IMG-LOGO
ਹੋਮ ਪੰਜਾਬ : ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਿਹਤ ਵਿਭਾਗ ਵੱਲੋਂ ਵੱਖ-ਵੱਖ ਪਿੰਡਾਂ...

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਿਹਤ ਵਿਭਾਗ ਵੱਲੋਂ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਜਾਗਰੂਕਤਾ ਪ੍ਰੋਗਰਾਮ ਆਯੋਜਿਤ

ਨਸ਼ਿਆਂ ਦੇ ਸਮਾਜਿਕ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ, ਨਸ਼ਾ ਪੀੜਤਾਂ ਨੂੰ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ

.

Admin user - Oct 15, 2026 03:00 PM
IMG

ਜਗਦੀਸ਼ ਥਿੰਦ 
ਫ਼ਰੀਦਕੋਟ, 15 ਅਕਤੂਬਰ

 ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਿਵਲ ਸਰਜਨ ਫ਼ਰੀਦਕੋਟ ਡਾ. ਰਮਨਦੀਪ ਸਿੰਗਲਾ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਡਾ. ਵਿਸ਼ਵਦੀਪ ਗੋਇਲ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤੇ ਗਏ। ਇਨ੍ਹਾਂ ਪ੍ਰੋਗਰਾਮਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਉਣਾ ਸੀ।

ਇਸ ਮੁਹਿੰਮ ਤਹਿਤ ਪੰਜਗਰਾਈਂ ਕਲਾਂ, ਪਿੰਡ ਪਿੱਪਲੀ ਅਤੇ ਪਿੰਡ ਅਰਾਈਆਂਵਾਲਾ ਕਲਾਂ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਏ ਗਏ। ਇਸ ਤੋਂ ਇਲਾਵਾ ਫ਼ਰੀਦਕੋਟ ਸ਼ਹਿਰ ਦੇ ਦਸਮੇਸ਼ ਨਗਰ ਅਤੇ ਨਸ਼ਿਆਂ ਤੋਂ ਵਧੇਰੇ ਪ੍ਰਭਾਵਿਤ ਇਲਾਕਿਆਂ ਵਿੱਚ ਵੀ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਇਨ੍ਹਾਂ ਪ੍ਰੋਗਰਾਮਾਂ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਨਸ਼ਿਆਂ ਦੀ ਲਤ ਕਾਰਨ ਸਿਹਤ, ਪਰਿਵਾਰਕ ਜੀਵਨ ਅਤੇ ਸਮਾਜਿਕ ਰਿਸ਼ਤਿਆਂ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

ਕਮਿਊਨਿਟੀ ਹੈਲਥ ਸੈਂਟਰ ਬਾਜਾਖਾਨਾ ਵੱਲੋਂ ਪਿੰਡ ਪਿੱਪਲੀ ਵਿਖੇ ਸਮੂਹ ਚਰਚਾ ਸੈਸ਼ਨ ਕਰਵਾਇਆ ਗਿਆ, ਜਿਸ ਦਾ ਵਿਸ਼ਾ ‘ਨਸ਼ਿਆਂ ਦੀ ਦੁਰਵਰਤੋਂ ਦੇ ਸਮਾਜਿਕ ਪ੍ਰਭਾਵ’ ਸੀ। ਇਸ ਸੈਸ਼ਨ ਦੌਰਾਨ ਨਸ਼ਿਆਂ ਕਾਰਨ ਪਰਿਵਾਰਾਂ ਵਿੱਚ ਪੈਦਾ ਹੋਣ ਵਾਲੀਆਂ ਸਮੱਸਿਆਵਾਂ, ਆਰਥਿਕ ਨੁਕਸਾਨ, ਸਮਾਜਿਕ ਸਬੰਧਾਂ ਵਿੱਚ ਵਿਗਾੜ ਅਤੇ ਨੌਜਵਾਨਾਂ ਦੇ ਭਵਿੱਖ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਲੋਕਾਂ ਨੂੰ ਸਮਝਾਇਆ ਗਿਆ ਕਿ ਨਸ਼ਿਆਂ ਦੀ ਸਮੱਸਿਆ ਸਿਰਫ਼ ਇੱਕ ਵਿਅਕਤੀ ਤੱਕ ਸੀਮਤ ਨਹੀਂ ਰਹਿੰਦੀ, ਸਗੋਂ ਇਸ ਦਾ ਅਸਰ ਪੂਰੇ ਪਰਿਵਾਰ ਅਤੇ ਸਮਾਜ ’ਤੇ ਪੈਂਦਾ ਹੈ। ਇਸ ਲਈ ਨਸ਼ਿਆਂ ਦੀ ਰੋਕਥਾਮ ਲਈ ਪਰਿਵਾਰ, ਸਮਾਜ ਅਤੇ ਸਿਹਤ ਵਿਭਾਗ ਨੂੰ ਮਿਲ ਕੇ ਯਤਨ ਕਰਨ ਦੀ ਲੋੜ ਹੈ।

ਇਸੇ ਲੜੀ ਤਹਿਤ ਪੰਜਗਰਾਈਂ ਕਲਾਂ ਦੀ ਢਾਕਾ ਬਸਤੀ ਅਤੇ ਪਿੰਡ ਅਰਾਈਆਂਵਾਲਾ ਕਲਾਂ ਵਿਖੇ ਵੀ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ। ਇਨ੍ਹਾਂ ਦੌਰਾਨ ਲੋਕਾਂ ਨੂੰ ਨਸ਼ਿਆਂ ਦੀ ਲਤ ਦੇ ਸ਼ੁਰੂਆਤੀ ਸੰਕੇਤਾਂ ਨੂੰ ਪਛਾਣਨ, ਨਸ਼ਿਆਂ ਤੋਂ ਬਚਾਅ ਕਰਨ ਅਤੇ ਨਸ਼ੇ ਦੀ ਸਮੱਸਿਆ ਨਾਲ ਜੂਝ ਰਹੇ ਵਿਅਕਤੀਆਂ ਨੂੰ ਸਹੀ ਇਲਾਜ ਲਈ ਪ੍ਰੇਰਿਤ ਕਰਨ ਬਾਰੇ ਜਾਣਕਾਰੀ ਦਿੱਤੀ ਗਈ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਆਲੇ-ਦੁਆਲੇ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਅਤੇ ਨੌਜਵਾਨਾਂ ਨੂੰ ਖੇਡਾਂ, ਸਿੱਖਿਆ ਅਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੁੜਨ ਲਈ ਉਤਸ਼ਾਹਿਤ ਕਰਨ।

ਫ਼ਰੀਦਕੋਟ ਸ਼ਹਿਰ ਦੇ ਦਸਮੇਸ਼ ਨਗਰ ਵਿਖੇ ਵੀ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਨ੍ਹਾਂ ਪ੍ਰੋਗਰਾਮਾਂ ਵਿੱਚ ਯੂ.ਪੀ.ਐੱਚ.ਸੀ. ਬਲਬੀਰ ਬਸਤੀ ਅਤੇ ਯੂ.ਪੀ.ਐੱਚ.ਸੀ. ਬਾਜ਼ੀਗਰ ਬਸਤੀ, ਫ਼ਰੀਦਕੋਟ ਨਾਲ ਸਬੰਧਤ ਓ.ਓ.ਏ.ਟੀ. ਕੇਂਦਰਾਂ ਵੱਲੋਂ ਭਾਗ ਲਿਆ ਗਿਆ। ਇਸ ਮੌਕੇ ਲੋਕਾਂ ਨੂੰ ਨਸ਼ਾ ਛੱਡਣ ਲਈ ਉਪਲਬਧ ਇਲਾਜ ਸੇਵਾਵਾਂ ਅਤੇ ਸਿਹਤ ਵਿਭਾਗ ਵੱਲੋਂ ਦਿੱਤੀ ਜਾਂਦੀ ਸਹਾਇਤਾ ਬਾਰੇ ਜਾਣੂ ਕਰਵਾਇਆ ਗਿਆ। ਲੋਕਾਂ ਨੂੰ ਦੱਸਿਆ ਗਿਆ ਕਿ ਨਸ਼ੇ ਦੀ ਲਤ ਇੱਕ ਅਜਿਹੀ ਸਮੱਸਿਆ ਹੈ, ਜਿਸ ਦਾ ਸਹੀ ਇਲਾਜ ਅਤੇ ਮਾਹਿਰਾਂ ਦੀ ਸਹਾਇਤਾ ਨਾਲ ਪ੍ਰਬੰਧਨ ਕੀਤਾ ਜਾ ਸਕਦਾ ਹੈ। ਇਸ ਲਈ ਨਸ਼ਾ ਪੀੜਤ ਵਿਅਕਤੀਆਂ ਨੂੰ ਨਿਰਾਸ਼ ਕਰਨ ਜਾਂ ਉਨ੍ਹਾਂ ਨਾਲ ਭੇਦਭਾਵ ਕਰਨ ਦੀ ਬਜਾਏ ਇਲਾਜ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ।

ਇਸ ਤੋਂ ਇਲਾਵਾ ਨਸ਼ਿਆਂ ਦੇ ਹੌਟਸਪੌਟ ਵਜੋਂ ਜਾਣੇ ਜਾਂਦੇ ਇਲਾਕਿਆਂ ਵਿੱਚ ਵੀ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ, ਤਾਂ ਜੋ ਨਸ਼ਿਆਂ ਦੀ ਰੋਕਥਾਮ ਸਬੰਧੀ ਸੰਦੇਸ਼ ਘਰ-ਘਰ ਤੱਕ ਪਹੁੰਚਾਇਆ ਜਾ ਸਕੇ। ਇਨ੍ਹਾਂ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਨਸ਼ਿਆਂ ਦੀ ਸਪਲਾਈ ਅਤੇ ਵਰਤੋਂ ਨੂੰ ਰੋਕਣ ਲਈ ਜਾਗਰੂਕ ਰਹਿਣ, ਨੌਜਵਾਨਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਲੋੜ ਪੈਣ ’ਤੇ ਸਿਹਤ ਵਿਭਾਗ ਦੀ ਮਦਦ ਲੈਣ ਲਈ ਪ੍ਰੇਰਿਤ ਕੀਤਾ ਗਿਆ।

 ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਵਿੱਚ ਵੱਧ-ਚੜ੍ਹ ਕੇ ਸਹਿਯੋਗ ਦੇਣ ਅਤੇ ਨਸ਼ਾ ਮੁਕਤ, ਸਿਹਤਮੰਦ ਤੇ ਸੁਰੱਖਿਅਤ ਸਮਾਜ ਦੀ ਸਿਰਜਣਾ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.