ਤਾਜਾ ਖਬਰਾਂ
ਜਗਦੀਸ਼ ਥਿੰਦ
ਫ਼ਿਰੋਜ਼ਪੁਰ, 3 ਨਵੰਬਰ:
ਮਾਨਯੋਗ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਸ਼੍ਰੀ ਸੁਮੀਤ ਮਲਹੋਤਰਾ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਦੀ ਰਹਿਨੁਮਾਈ ਹੇਠ 12 ਦਸੰਬਰ 2026 ਨੂੰ ਜ਼ਿਲ੍ਹਾ ਕਚਹਿਰੀਆਂ ਫ਼ਿਰੋਜ਼ਪੁਰ ਅਤੇ ਸਬ-ਤਹਿਸੀਲਾਂ ਜ਼ੀਰਾ ਤੇ ਗੁਰੂਹਰਸਹਾਏ ਵਿਖੇ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਦੱਸਿਆ ਕਿ ਕੌਮੀ ਲੋਕ ਅਦਾਲਤ ਨੂੰ ਵੱਧ ਤੋਂ ਵੱਧ ਸਫ਼ਲ ਬਣਾਉਣ ਲਈ ਪ੍ਰੀ-ਲੋਕ ਅਦਾਲਤਾਂ ਵੀ ਲਗਾਈਆਂ ਜਾ ਰਹੀਆਂ ਹਨ, ਤਾਂ ਜੋ ਲੋਕ ਅਦਾਲਤ ਵਿੱਚ ਰੱਖੇ ਜਾਣ ਵਾਲੇ ਕੇਸ ਨੂੰ ਵੱਖ-ਵੱਖ ਤਰੀਕਾਂ 'ਤੇ ਸੁਣ ਕੇ ਨਿਪਟਾਰਾ ਕੀਤਾ ਜਾ ਸਕੇ।
ਉਨ੍ਹਾਂ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਸਿਵਲ ਕੇਸ, ਸਿਵਲ ਐਗਜ਼ੀਕਿਊਸ਼ਨ, ਪਰਿਵਾਰਕ ਝਗੜੇ, ਬੈਂਕ ਰਿਕਵਰੀ ਕੇਸ, ਮਾਲ ਵਿਭਾਗ ਨਾਲ ਸਬੰਧਤ ਮਾਮਲੇ, ਚੈੱਕ ਬਾਊਂਸ ਕੇਸ, ਬੀਮਾ ਕਲੇਮ, ਟ੍ਰੈਫਿਕ ਚਲਾਨ ਅਤੇ ਹੋਰ ਸਮਝੌਤਾਯੋਗ ਫ਼ੌਜਦਾਰੀ ਤੇ ਦੀਵਾਨੀ ਮਾਮਲਿਆਂ ਦੀ ਸੁਣਵਾਈ ਕੀਤੀ ਜਾਵੇਗੀ। ਹਾਲਾਂਕਿ, ਗੰਭੀਰ ਅਤੇ ਗ਼ੈਰ-ਸਮਝੌਤਾਯੋਗ ਫ਼ੌਜਦਾਰੀ ਮਾਮਲੇ ਲੋਕ ਅਦਾਲਤ ਵਿੱਚ ਨਹੀਂ ਲਿਆਂਦੇ ਜਾ ਸਕਦੇ।
ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਰਾਹੀਂ ਨਿਪਟਾਏ ਗਏ ਕੇਸਾਂ ਦੇ ਫ਼ੈਸਲੇ ਅੰਤਿਮ ਹੁੰਦੇ ਹਨ ਅਤੇ ਇਨ੍ਹਾਂ ਵਿਰੁੱਧ ਕੋਈ ਅਪੀਲ ਨਹੀਂ ਹੁੰਦੀ। ਲੋਕ ਅਦਾਲਤ ਦਾ ਫ਼ੈਸਲਾ ਸਿਵਲ ਅਦਾਲਤ ਦੀ ਡਿਕਰੀ ਦੇ ਬਰਾਬਰ ਮਾਨਤਾ ਰੱਖਦਾ ਹੈ। ਇਸ ਨਾਲ ਦੋਵੇਂ ਧਿਰਾਂ ਦਾ ਸਮਾਂ ਅਤੇ ਪੈਸਾ ਬਚਦਾ ਹੈ ਅਤੇ ਲੰਬੀ ਕਾਨੂੰਨੀ ਪ੍ਰਕਿਰਿਆ ਤੋਂ ਵੀ ਰਾਹਤ ਮਿਲਦੀ ਹੈ।
ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵੱਧ ਤੋਂ ਵੱਧ ਯੋਗ ਅਤੇ ਸਮਝੌਤਾਯੋਗ ਕੇਸ ਕੌਮੀ ਲੋਕ ਅਦਾਲਤ ਵਿੱਚ ਲਗਵਾਉਣ ਅਤੇ ਇਸ ਦਾ ਲਾਭ ਉਠਾਉਣ।
ਉਨ੍ਹਾਂ ਕਿਹਾ ਕਿ 'ਝਗੜੇ ਮੁਕਾਓ, ਪਿਆਰ ਵਧਾਓ, ਲੋਕ ਅਦਾਲਤਾਂ ਰਾਹੀਂ ਛੇਤੀ ਅਤੇ ਸਸਤਾ ਨਿਆਂ ਪਾਓ' ਦੇ ਸੰਦੇਸ਼ ਨੂੰ ਅਪਣਾਉਂਦਿਆਂ ਲੋਕਾਂ ਨੂੰ ਲੋਕ ਅਦਾਲਤਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।
Get all latest content delivered to your email a few times a month.