IMG-LOGO
ਹੋਮ ਪੰਜਾਬ : ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ...

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਪਿੰਡ ਮਿੱਡੇ ਮਾਜਰਾ ਵਿਖੇ 76 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਵੰਡੇ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਲੋਕ ਆਪਣੀ ਜਾਇਦਾਦ ਦੇ ਅਸਲ ਮਾਲਕ ਬਣ ਸਕੇ: ਕੁਲਵੰਤ ਸਿੰਘ

ਪਿੰਡ ਮਿੱਡੇ ਮਾਜਰਾ ਵਿੱਚ ਲੋਕਾਂ ਦੀ ਮੰਗ ’ਤੇ ਜਲਦ ਬਣਾਇਆ ਜਾਵੇਗਾ ਖੇਡ ਮੈਦਾਨ: ਵਿਧਾਇਕ

Admin user - Oct 16, 2026 04:33 PM
IMG

ਜਗਦੀਸ਼ ਥਿੰਦ 
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਅਕਤੂਬਰ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ-ਪੱਖੀ ਯੋਜਨਾਵਾਂ ਨੂੰ ਅਮਲੀ ਰੂਪ ਦੇਣ ਦੇ ਨਾਲ-ਨਾਲ ਸੂਬੇ ਦੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾ ਰਹੀ ਹੈ। ਇਹ ਪ੍ਰਗਟਾਵਾ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਮਿੱਡੇ ਮਾਜਰਾ ਵਿਖੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ 76 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਵੰਡਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਪਿੰਡਾਂ ਵਿੱਚ ਆਪਣੇ ਮਕਾਨਾਂ ਵਿੱਚ ਰਹਿ ਰਹੇ ਪਰਿਵਾਰਾਂ ਨੂੰ ਉਨ੍ਹਾਂ ਦੀ ਜਾਇਦਾਦ ਦੇ ਮਾਲਕੀ ਦਸਤਾਵੇਜ਼ ਮੁਹੱਈਆ ਕਰਵਾਉਣਾ ਹੈ, ਤਾਂ ਜੋ ਉਹ ਆਪਣੀ ਰਿਹਾਇਸ਼ ਸਬੰਧੀ ਮਾਲਕੀ ਹੱਕਾਂ ਪ੍ਰਤੀ ਨਿਸ਼ਚਿੰਤ ਹੋ ਸਕਣ। ਉਨ੍ਹਾਂ ਕਿਹਾ ਕਿ ਮੋਹਾਲੀ ਵਿਧਾਨ ਸਭਾ ਹਲਕੇ ਦੇ ਹੁਣ ਤੱਕ 15 ਪਿੰਡਾਂ ਵਿੱਚ ਅਜਿਹੇ ਪ੍ਰਾਪਰਟੀ ਕਾਰਡ ਵੰਡੇ ਜਾ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਜਾਇਦਾਦ ਦੀ ਮਾਲਕੀ ਨੂੰ ਲੈ ਕੇ ਪੈਦਾ ਹੋਣ ਵਾਲੇ ਵਿਵਾਦਾਂ ਨੂੰ ਘਟਾਉਣ ਵਿੱਚ ਮਦਦ ਮਿਲੇਗੀ। ਜਾਇਦਾਦ ਸਬੰਧੀ ਮਾਲਕੀ ਦਸਤਾਵੇਜ਼ ਉਪਲਬਧ ਹੋਣ ਨਾਲ ਪਰਿਵਾਰਾਂ ਨੂੰ ਆਪਣੇ ਹੱਕਾਂ ਦੀ ਰਾਖੀ ਕਰਨ ਵਿੱਚ ਸਹੂਲਤ ਮਿਲੇਗੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਦੀ ਇਸ ਪਹਿਲਕਦਮੀ ਨਾਲ ਪਿੰਡਾਂ ਦੇ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ।

ਵਿਧਾਇਕ ਨੇ ਸਪੱਸ਼ਟ ਕੀਤਾ ਕਿ ਇਸ ਯੋਜਨਾ ਤਹਿਤ ਸਰਕਾਰੀ ਨੁਮਾਇੰਦਿਆਂ ਵੱਲੋਂ ਬਕਾਇਦਾ ਸਰਵੇਖਣ ਕਰਕੇ ਮਾਲਕੀ ਦਸਤਾਵੇਜ਼ ਤਿਆਰ ਕਰਵਾਏ ਗਏ ਹਨ। ਲਾਭਪਾਤਰੀਆਂ ਨੂੰ ਆਪਣੇ ਦਸਤਾਵੇਜ਼ ਪ੍ਰਾਪਤ ਕਰਨ ਲਈ ਅਦਾਲਤਾਂ ਜਾਂ ਵੱਖ-ਵੱਖ ਵਿਭਾਗਾਂ ਦੇ ਦਫ਼ਤਰਾਂ ਦੇ ਚੱਕਰ ਨਹੀਂ ਕੱਟਣੇ ਪਏ ਅਤੇ ਨਾ ਹੀ ਇਸ ਪ੍ਰਕਿਰਿਆ ਲਈ ਉਨ੍ਹਾਂ ਨੂੰ ਕੋਈ ਖਰਚਾ ਕਰਨਾ ਪਿਆ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਦੇ ਨਾਲ-ਨਾਲ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੀ ਉਪਰਾਲੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 3,000 ਤੋਂ ਵਧੇਰੇ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਅਤੇ ਮੋਹਾਲੀ ਵਿਧਾਨ ਸਭਾ ਹਲਕੇ ਵਿੱਚ 31 ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚੋਂ ਕਈ ਖੇਡ ਮੈਦਾਨ ਤਿਆਰ ਕਰਕੇ ਖਿਡਾਰੀਆਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ।

ਪਿੰਡ ਮਿੱਡੇ ਮਾਜਰਾ ਦੇ ਵਸਨੀਕਾਂ ਦੀ ਮੰਗ ਦਾ ਜ਼ਿਕਰ ਕਰਦਿਆਂ ਉਨ੍ਹਾਂ ਭਰੋਸਾ ਦਿੱਤਾ ਕਿ ਪਿੰਡ ਵਿੱਚ ਜਲਦੀ ਹੀ ਖੇਡ ਮੈਦਾਨ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਕਾਸ ਕਾਰਜਾਂ ਅਤੇ ਲੋਕ-ਪੱਖੀ ਯੋਜਨਾਵਾਂ ਨੂੰ ਭਵਿੱਖ ਵਿੱਚ ਵੀ ਲਗਾਤਾਰ ਅੱਗੇ ਵਧਾਉਂਦੀ ਰਹੇਗੀ।

ਇਸ ਮੌਕੇ ਸਰਪੰਚ ਮਲਕੀਤ ਕੌਰ ਪਤਨੀ ਸੁਖਵਿੰਦਰ ਸਿੰਘ, ਤਹਿਸੀਲਦਾਰ ਗੁਰਪ੍ਰੀਤ ਸਿੰਘ ਢਿੱਲੋਂ, ਹਰਵਿੰਦਰ ਸਿੰਘ, ਹਰਪ੍ਰੀਤ ਸਿੰਘ ਪੰਚ, ਸਤਨਾਮ ਸਿੰਘ ਸਰਪੰਚ ਤੇ ਬਲਾਕ ਪ੍ਰਧਾਨ, ਸੁਖਵਿੰਦਰ ਸਿੰਘ ਮਿੱਡੇ ਮਾਜਰਾ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਮਾਣਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਅਕਬਿੰਦਰ ਸਿੰਘ ਗੋਸਲ, ਅਮਰਜੀਤ ਸਿੰਘ ਸਿੰਧੂ, ਜਗਤਾਰ ਸਿੰਘ ਗੁਡਣਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.