ਤਾਜਾ ਖਬਰਾਂ
ਜਗਦੀਸ਼ ਥਿੰਦ
ਮੋਗਾ, 6 ਨਵੰਬਰ:
ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਮੋਗਾ ਦੇ ਨਸ਼ਾ ਪ੍ਰਭਾਵਿਤ ਹਾਟਸਪਾਟ ਖੇਤਰਾਂ ਵਿੱਚ 60 ਰੋਜ਼ਾ ਵਿਸ਼ੇਸ਼ ਮੁਹਿੰਮ ਜੰਗੀ ਪੱਧਰ ’ਤੇ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਉਦੇਸ਼ ਨਸ਼ਿਆਂ ਦੇ ਖਾਤਮੇ ਦੇ ਨਾਲ-ਨਾਲ ਲੋਕਾਂ ਨੂੰ ਜਾਗਰੂਕ ਕਰਨਾ, ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਨਾਲ ਜੋੜਨਾ ਅਤੇ ਭਾਈਚਾਰਕ ਸਹਿਯੋਗ ਰਾਹੀਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਰਨਾ ਹੈ।
ਇਸੇ ਲੜੀ ਤਹਿਤ ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਵਿਕਾਸ) ਮੋਗਾ ਮਿਸ ਹਰਸ਼ਿਤਾ ਸ਼ਰਮਾ ਵੱਲੋਂ ਨਸ਼ਾ ਪ੍ਰਭਾਵਿਤ ਖੇਤਰਾਂ ਘੱਲ ਕਲਾਂ ਅਤੇ ਦੌਲਤਪੁਰਾ ਨੀਵਾਂ ਦਾ ਦੌਰਾ ਕਰਕੇ ਸਥਾਨਕ ਵਸਨੀਕਾਂ ਨਾਲ ਸਿੱਧਾ ਸੰਵਾਦ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਸੁਣੇ ਅਤੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਾਂਝੇ ਯਤਨਾਂ ਦੀ ਲੋੜ ’ਤੇ ਜ਼ੋਰ ਦਿੱਤਾ।
ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਨੂੰ ਸਫ਼ਲ ਬਣਾਉਣ ਲਈ ਸਰਕਾਰ ਅਤੇ ਪ੍ਰਸ਼ਾਸਨ ਦੇ ਯਤਨਾਂ ਦੇ ਨਾਲ-ਨਾਲ ਆਮ ਲੋਕਾਂ ਦੀ ਸਰਗਰਮ ਭਾਗੀਦਾਰੀ ਵੀ ਲਾਜ਼ਮੀ ਹੈ। ਜਦੋਂ ਪਿੰਡਾਂ ਦੇ ਲੋਕ, ਨੌਜਵਾਨ, ਸਮਾਜਿਕ ਜਥੇਬੰਦੀਆਂ ਅਤੇ ਹੋਰ ਭਾਈਚਾਰਕ ਸੰਸਥਾਵਾਂ ਇਕਜੁੱਟ ਹੋ ਕੇ ਇਸ ਮੁਹਿੰਮ ਦਾ ਹਿੱਸਾ ਬਣਨਗੀਆਂ, ਤਾਂ ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਮਜ਼ਬੂਤੀ ਮਿਲੇਗੀ।
ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ, ਸਿੱਖਿਆ ਅਤੇ ਰੁਜ਼ਗਾਰ ਵਰਗੇ ਉਸਾਰੂ ਖੇਤਰਾਂ ਵਿੱਚ ਆਪਣੀ ਊਰਜਾ ਲਗਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਨਸ਼ੇ ਦੀ ਸਮੱਸਿਆ ਨਾਲ ਜੂਝ ਰਹੇ ਵਿਅਕਤੀਆਂ ਨੂੰ ਨਫ਼ਰਤ ਜਾਂ ਸਮਾਜਿਕ ਤੌਰ ’ਤੇ ਅਲੱਗ ਕਰਨ ਦੀ ਬਜਾਏ ਹਮਦਰਦੀ ਅਤੇ ਸਹਿਯੋਗ ਦਿੱਤਾ ਜਾਵੇ, ਤਾਂ ਜੋ ਉਹ ਇਲਾਜ ਅਤੇ ਪੁਨਰਵਾਸ ਰਾਹੀਂ ਮੁੜ ਆਮ ਜੀਵਨ ਦੀ ਮੁੱਖ ਧਾਰਾ ਨਾਲ ਜੁੜ ਸਕਣ।
ਦੌਲਤਪੁਰਾ ਨੀਵਾਂ ਵਿਖੇ ਮਿਸ ਹਰਸ਼ਿਤਾ ਸ਼ਰਮਾ ਨੇ ਸਥਾਨਕ ਵਸਨੀਕਾਂ ਨਾਲ ਮਿਲ ਕੇ ਸ਼ਰਮਦਾਨ ਵੀ ਕੀਤਾ। ਇਸ ਉਪਰਾਲੇ ਰਾਹੀਂ ਲੋਕਾਂ ਨੂੰ ਆਪਣੇ ਆਲੇ-ਦੁਆਲੇ ਦੀ ਸਫ਼ਾਈ, ਸਾਂਝੀ ਜ਼ਿੰਮੇਵਾਰੀ ਅਤੇ ਪਿੰਡ ਦੇ ਸਰਵਪੱਖੀ ਵਿਕਾਸ ਵਿੱਚ ਸਰਗਰਮ ਯੋਗਦਾਨ ਪਾਉਣ ਦਾ ਸੁਨੇਹਾ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਸਿਰਫ਼ ਨਸ਼ਿਆਂ ਦੇ ਖ਼ਿਲਾਫ਼ ਮੁਹਿੰਮ ਨਹੀਂ, ਸਗੋਂ ਨੌਜਵਾਨ ਪੀੜ੍ਹੀ ਨੂੰ ਸਿਹਤਮੰਦ, ਸੁਰੱਖਿਅਤ ਅਤੇ ਬਿਹਤਰ ਭਵਿੱਖ ਦੇਣ ਦਾ ਸਾਂਝਾ ਸੰਕਲਪ ਹੈ। ਇਸ ਟੀਚੇ ਦੀ ਪ੍ਰਾਪਤੀ ਲਈ ਹਰੇਕ ਨਾਗਰਿਕ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਪ੍ਰਸ਼ਾਸਨ ਦਾ ਸਾਥ ਦੇਣਾ ਚਾਹੀਦਾ ਹੈ।
Get all latest content delivered to your email a few times a month.