ਤਾਜਾ ਖਬਰਾਂ
ਜਗਦੀਸ਼ ਥਿੰਦ
ਫਾਜ਼ਿਲਕਾ, 5 ਨਵੰਬਰ :
ਸਿਵਲ ਸਰਜਨ ਫਾਜ਼ਿਲਕਾ ਡਾ. ਕਵਿਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜਿਲ੍ਹਾ ਮਹਾਮਾਰੀ ਅਫਸਰ ਡਾਕਟਰ ਕਰਨਬੀਰ ਕੰਬੋਜ਼ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਡੇਂਗੂ ਦੀ ਰੋਕਥਾਮ ਅਤੇ ਲੋਕਾਂ ਨੂੰ ਇਸ ਬਿਮਾਰੀ ਪ੍ਰਤੀ ਜਾਗਰੂਕ ਕਰਨ ਲਈ ਸਿਹਤ ਵਿਭਾਗ ਵੱਲੋਂ ਲਗਾਤਾਰ ਐਂਟੀ ਡੇਂਗੂ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਅਰਨੀਵਾਲਾ ਸ਼ੇਖ ਸ਼ੁਭਾਨ ਅਤੇ ਫਾਜ਼ਿਲਕਾ ਦੀ ਮਹਾਵੀਰ ਕਲੋਨੀ ਵਿਖੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਐਂਟੀ ਡੇਂਗੂ ਲਾਰਵਾ ਐਕਟੀਵਿਟੀ ਕੀਤੀ ਗਈ।
ਇਸ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰਾਂ, ਗਲੀਆਂ, ਖਾਲੀ ਪਲਾਟਾਂ ਅਤੇ ਹੋਰ ਸੰਭਾਵਿਤ ਥਾਵਾਂ ਦਾ ਨਿਰੀਖਣ ਕੀਤਾ ਗਿਆ। ਟੀਮਾਂ ਵੱਲੋਂ ਕੂਲਰਾਂ, ਫਰਿੱਜਾਂ ਦੀਆਂ ਟਰੇਆਂ, ਗਮਲਿਆਂ, ਪਾਣੀ ਵਾਲੀਆਂ ਟੈਂਕੀਆਂ, ਬਰਤਨਾਂ ਅਤੇ ਹੋਰ ਅਜਿਹੀਆਂ ਥਾਵਾਂ ਦੀ ਜਾਂਚ ਕੀਤੀ ਗਈ ਜਿੱਥੇ ਸਾਫ਼ ਪਾਣੀ ਖੜ੍ਹਾ ਹੋਣ ਕਾਰਨ ਡੇਂਗੂ ਦਾ ਲਾਰਵਾ ਪੈਦਾ ਹੋ ਸਕਦਾ ਹੈ। ਜਿੱਥੇ ਵੀ ਲਾਰਵਾ ਪਾਇਆ ਗਿਆ, ਉੱਥੇ ਨਿਯਮਾਂ ਅਨੁਸਾਰ ਲਾਰਵੇ ਨੂੰ ਨਸ਼ਟ ਕਰਨ ਦੀ ਕਾਰਵਾਈ ਕੀਤੀ ਗਈ ਅਤੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਗਿਆ।
ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਡੇਂਗੂ ਇੱਕ ਮੱਛਰ ਰਾਹੀਂ ਫੈਲਣ ਵਾਲੀ ਬਿਮਾਰੀ ਹੈ ਅਤੇ ਇਸ ਦਾ ਮੱਛਰ ਆਮ ਤੌਰ 'ਤੇ ਸਾਫ਼ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਡੇਂਗੂ ਤੋਂ ਬਚਾਅ ਲਈ ਸਭ ਤੋਂ ਜ਼ਰੂਰੀ ਹੈ ਕਿ ਘਰਾਂ ਅਤੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਹਫ਼ਤੇ ਵਿੱਚ ਘੱਟੋ-ਘੱਟ ਇੱਕ ਵਾਰ ਕੂਲਰਾਂ, ਗਮਲਿਆਂ ਅਤੇ ਪਾਣੀ ਵਾਲੇ ਬਰਤਨਾਂ ਨੂੰ ਖਾਲੀ ਕਰਕੇ ਚੰਗੀ ਤਰ੍ਹਾਂ ਸਾਫ਼ ਕੀਤਾ ਜਾਵੇ ਅਤੇ ਪਾਣੀ ਦੀਆਂ ਟੈਂਕੀਆਂ ਨੂੰ ਢੱਕ ਕੇ ਰੱਖਿਆ ਜਾਵੇ।
ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਘਰਾਂ ਦੇ ਨਾਲ-ਨਾਲ ਆਲੇ-ਦੁਆਲੇ ਦੀ ਸਫ਼ਾਈ ਦਾ ਵੀ ਵਿਸ਼ੇਸ਼ ਧਿਆਨ ਰੱਖਣ ਅਤੇ ਕਿਸੇ ਵੀ ਥਾਂ 'ਤੇ ਪਾਣੀ ਖੜ੍ਹਾ ਨਾ ਹੋਣ ਦੇਣ। ਇਸ ਤੋਂ ਇਲਾਵਾ ਮੱਛਰਾਂ ਤੋਂ ਬਚਣ ਲਈ ਪੂਰੀ ਬਾਂਹ ਵਾਲੇ ਕੱਪੜੇ ਪਹਿਨਣ, ਮੱਛਰਦਾਨੀ ਅਤੇ ਮੱਛਰ ਭਜਾਉਣ ਵਾਲੇ ਸਾਧਨਾਂ ਦੀ ਵਰਤੋਂ ਕਰਨ।
ਅਧਿਕਾਰੀਆਂ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖਾਰ, ਸਿਰ ਦਰਦ, ਅੱਖਾਂ ਦੇ ਪਿੱਛੇ ਦਰਦ, ਮਾਸਪੇਸ਼ੀਆਂ ਜਾਂ ਜੋੜਾਂ ਵਿੱਚ ਦਰਦ ਅਤੇ ਸਰੀਰ ਉੱਤੇ ਦਾਣੇ ਹੋਣ ਵਰਗੇ ਲੱਛਣ ਦਿਖਾਈ ਦੇਣ ਤਾਂ ਤੁਰੰਤ ਨੇੜਲੇ ਸਰਕਾਰੀ ਸਿਹਤ ਕੇਂਦਰ ਵਿੱਚ ਜਾ ਕੇ ਜਾਂਚ ਕਰਵਾਉਣੀ ਚਾਹੀਦੀ ਹੈ। ਡੇਂਗੂ ਦੇ ਸ਼ੱਕੀ ਮਰੀਜ਼ ਨੂੰ ਬਿਨਾਂ ਡਾਕਟਰੀ ਸਲਾਹ ਦੇ ਕੋਈ ਵੀ ਦਰਦ ਨਿਵਾਰਕ ਦਵਾਈ ਨਹੀਂ ਲੈਣੀ ਚਾਹੀਦੀ।
ਸਿਹਤ ਵਿਭਾਗ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਸਿਰਫ਼ ਸਿਹਤ ਵਿਭਾਗ ਦੀ ਹੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਲੋਕਾਂ ਦੇ ਸਹਿਯੋਗ ਨਾਲ ਹੀ ਡੇਂਗੂ ਦੇ ਮੱਛਰ ਦੀ ਪੈਦਾਵਾਰ ਨੂੰ ਰੋਕਿਆ ਜਾ ਸਕਦਾ ਹੈ। ਇਸ ਲਈ ਹਰੇਕ ਵਿਅਕਤੀ ਨੂੰ ਆਪਣੇ ਘਰ ਅਤੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖ ਕੇ ਡੇਂਗੂ ਮੁਕਤ ਸਮਾਜ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਦੋਰਾਨ ਸਿਹਤ ਕਰਮਚਾਰੀ ਰਾਜਾ ਸੰਦੀਪ ਅਤੇ ਵਿੱਕੀ ਕੁਮਾਰ ਹਾਜ਼ਰ ਸੀ
Get all latest content delivered to your email a few times a month.