ਤਾਜਾ ਖਬਰਾਂ
ਜਗਦੀਸ਼ ਥਿੰਦ
ਜਲਾਲਾਬਾਦ,, 2 ਨਵੰਬਰ:
ਹਲਕੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਖੇਡ ਪ੍ਰਤਿਭਾ ਨੂੰ ਉਭਾਰਨ ਦੇ ਮਕਸਦ ਨਾਲ ਅੱਜ ਪਿੰਡ ਡੱਬਵਾਲਾ ਕਲਾਂ (ਮੰਡੀ ਅਰਨੀ ਵਾਲਾ) ਦੇ ਖੇਡ ਸਟੇਡੀਅਮ ਵਿਖੇ ਜਲਾਲਾਬਾਦ ਫੁੱਟਬਾਲ ਕੱਪ (JFC) ਦਾ ਸ਼ਾਨਦਾਰ ਆਗਾਜ਼ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਫੁੱਟਬਾਲ ਕੱਪ ਦੀ ਸ਼ੁਰੂਆਤ ਕਰਵਾਈ ਅਤੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ।
ਇਸ ਮੌਕੇ ਵਿਧਾਇਕ ਗੋਲਡੀ ਕੰਬੋਜ ਨੇ ਕਿਹਾ ਕਿ ਖੇਡਾਂ ਸਿਰਫ਼ ਸਰੀਰਕ ਤੰਦਰੁਸਤੀ ਦਾ ਸਾਧਨ ਹੀ ਨਹੀਂ, ਸਗੋਂ ਨੌਜਵਾਨਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ, ਮਿਹਨਤ ਅਤੇ ਜਿੱਤਣ ਦਾ ਜਜ਼ਬਾ ਪੈਦਾ ਕਰਨ ਦਾ ਵੀ ਮਹੱਤਵਪੂਰਨ ਜ਼ਰੀਆ ਹਨ। ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖ ਕੇ ਖੇਡ ਮੈਦਾਨਾਂ ਨਾਲ ਜੋੜਿਆ ਜਾਵੇ। ਅਜਿਹੇ ਖੇਡ ਮੁਕਾਬਲੇ ਪਿੰਡਾਂ ਵਿੱਚੋਂ ਨਵੀਂ ਖੇਡ ਪ੍ਰਤਿਭਾ ਨੂੰ ਸਾਹਮਣੇ ਲਿਆਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਖੇਡਾਂ ਵਤਨ ਪੰਜਾਬ ਦੀਆਂ ਵਰਗੇ ਉਪਰਾਲਿਆਂ ਰਾਹੀਂ ਪਿੰਡ ਪੱਧਰ ਤੋਂ ਲੈ ਕੇ ਸੂਬਾ ਪੱਧਰ ਤੱਕ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ।
ਵਿਧਾਇਕ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਖੇਡ ਭਾਵਨਾ ਨਾਲ ਮੁਕਾਬਲਿਆਂ ਵਿੱਚ ਹਿੱਸਾ ਲੈਣ ਅਤੇ ਆਪਣੇ ਪਿੰਡ, ਇਲਾਕੇ ਤੇ ਪੰਜਾਬ ਦਾ ਨਾਮ ਰੌਸ਼ਨ ਕਰਨ। ਉਨ੍ਹਾਂ ਭਰੋਸਾ ਦਿਵਾਇਆ ਕਿ ਹਲਕੇ ਵਿੱਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਬਿਹਤਰ ਮੌਕੇ ਮੁਹੱਈਆ ਕਰਵਾਉਣ ਲਈ ਯਤਨ ਜਾਰੀ ਰਹਿਣਗੇ।
Get all latest content delivered to your email a few times a month.