮਲ ਸਨ।

ਯੋਜਨਾ ਤਹਿਤ ਫਾਜ਼ਿਲਕਾ ਜ਼ਿਲ੍ਹੇ ਵਿੱਚ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਦਾ ਉਦੇਸ਼ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ, ਬਿਹਤਰ ਸਹੂਲਤਾਂ ਅਤੇ ਆਮਦਨ ਦੇ ਨਵੇਂ ਮੌਕੇ ਮੁਹੱਈਆ ਕਰਵਾਉਣਾ ਹੈ। ਵੱਖ-ਵੱਖ ਵਿਭਾਗਾਂ ਦੇ ਆਪਸੀ ਤਾਲਮੇਲ ਰਾਹੀਂ ਖੇਤੀਬਾੜੀ ਦੀ ਉਤਪਾਦਕਤਾ ਵਧਾਉਣ, ਸਰੋਤਾਂ ਦੀ ਸੁਚੱਜੀ ਵਰਤੋਂ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਰਥਿਕ ਸਥਿਤੀ ਵਿੱਚ ਸੁਧਾਰ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ।

ਫਾਜ਼ਿਲਕਾ ਜ਼ਿਲ੍ਹੇ ਦੇ ਕੰਮਾਂ ਦੀ ਰਾਸ਼ਟਰੀ ਪੱਧਰ ’ਤੇ ਹੋਈ ਸ਼ਲਾਘਾ ਜ਼ਿਲ੍ਹੇ ਲਈ ਵਿਸ਼ੇਸ਼ ਮਾਣ  ਵਾਲੀ ਪ੍ਰਾਪਤੀ ਹੈ। ਇਹ ਪ੍ਰਾਪਤੀ ਜਿਲ੍ਹਾ ਪ੍ਰਸ਼ਾਸਨ , ਖੇਤੀਬਾੜੀ ਵਿਭਾਗ, ਵਿਗਿਆਨੀਆਂ, ਹੋਰ ਸਬੰਧਤ ਵਿਭਾਗਾਂ ਅਤੇ ਕਿਸਾਨਾਂ ਦੇ ਸਾਂਝੇ ਯਤਨਾਂ ਨੂੰ ਦਰਸਾਉਂਦੀ ਹੈ। ਇਸ ਨਾਲ ਜ਼ਿਲ੍ਹੇ ਵਿੱਚ ਖੇਤੀਬਾੜੀ ਦੇ ਟਿਕਾਊ ਵਿਕਾਸ, ਫ਼ਸਲੀ ਵਿਭਿੰਨਤਾ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧੇ ਲਈ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਹੁਲਾਰਾ ਮਿਲਣ ਦੀ ਉਮੀਦ ਹੈ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.