ਤਾਜਾ ਖਬਰਾਂ
ਜਗਦੀਸ਼ ਥਿੰਦ
ਫਾਜ਼ਿਲਕਾ,2 ਨਵੰਬਰ ;
ਸਿਵਲ ਸਰਜਨ ਡਾ. ਕਵਿਤਾ ਸਿੰਘ ਦੀ ਉਚੇਚੀ ਨਿਗਰਾਨੀ ਅਤੇ ਜ਼ਿਲ੍ਹਾ ਨੋਡਲ ਅਫਸਰ ਡਾ. ਪੰਕਜ ਚੌਹਾਨ ਦੀ ਅਗਵਾਈ ਹੇਠ ਕੋਟਪਾ ਐਕਟ ਸਬੰਧੀ ਮੀਟਿੰਗ ਕੀਤੀ ਗਈ। ਜਿਸ ਵਿੱਚ ਜ਼ਿਲ੍ਹਾ ਐਪੀਡਿਮਾਲੋਜਿਸਟ ਡਾ. ਸੁਨੀਤਾ ਕੰਬੋਜ਼, ਮਾਸ ਮੀਡੀਆ ਵਿੰਗ ਤੋਂ ਮਨਬੀਰ ਸਿੰਘ, ਦਿਵੇਸ਼ ਕੁਮਾਰ, ਸੁਖਦੇਵ ਸਿੰਘ, ਵੱਖ-ਵੱਖ ਬਲਾਕਾਂ ਅਤੇ ਸਿਹਤ ਸੰਸਥਾਵਾਂ ਦੇ ਐਸ.ਆਈ ਅਤੇ ਮਲਟੀ ਪਰਪਜ਼ ਹੈਲਥ ਵਰਕਰ ਸ਼ਾਮਲ ਹੋਏ। ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਹਰ ਸਾਲ 1 ਨਵੰਬਰ ਨੂੰ ਰਾਜ ਨੋ ਤੰਬਾਕੂ ਦਿਵਸ ਮਨਾਇਆ ਜਾਂਦਾ ਹੈ। ਅੱਜ ਇਸ ਮੌਕੇ ਤੇ ਕੀਤੀ ਗਈ ਮੀਟਿੰਗ ਦੌਰਾਨ ਤੰਬਾਕੂ ਵਰਤੋਂ ਤੇ ਰੋਕ ਲਗਾਉਣ, ਕੋਟਪਾ ਐਕਟ (COTPA) ਦੀ ਸੰਪੂਰਨ ਪਾਲਣਾ ਅਤੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਹਦਾਇਤਾਂ ਦਿੰਦੇ ਹੋਏ ਕਿਹਾ ਕਿ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਜੁਰਮਾਨਾ ਕੀਤਾ ਜਾਵੇ ਅਤੇ ਤੰਬਾਕੂ ਦੇ ਸਿਹਤ 'ਤੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ। ਵਿੱਦਿਅਕ ਅਦਾਰਿਆਂ ਵਿੱਚ ਵੱਖ-ਵੱਖ ਤਰ੍ਹਾਂ ਦੀ ਜਾਗਰੂਕਤਾ ਗਤੀਵਿਧੀਆਂ ਉਲੀਕਿਆਂ ਜਾਣ ਤਾਂ ਜੋ ਇਸ ਦੇ ਮਾੜੇ ਪ੍ਰਭਾਵਾਂ ਤੋਂ ਬੱਚਿਆਂ ਨੂੰ ਜਾਗਰੂਕ ਕੀਤਾ ਜਾ ਸਕੇ।
ਉਨ੍ਹਾਂ ਦੱਸਿਆ ਕਿ ਪੰਜਾਬ ਡਰੱਗ ਐਂਡ ਕਾਸਮੈਟਿਕ ਐਕਟ ਤਹਿਤ ਈ-ਸਿਗਰੇਟ ਨੂੰ ਪਹਿਲਾਂ ਤੋਂ ਹੀ ਅਪ੍ਰਵਾਨਿਤ ਨਸ਼ਾ ਐਲਾਨਿਆ ਹੋਇਆ ਹੈ। ਇਸ ਦੀ ਵਿਕਰੀ ਕਰਨ ਵਾਲੇ 'ਤੇ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ।
ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਵੱਧ ਤੋਂ ਵੱਧ ਚਾਲਾਨ ਕੀਤੇ ਜਾਣ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਉਨ੍ਹਾਂ ਦੇ ਏਰੀਆ ਅੰਦਰ ਜਿਨ੍ਹਾਂ ਦੁਕਾਨਾਂ/ ਵੈਂਡਰਾਂ ਵੱਲੋਂ ਤੰਬਾਕੂ ਉਤਪਾਦਾਂ ਦੀ ਵਿਕਰੀ ਕੀਤੀ ਜਾਂਦੀ ਹੈ, ਉਨ੍ਹਾਂ ਦੁਕਾਨਾਂ 'ਤੇ ਇਹ ਬੋਰਡ ਲਗਵਾਇਆ ਜਾਣਾ ਯਕੀਨੀ ਬਣਾਇਆ ਜਾਵੇ ਕਿ 18 ਸਾਲ ਦੀ ਘੱਟ ਉਮਰ ਦੇ ਵਿਅਕਤੀ ਨੂੰ ਤੰਬਾਕੂ ਉਤਪਾਦ ਵੇਚਣਾ ਕਾਨੂੰਨੀ ਅਪਰਾਧ ਹੈ। ਉਨ੍ਹਾਂ ਨਿਰਦੇਸ਼ ਦਿੰਦੇ ਕਿਹਾ ਕਿ ਕੋਟਪਾ ਐਕਟ ਨੂੰ ਜ਼ਿਲ੍ਹੇ ਅੰਦਰ ਅਸਰਦਾਰ ਢੰਗ ਨਾਲ ਲਾਗੂ ਕੀਤਾ ਜਾਵੇ। ਉਨ੍ਹਾਂ ਸਾਰੇ ਭਾਈਵਾਲ ਵਿਭਾਗਾਂ ਨੂੰ ਵੀ ਇਸ ਵਿਚ ਆਪਣੀ ਸਰਗਰਮ ਭਾਗੀਦਾਰੀ ਨਿਭਾਉਣ ਦੀ ਅਪੀਲ ਕੀਤੀ।
ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਡਾ. ਪੰਕਜ ਚੌਹਾਨ ਨੇ ਦੱਸਿਆ ਕਿ ਤੰਬਾਕੂ ਸਿਹਤ ਲਈ ਬਹੁਤ ਹੀ ਹਾਨੀਕਾਰਕ ਪਦਾਰਥ ਹੈ। ਤੰਬਾਕੂ ਦੇ ਸੇਵਨ ਨਾਲ ਮੂੰਹ ਦਾ ਕੈਂਸਰ, ਗਲੇ ਦਾ ਕੈਂਸਰ, ਫੈਫੜੇ ਦਾ ਕੈਂਸਰ, ਟੀ.ਬੀ., ਸਾਹ ਪ੍ਰਣਾਲੀ ਦਾ ਕੈਂਸਰ ਅਤੇ ਦਿਲ ਦੀਆਂ ਭਿਆਨਕ ਬਿਮਾਰੀਆਂ ਹੋ ਸਕਦੀਆਂ ਹਨ ਜੋ ਕਿ ਮੌਤ ਦਾ ਇੱਕ ਵੱਡਾ ਕਾਰਨ ਬਣਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਭਿਆਨਕ ਬੁਰਾਈ ਨੂੰ ਸਮਾਜ 'ਚੋਂ ਖਤਮ ਕਰਨ ਲਈ ਲੋਕਾਂ ਨੂੰ ਇਸ ਦੇ ਮਾੜੇ ਪ੍ਰਭਾਵਾਂ ਨੂੰ ਸਮਝਣ ਦੀ ਲੋੜ ਹੈ। ਇਸ ਮੌਕੇ ਸਿਹਤ ਕਰਮੀਆਂ ਨੇ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਦੱਸਿਆ ਕਿ ਤੰਬਾਕੂ ਸੇਵਨ ਵਾਲਾ ਵਿਅਕਤੀ ਆਪਣੀ ਦਿ੍ੜ ਇੱਛਾ ਸ਼ਕਤੀ ਤੇ ਸੰਕਲਪ ਨਾਲ ਇਸ ਮਾੜੀ ਆਦਤ ਤੋਂ ਛੁੱਟਕਾਰਾ ਪਾ ਸਕਦਾ ਹੈ। ਉਹਨਾਂ ਦੱਸਿਆ ਕਿ 'ਸਿਗਰਟ ਅਤੇ ਹੋਰ ਤੰਬਾਕੂ ਉਤਪਾਦ ਐਕਟ-2003' ਦੇ ਮੁਤਾਬਕ ਸਕੂਲ ਤੋ 100 ਮੀਟਰ ਦੇ ਘੇਰੇ ਵਿਚ ਤੰਬਾਕੂ ਪਦਾਰਥ ਵੇਚਣ ਅਤੇ ਸੇਵਨ ਦੀ ਮਨਾਹੀ ਹੈ। 18 ਸਾਲ ਤੋ ਘੱਟ ਉਮਰ ਦੇ ਵਿਅਕਤੀਆਂ ਨੂੰ ਤੰਬਾਕੂ ਪਦਾਰਥ ਵੇਚਣ ਅਤੇ ਖਰੀਦਣ ਦੀ ਮਨਾਹੀ ਤੇ ਜਨਤਕ ਥਾਵਾਂ ਦੇ ਸੇਵਨ ਤੇ ਰੋਕ ਹੈ। ਉਹਨਾਂ ਕਿਹਾ ਕਿ ਤੰਬਾਕੂ ਛੱਡਣ ਦੇ ਚਾਹਵਾਨ ਵਿਅਕਤੀ ਟੋਲ ਫ੍ਰੀ ਨੰਬਰ 1800112356 'ਤੇ ਫੋਨ ਕਰਕੇ ਕਾਉਂਸਲਿੰਗ ਲੈ ਸਕਦੇ ਹਨ।
ਇਸ ਮੌਕੇ ਤੇ ਐਸ.ਆਈ ਲਖਵਿੰਦਰ ਬਰਾੜ, ਐਸ.ਆਈ ਵਿਜੈ ਕੁਮਾਰ, ਐਸ.ਆਈ ਪਵਨ ਵਿਰਕ, ਵਿੱਕੀ ਕੁਮਾਰ ਅਤੇ ਟਹਿਲ ਸਿੰਘ ਆਦਿ ਮੌਜੂਦ ਸਨ।
Get all latest content delivered to your email a few times a month.