ਤਾਜਾ ਖਬਰਾਂ
ਜਗਦੀਸ਼ ਥਿੰਦ
ਫਿਰੋਜ਼ਪੁਰ 17 ਅਕਤੂਬਰ:
ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ, ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਦੇ ਉਦੇਸ਼ ਨਾਲ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (CAQM) ਦੀ ਉੱਚ ਪੱਧਰੀ ਟੀਮ ਦੇ ਤਕਨੀਕੀ ਮੈਂਬਰ ਡਾ. ਟੀ.ਐੱਸ. ਪੰਵਾਰ ਅਤੇ ਵਿਗਿਆਨੀ-ਸੀ ਡਾ. ਧਨੰਜੇ ਕੁਮਾਰ ਵੱਲੋਂ ਫਿਰੋਜ਼ਪੁਰ ਜ਼ਿਲ੍ਹੇ ਦਾ ਦੌਰਾ ਕੀਤਾ ਗਿਆ| ਇਸ ਦੌਰਾਨ ਉਨ੍ਹਾਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਵੱਖ ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ|ਇਸ ਮੌਕੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ, ਡਿਪਟੀ ਕਮਿਸ਼ਨਰ ਫਰੀਦਕੋਟ ਰਾਹੁਲ ਚਾਬਾ ਅਤੇ ਐਸਐਸਪੀ ਭੁਪਿੰਦਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਵਾਲੇ ਹੋਟਸਪੋਟ ਖੇਤਰਾਂ, ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਮਸ਼ੀਨਰੀ ਦੀ ਉਪਲਬਧਤਾ, ਕਿਸਾਨਾਂ ਨੂੰ ਮਸ਼ੀਨਰੀ ਦੀ ਵਰਤੋਂ ਲਈ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਨਿਗਰਾਨੀ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਲਗਾਤਾਰ ਕੰਮ ਜਾਰੀ ਹੈ ਅਤੇ ਹਵਾ ਦੀ ਗੁਣਵੱਤਾ ’ਤੇ ਨਜ਼ਰ ਰੱਖਣ ਲਈ ਸੈਂਸਰ ਵੀ ਲਗਾਏ ਜਾਂ ਰਹੇ ਹਨ। ਉਨਾਂ ਅਧਿਕਾਰੀਆਂ ਤੋਂ ਪਿਛਲੇ ਸਾਲ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਅਤੇ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਦਿੱਤੀ ਜਾ ਰਹੀ ਮਸ਼ੀਨਰੀ ਦੀਂ ਗਿਣਤੀ ਆਦਿ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ|
ਇਸ ਮੌਕੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਘੱਟ ਤੋਂ ਘੱਟ ਕਰਦਿਆਂ ਜ਼ੀਰੋ ਤੱਕ ਲਿਆਉਣ ਲਈ ਪੂਰੀ ਸਰਗਰਮੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਮੰਗ ਅਨੁਸਾਰ ਜਿਥੇ ਸਬਸਿਡੀ ’ਤੇ ਉਨ੍ਹਾਂ ਨੂੰ ਆਧੁਨਿਕ ਖੇਤੀਬਾੜੀ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ, ਉਥੇ ਹੀ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਵੀ ਕੀਤਾ ਜਾਂਦਾ ਹੈ|
ਇਸ ਤੋਂ ਇਲਾਵਾ ਟੀਮ ਵੱਲੋਂ ਕੁਝ ਖੇਤਰਾਂ ਵਿੱਚ ਵੀ ਦੌਰਾ ਕੀਤਾ ਗਿਆ, ਦੌਰੇ ਦੌਰਾਨ ਟੀਮ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਣ ਅਤੇ ਹਵਾ ਦੀ ਗੁਣਵੱਤਾ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਫ਼ਸਲੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਨੂੰ ਅਪਣਾਉਣ ਦੀ ਅਪੀਲ ਕੀਤੀ। ਕਿਸਾਨਾਂ ਨੇ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਜਾਗਰੂਕਤਾ ਪ੍ਰਗਟ ਕਰਦਿਆਂ ਭਰੋਸਾ ਦਿੱਤਾ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੇ ਸੁਚੱਜੇ ਪ੍ਰਬੰਧਨ ਨੂੰ ਤਰਜੀਹ ਦੇਣਗੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕ੍ਰਿਸ਼ਨਾ ਪਾਲ ਰਾਜਪੂਤ, ਐਸਡੀਐਮ ਫਿਰੋਜ਼ਪੁਰ ਅਭਿਸ਼ੇਕ ਸ਼ਰਮਾ, ਐਲਡੀਐਮ ਜ਼ੀਰਾ ਸੂਰਜ ਕੁਮਾਰ, ਐਸਡੀਐਮ ਗੁਰੂਹਰਸਹਾਇ ਹਰਦੀਪ ਸਿੰਘ, ਐਕਸੀਅਨ ਪ੍ਰਦੂਸ਼ਣ ਕੰਟਰੋਲ ਬੋਰਡ ਰਵੀਪਾਲ, ਖੇਤੀਬਾੜੀ ਵਿਭਾਗ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ|
Get all latest content delivered to your email a few times a month.