ਤਾਜਾ ਖਬਰਾਂ
ਜਗਦੀਸ਼ ਥਿੰਦ
ਸ੍ਰੀ ਮੁਕਤਸਰ ਸਾਹਿਬ, 02 ਨਵੰਬਰ:
ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਸ੍ਰੀ ਮੁਕਤਸਰ ਸਾਹਿਬ ਵੱਲੋਂ ਪਿੰਡ ਚੜੇਵਾਨ ਅਤੇ ਥਾਂਦੇਵਾਲਾ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ। ਇਨ੍ਹਾਂ ਪ੍ਰੋਗਰਾਮਾਂ ਦਾ ਮੁੱਖ ਉਦੇਸ਼ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਆਪਣੀ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰਨਾ ਸੀ।
ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਸ਼ਿਵਾਨੀ ਨਾਗਪਾਲ ਵੱਲੋਂ ਬੱਚਿਆਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਜੀਵਨ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਬੱਚਿਆਂ ਨੂੰ ਸਮਝਾਇਆ ਗਿਆ ਕਿ ਨਸ਼ੇ ਵਿਅਕਤੀ ਦੀ ਸਿਹਤ, ਸਿੱਖਿਆ ਅਤੇ ਭਵਿੱਖ ਨੂੰ ਪ੍ਰਭਾਵਿਤ ਕਰਨ ਦੇ ਨਾਲ-ਨਾਲ ਪਰਿਵਾਰ ਅਤੇ ਸਮਾਜ 'ਤੇ ਵੀ ਮਾੜਾ ਅਸਰ ਪਾਉਂਦੇ ਹਨ। ਇਸ ਲਈ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਚੰਗੀਆਂ ਆਦਤਾਂ ਅਪਣਾਉਣ ਅਤੇ ਆਪਣਾ ਧਿਆਨ ਪੜ੍ਹਾਈ ਤੇ ਖੇਡਾਂ ਵਰਗੀਆਂ ਉਸਾਰੂ ਗਤੀਵਿਧੀਆਂ ਵੱਲ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ।
ਪ੍ਰੋਗਰਾਮ ਦੌਰਾਨ ਬੱਚਿਆਂ ਅਤੇ ਅਧਿਆਪਕਾਂ ਨੂੰ ਕਿਹਾ ਗਿਆ ਕਿ ਉਹ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਇਸ ਸਬੰਧੀ ਵੱਧ ਤੋਂ ਵੱਧ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ। ਉਨ੍ਹਾਂ ਨੂੰ ਸਮਝਾਇਆ ਗਿਆ ਕਿ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਵਿੱਚ ਬੱਚੇ ਅਤੇ ਅਧਿਆਪਕ ਅਹਿਮ ਭੂਮਿਕਾ ਨਿਭਾ ਸਕਦੇ ਹਨ। ਬੱਚਿਆਂ ਨੂੰ ਸਹੀ ਸੇਧ ਦੇ ਕੇ ਅਤੇ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਕੇ ਨਸ਼ਿਆਂ ਵਰਗੀ ਸਮਾਜਿਕ ਬੁਰਾਈ ਨੂੰ ਠੱਲ੍ਹ ਪਾਉਣ ਲਈ ਸਾਂਝੇ ਯਤਨ ਕੀਤੇ ਜਾ ਸਕਦੇ ਹਨ।
ਓਪ ਮੰਡਲ ਮੈਜਿਸਟ੍ਰੇਟ, ਸ੍ਰੀ ਗੁਰਕਿਰਨ ਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਰਾਹੀਂ ਬੱਚਿਆਂ ਨੂੰ ਸਮਾਜਿਕ ਬੁਰਾਈਆਂ ਪ੍ਰਤੀ ਸੁਚੇਤ ਕਰਨ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਉਨ੍ਹਾਂ ਲਈ ਸੁਰੱਖਿਅਤ, ਸਿਹਤਮੰਦ ਤੇ ਨਸ਼ਾ ਮੁਕਤ ਵਾਤਾਵਰਣ ਸਿਰਜਣਾ ਸਮੇਂ ਦੀ ਮੁੱਖ ਲੋੜ ਹੈ।
Get all latest content delivered to your email a few times a month.