ਤਾਜਾ ਖਬਰਾਂ
ਜਗਦੀਸ਼ ਥਿੰਦ
ਫ਼ਰੀਦਕੋਟ, 17 ਅਕਤੂਬਰ:
ਝੋਨੇ ਦੀ ਕਟਾਈ ਦੇ ਮੌਜੂਦਾ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਹਵਾ ਪ੍ਰਦੂਸ਼ਣ ’ਤੇ ਕਾਬੂ ਪਾਉਣ ਲਈ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (CAQM), ਨਵੀਂ ਦਿੱਲੀ ਦੀ ਉੱਚ ਪੱਧਰੀ ਟੀਮ ਵੱਲੋਂ ਫਰੀਦਕੋਟ ਜ਼ਿਲ੍ਹੇ ਦਾ ਦੌਰਾ ਕਰਕੇ ਜ਼ਮੀਨੀ ਪੱਧਰ ’ਤੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਟੀਮ ਦੀ ਅਗਵਾਈ ਡਾ. ਟੀ. ਐੱਸ. ਪੰਵਾਰ, ਮੈਂਬਰ (ਤਕਨੀਕੀ), ਸੀ.ਏ.ਕਿਊ.ਐੱਮ. ਨੇ ਕੀਤੀ, ਜਦਕਿ ਟੀਮ ਵਿੱਚ ਡਾ. ਧਨੰਜੈ ਕੁਮਾਰ, ਸਾਇੰਟਿਸਟ-ਸੀ , ਗੁਰਨਾਮ ਸਿੰਘ ਰਿਜਨਲ ਕੋਆਰਡੀਨੇਟਰ ਵੀ ਸ਼ਾਮਲ ਸਨ।
ਇਸ ਦੌਰਾਨ ਟੀਮ ਵੱਲੋਂ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਰਾਹੁਲ ਚਾਬਾ ਤੇ ਅਧਿਕਾਰੀਆਂ ਨਾਲ ਪਰਾਲੀ ਪ੍ਰਬੰਧਨ ਅਤੇ ਇਸ ਨੂੰ ਸਾੜਨ ਤੋਂ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਟੀਮ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਦੇ ਨਾਲ-ਨਾਲ ਕੁਝ ਪਿੰਡਾਂ ਦਾ ਦੌਰਾ ਕਰਕੇ ਮੌਜੂਦਾ ਸਥਿਤੀ ਦਾ ਮੁਲਾਂਕਣ ਵੀ ਕੀਤਾ ਗਿਆ।
ਦੌਰੇ ਦੌਰਾਨ ਟੀਮ ਨੇ ਪਰਾਲੀ ਦੇ ਖੇਤਾਂ ਵਿੱਚ ਹੀ ਪ੍ਰਬੰਧਨ (ਇਨ-ਸੀਟੂ) ਅਤੇ ਖੇਤਾਂ ਤੋਂ ਬਾਹਰ ਪ੍ਰਬੰਧਨ (ਐਕਸ-ਸੀਟੂ) ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਕੀਤੀ। ਇਸ ਵਿੱਚ ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਉਪਲਬਧਤਾ ਅਤੇ ਵਰਤੋਂ, ਜਿਲ੍ਹਾ ਪੱਧਰ ’ਤੇ ਨਿਗਰਾਨੀ ਅਤੇ ਵੱਖ-ਵੱਖ ਵਿਭਾਗਾਂ ਵਿਚਕਾਰ ਤਾਲਮੇਲ ਵਰਗੇ ਅਹਿਮ ਪਹਿਲੂ ਸ਼ਾਮਲ ਰਹੇ।
ਟੀਮ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਸੰਵੇਦਨਸ਼ੀਲ ਖੇਤਰਾਂ ਵਿੱਚ ਲਗਾਤਾਰ ਨਿਗਰਾਨੀ ਰੱਖਣ, ਸਮੇਂ ਸਿਰ ਕਾਰਵਾਈ ਕਰਨ ਅਤੇ ਸਬੰਧਤ ਵਿਭਾਗਾਂ ਵਿਚਕਾਰ ਪ੍ਰਭਾਵਸ਼ਾਲੀ ਤਾਲਮੇਲ ਬਣਾਈ ਰੱਖਣ ਦੀ ਲੋੜ ’ਤੇ ਜ਼ੋਰ ਦਿੱਤਾ। ਟੀਮ ਵੱਲੋਂ ਜ਼ਮੀਨੀ ਪੱਧਰ ’ਤੇ ਲਾਗੂ ਕੀਤੇ ਜਾ ਰਹੇ ਰੋਕਥਾਮ ਉਪਾਵਾਂ ਦਾ ਜਾਇਜ਼ਾ ਲੈ ਕੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕੀਤੇ ਜਾ ਰਹੇ ਯਤਨਾਂ ਦੀ ਸਮੀਖਿਆ ਕੀਤੀ ਗਈ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਘੱਟ ਤੋਂ ਘੱਟ ਕਰਦਿਆਂ ਜ਼ੀਰੋ ਤੱਕ ਲਿਆਉਣ ਲਈ ਪੂਰੀ ਸਰਗਰਮੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਮੰਗ ਅਨੁਸਾਰ ਜਿਥੇ ਸਬਸਿਡੀ ’ਤੇ ਉਨ੍ਹਾਂ ਨੂੰ ਆਧੁਨਿਕ ਖੇਤੀਬਾੜੀ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ, ਉਥੇ ਹੀ ਖੇਤੀਬਾੜੀ ਤੇ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ|
ਇਸ ਮੌਕੇ ਪ੍ਰੈੱਸ ਕਾਨਫਰੰਸ ਦੋਰਾਨ ਕੇਂਦਰੀ ਟੀਮ ਨੇ ਪਰਾਲੀ ਪ੍ਰਬੰਧਨ, ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਅਤੇ ਇਸ ਸਬੰਧੀ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਪਰਾਲੀ ਦੇ ਢੁਕਵੇਂ ਪ੍ਰਬੰਧਨ ਅਤੇ ਵਾਤਾਵਰਣ ਦੀ ਸੁਰੱਖਿਆ ਲਈ ਸਾਰੇ ਸਬੰਧਤ ਪੱਖਾਂ ਦੇ ਸਹਿਯੋਗ ਅਤੇ ਤਾਲਮੇਲ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ ਗਿਆ।
ਸੀ.ਏ.ਕਿਊ.ਐੱਮ. ਦੀ ਇਹ ਫੇਰੀ ਪੰਜਾਬ ਦੇ ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਪ੍ਰਬੰਧਨ ਸਬੰਧੀ ਉਪਰਾਲਿਆਂ ਦੀ ਲਗਾਤਾਰ ਨਿਗਰਾਨੀ ਅਤੇ ਸਮੀਖਿਆ ਦਾ ਹਿੱਸਾ ਹੈ। ਇਸ ਦਾ ਮੁੱਖ ਉਦੇਸ਼ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣਾ, ਹਵਾ ਪ੍ਰਦੂਸ਼ਣ ਨੂੰ ਘਟਾਉਣਾ ਅਤੇ ਵਾਤਾਵਰਣ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਹੈ।
ਇਸ ਮੌਕੇ ਡਾ. ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫਸਰ, ਡਾ. ਬਲਵਿੰਦਰ ਸਿੰਘ ਮੁੱਖ ਖੇਤੀਬਾੜੀ ਅਫਸਰ ਫਿਰੋਜਪੁਰ, ਐਕਸੀਅਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਰਮਨਦੀਪ ਸਿੰਘ, ਡਾ. ਗੁਰਪ੍ਰੀਤ ਸਿੰਘ ਏਡੀਓ, ਸ਼ੁਭ ਕਰਮਨ ਸਿੰਘ ਪ੍ਰਦੂਸ਼ਣ ਕੰਟਰੋਲ ਬੋਰਡ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
Get all latest content delivered to your email a few times a month.