ਤਾਜਾ ਖਬਰਾਂ
ਜਗਦੀਸ਼ ਥਿੰਦ
ਫ਼ਰੀਦਕੋਟ, 5 ਨਵੰਬਰ
ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਰਾਹੁਲ ਚਾਬਾ ਆਈ.ਏ.ਐੱਸ. ਵੱਲੋਂ ਅੱਜ ਪਿੰਡ ਸੰਧਵਾਂ ਅਤੇ ਦੇਵੀਵਾਲਾ ਵਿਖੇ ਕਿਸਾਨਾਂ ਦੇ ਖੇਤਾਂ ਵਿੱਚ ਪਹੁੰਚ ਕੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੂਸ਼ਿਤ ਹੋਣ ਦੇ ਨਾਲ-ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਲਈ ਲਾਹੇਵੰਦ ਕਈ ਜ਼ਰੂਰੀ ਤੱਤ ਵੀ ਨਸ਼ਟ ਹੋ ਜਾਂਦੇ ਹਨ। ਇਸ ਨਾਲ ਜ਼ਮੀਨ ਦੀ ਸਿਹਤ ਪ੍ਰਭਾਵਿਤ ਹੁੰਦੀ ਹੈ ਅਤੇ ਕਿਸਾਨਾਂ ਨੂੰ ਫ਼ਸਲ ਲਈ ਵਧੇਰੇ ਖਾਦਾਂ ਦੀ ਵਰਤੋਂ ਕਰਨੀ ਪੈਂਦੀ ਹੈ, ਜਿਸ ਕਾਰਨ ਉਨ੍ਹਾਂ ਉੱਤੇ ਆਰਥਿਕ ਬੋਝ ਵੀ ਵਧਦਾ ਹੈ।
ਡਿਪਟੀ ਕਮਿਸ਼ਨਰ ਨੇ ਪਿੰਡ ਸੰਧਵਾਂ ਵਿਖੇ ਬੇਲਰ ਮਸ਼ੀਨ ਰਾਹੀਂ ਪਰਾਲੀ ਦੀਆਂ ਗੱਠਾਂ ਤਿਆਰ ਕਰਨ ਦੀ ਪ੍ਰਕਿਰਿਆ ਦਾ ਜਾਇਜ਼ਾ ਲਿਆ, ਜਦਕਿ ਪਿੰਡ ਦੇਵੀਵਾਲਾ ਵਿਖੇ ਮਲਚਰ ਅਤੇ ਪਲਾਓ ਵਿਧੀ ਰਾਹੀਂ ਪਰਾਲੀ ਨੂੰ ਖੇਤਾਂ ਵਿੱਚ ਹੀ ਮਿਲਾਉਣ ਦੇ ਤਰੀਕੇ ਵੀ ਦੇਖੇ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਆਧੁਨਿਕ ਖੇਤੀ ਮਸ਼ੀਨਰੀ ਅਤੇ ਉਪਲਬਧ ਤਕਨੀਕਾਂ ਦੀ ਵਰਤੋਂ ਕਰਕੇ ਕਿਸਾਨ ਵਾਤਾਵਰਨ ਦੀ ਸੰਭਾਲ ਵਿੱਚ ਅਹਿਮ ਯੋਗਦਾਨ ਪਾ ਸਕਦੇ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਅਜਿਹੇ ਕਿਸਾਨਾਂ ਨਾਲ ਵੀ ਮੁਲਾਕਾਤ ਕੀਤੀ ਗਈ, ਜੋ ਪਿਛਲੇ ਅੱਠ-ਨੌਂ ਸਾਲਾਂ ਤੋਂ ਲਗਾਤਾਰ ਪਰਾਲੀ ਨੂੰ ਅੱਗ ਲਗਾਏ ਬਿਨਾਂ ਇਸ ਦਾ ਸੁਚੱਜਾ ਪ੍ਰਬੰਧਨ ਕਰ ਰਹੇ ਹਨ। ਉਨ੍ਹਾਂ ਨੇ ਇਨ੍ਹਾਂ ਅਗਾਂਹਵਧੂ ਕਿਸਾਨਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਹੋਰਨਾਂ ਕਿਸਾਨਾਂ ਨੂੰ ਵੀ ਉਨ੍ਹਾਂ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ।
ਉਨ੍ਹਾਂ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹ ਕੇ ਇਸ ਨੂੰ ਕੁਦਰਤੀ ਖਾਦ ਵਜੋਂ ਵਰਤਿਆ ਜਾਵੇ। ਇਸ ਨਾਲ ਮਿੱਟੀ ਵਿੱਚ ਜੈਵਿਕ ਤੱਤਾਂ ਦੀ ਮਾਤਰਾ ਵਧਦੀ ਹੈ, ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਸੁਧਾਰ ਹੁੰਦਾ ਹੈ ਅਤੇ ਲੰਬੇ ਸਮੇਂ ਵਿੱਚ ਫ਼ਸਲਾਂ ਦੇ ਝਾੜ ਵਿੱਚ ਵੀ ਵਾਧਾ ਹੁੰਦਾ ਹੈ। ਇਸ ਤੋਂ ਇਲਾਵਾ ਖਾਦਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਘਟਾਉਣ ਵਿੱਚ ਵੀ ਮਦਦ ਮਿਲਦੀ ਹੈ, ਜਿਸ ਨਾਲ ਕਿਸਾਨਾਂ ਦੀ ਲਾਗਤ ਘਟ ਸਕਦੀ ਹੈ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨਾਲ ਪਰਾਲੀ ਪ੍ਰਬੰਧਨ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਸੁਝਾਅ ਵੀ ਸੁਣੇ।
ਇਸ ਮੌਕੇ ਉਪ ਮੰਡਲ ਮੈਜਿਸਟਰੇਟ ਕੋਟਕਪੂਰਾ ਸ੍ਰੀ ਰਜਿੰਦਰ ਸਿੰਘ, ਨੋਡਲ ਅਫ਼ਸਰ ਪਰਾਲੀ ਪ੍ਰਬੰਧਨ ਡਾ. ਗੁਰਪ੍ਰੀਤ ਸਿੰਘ, ਖੇਤੀਬਾੜੀ ਅਫ਼ਸਰ ਅਤੇ ਬਲਾਕ ਖੇਤੀਬਾੜੀ ਅਫ਼ਸਰ ਸਮੇਤ ਹੋਰ ਅਧਿਕਾਰੀ ਅਤੇ ਕਿਸਾਨ ਹਾਜ਼ਰ ਸਨ।
Get all latest content delivered to your email a few times a month.