ਤਾਜਾ ਖਬਰਾਂ
ਜਗਦੀਸ਼ ਥਿੰਦ
ਫ਼ਰੀਦਕੋਟ, 31 ਅਕਤੂਬਰ
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕੋਟਕਪੂਰਾ ਸਬ ਡਵੀਜਨ ਦੇ ਹਾਟ ਸਪਾਟ ਪਿੰਡ ਢਿੱਲਵਾਂ ਕਲਾਂ ਵਿਖੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸ੍ਰੀ ਸੁਖਜੀਤ ਸਿੰਘ ਢਿੱਲਵਾਂ ਉਪ ਚੇਅਰਮੈਨ ਪੇਡਾ, ਐਸ.ਐਸ.ਪੀ. ਫ਼ਰੀਦਕੋਟ ਸ. ਗੁਰਬੰਸ ਸਿੰਘ ਬੈਂਸ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਕੇਸ਼ਵ ਗੋਇਲ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।
ਇਸ ਮੌਕੇ ਸ੍ਰੀ ਸੁਖਜੀਤ ਸਿੰਘ ਢਿੱਲਵਾਂ ਉਪ ਚੇਅਰਮੈਨ ਪੇਡਾ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਸਫ਼ਲ ਬਣਾਉਣ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਨਸ਼ੇ ਸਿਰਫ਼ ਇੱਕ ਵਿਅਕਤੀ ਨੂੰ ਹੀ ਨਹੀਂ ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਪ੍ਰਭਾਵਿਤ ਕਰਦੇ ਹਨ। ਇਸ ਲਈ ਸਾਨੂੰ ਸਾਰਿਆਂ ਨੂੰ ਇਕਜੁੱਟ ਹੋ ਕੇ ਨਸ਼ਿਆਂ ਦੇ ਖਾਤਮੇ ਲਈ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ, ਸਿੱਖਿਆ ਅਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੁੜਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਦਾ ਟੀਚਾ ਹਾਸਲ ਕੀਤਾ ਜਾ ਸਕਦਾ ਹੈ।
ਇਸ ਮੌਕੇ ਐਸ.ਐਸ.ਪੀ. ਫ਼ਰੀਦਕੋਟ ਸ. ਗੁਰਬੰਸ ਸਿੰਘ ਬੈਂਸ ਨੇ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਜਾਗਰੂਕਤਾ ਗਤੀਵਿਧੀਆਂ ਵੀ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ਾ ਵੇਚਣ ਜਾਂ ਇਸ ਨਾਲ ਸਬੰਧਤ ਕਿਸੇ ਵੀ ਗਤੀਵਿਧੀ ਬਾਰੇ ਪੁਲਿਸ ਨੂੰ ਜਾਣਕਾਰੀ ਦੇਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਆਪਣਾ ਸਹਿਯੋਗ ਪਾਉਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਕੇਸ਼ਵ ਗੋਇਲ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਨਸ਼ਿਆਂ ਦੇ ਖਾਤਮੇ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਾਂਝੇ ਤੌਰ ਤੇ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 13 ਹੌਟਸਪੌਟ ਖੇਤਰਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਵਿੱਚ ਪਿੰਡ ਢਿੱਲਵਾਂ ਕਲਾਂ ਵੀ ਸ਼ਾਮਲ ਹੈ। ਇਨ੍ਹਾਂ ਖੇਤਰਾਂ ਵਿੱਚ ਨਸ਼ਿਆਂ ਦੀ ਰੋਕਥਾਮ ਦੇ ਨਾਲ-ਨਾਲ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਮਿਲ ਕੇ ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਉਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਖਾਤਮੇ ਲਈ ਪ੍ਰਸ਼ਾਸਨ ਦਾ ਸਾਥ ਦੇਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਆਪਣੀ ਬਣਦੀ ਭੂਮਿਕਾ ਨਿਭਾਉਣ।
ਇਸ ਮੌਕੇ ਤੇ ਤਹਿਸੀਲਦਾਰ ਕੋਟਕਪੂਰਾ ਪਰਮਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
Get all latest content delivered to your email a few times a month.