ਤਾਜਾ ਖਬਰਾਂ
ਜਗਦੀਸ਼ ਥਿੰਦ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਅਕਤੂਬਰ:
ਜ਼ਿਲ੍ਹਾ ਪ੍ਰਸ਼ਾਸਨ ਅਤੇ ਖ਼ਰੀਦ ਏਜੰਸੀਆਂ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ, ਤਾਂ ਜੋ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ ਅਤੇ ਕਿਸਾਨਾਂ ਦੀ ਫ਼ਸਲ ਦੀ ਸਮੇਂ ਸਿਰ ਖ਼ਰੀਦ ਯਕੀਨੀ ਬਣਾਈ ਜਾ ਸਕੇ।
ਜ਼ਿਲ੍ਹੇ ਦੀਆਂ 20 ਖ਼ਰੀਦ ਕੇਂਦਰਾਂ ਵਾਲੀਆਂ ਮੰਡੀਆਂ ਵਿੱਚ ਹੁਣ ਤੱਕ ਝੋਨੇ ਦੀ ਕੁੱਲ ਆਮਦ 94,330 ਮੀਟ੍ਰਿਕ ਟਨ ਦਰਜ ਕੀਤੀ ਗਈ ਹੈ, ਜਿਸ ਵਿੱਚੋਂ 93,865 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਮੰਡੀਆਂ ਵਿੱਚੋਂ ਲਿਫਟਿੰਗ ਵੀ ਨਿਰੰਤਰ ਕੀਤੀ ਜਾ ਰਹੀ ਹੈ, ਹੁਣ ਤੱਕ 50614 ਮੀਟ੍ਰਿਕ ਟਨ ਤੋਂ ਵਧੇਰੇ ਫ਼ਸਲ ਚੁੱਕੀ ਗਈ ਹੈ।
ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਵਾਤਾਵਰਣ ਦੀ ਸੁਰੱਖਿਆ ਅਤੇ ਮਿੱਟੀ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਵੀ ਕੀਤੀ ਹੈ। ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ ਹੈ, ਤਾਂ ਜੋ ਪਰਾਲੀ ਸਾੜਨ ਨਾਲ ਹੋਣ ਵਾਲੇ ਹਵਾ ਪ੍ਰਦੂਸ਼ਣ ਨੂੰ ਰੋਕਿਆ ਜਾ ਸਕੇ।
ਇਸੇ ਤਰ੍ਹਾਂ, ਕੰਬਾਈਨ ਮਾਲਕਾਂ ਅਤੇ ਚਾਲਕਾਂ ਨੂੰ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਝੋਨੇ ਦੀ ਕਟਾਈ ਕਰਨ ਦੀ ਹਦਾਇਤ ਦਿੱਤੀ ਗਈ ਹੈ। ਇਸ ਦਾ ਉਦੇਸ਼ ਝੋਨੇ ਵਿੱਚ ਨਮੀ ਦੀ ਮਾਤਰਾ ਨੂੰ ਨਿਰਧਾਰਤ ਮਾਪਦੰਡਾਂ ਅਨੁਸਾਰ ਰੱਖਣਾ ਅਤੇ ਮੰਡੀਆਂ ਵਿੱਚ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਉਣਾ ਹੈ।
ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਖ਼ਰੀਦ ਏਜੰਸੀਆਂ ਨਾਲ ਸਹਿਯੋਗ ਕਰਨ, ਨਿਰਧਾਰਤ ਸਮੇਂ ਅਨੁਸਾਰ ਝੋਨੇ ਦੀ ਕਟਾਈ ਕਰਨ ਅਤੇ ਪਰਾਲੀ ਦੇ ਵਾਤਾਵਰਣ ਪੱਖੀ ਪ੍ਰਬੰਧਨ ਨੂੰ ਤਰਜੀਹ ਦੇਣ ਦੀ ਅਪੀਲ ਕੀਤੀ ਹੈ।
Get all latest content delivered to your email a few times a month.