IMG-LOGO
ਹੋਮ ਪੰਜਾਬ : ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ...

ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਸਾਂਝੀ ਜਾਗਰੂਕਤਾ ਮੁਹਿੰਮ ਜਾਰੀ

ਐੱਸ.ਐੱਸ.ਪੀ. ਗੁਰਬੰਸ ਸਿੰਘ ਬੈਂਸ ਦੀ ਅਗਵਾਈ ਹੇਠ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਟੀਮਾਂ ਪਿੰਡ-ਪਿੰਡ ਪਹੁੰਚ ਕੇ ਕਿਸਾਨਾਂ ਨੂੰ ਕਰ ਰਹੀਆਂ ਹਨ ਜਾਗਰੂਕ

ਕਿਸਾਨਾਂ ਨੂੰ ਪਰਾਲੀ ਸਾੜਨ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਦੀ ਕੀਤੀ ਅਪੀਲ

Admin user - Nov 06, 2026 05:31 PM
IMG

 ਜਗਦੀਸ਼ ਥਿੰਦ
ਫ਼ਰੀਦਕੋਟ, 6 ਨਵੰਬਰ

ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਦੇ ਮੰਤਵ ਨਾਲ ਫ਼ਰੀਦਕੋਟ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਸਾਂਝੇ ਤੌਰ ਤੇ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਐੱਸ.ਐੱਸ.ਪੀ. ਫ਼ਰੀਦਕੋਟ ਸ੍ਰੀ ਗੁਰਬੰਸ ਸਿੰਘ ਬੈਂਸ ਦੀ ਅਗਵਾਈ ਹੇਠ ਇਸ ਮੁਹਿੰਮ ਦੌਰਾਨ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਪਿੰਡ-ਪਿੰਡ ਪਹੁੰਚ ਕੇ ਕਿਸਾਨਾਂ ਨਾਲ ਸਿੱਧਾ ਸੰਵਾਦ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੇ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਇਸੇ ਲੜੀ ਤਹਿਤ ਅੱਜ ਜ਼ਿਲ੍ਹੇ ਦੇ ਸੀਨੀਅਰ ਪੁਲਿਸ ਅਧਿਕਾਰੀਆਂ, ਮੁੱਖ ਥਾਣਾ ਅਫ਼ਸਰਾਂ, ਚੌਕੀ ਇੰਚਾਰਜਾਂ ਅਤੇ ਪੁਲਿਸ ਕਰਮਚਾਰੀਆਂ ਵੱਲੋਂ ਸਿਵਲ ਪ੍ਰਸ਼ਾਸਨ ਦੇ ਕਲੱਸਟਰ ਅਧਿਕਾਰੀਆਂ ਦੇ ਸਹਿਯੋਗ ਨਾਲ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਮੀਟਿੰਗਾਂ ਅਤੇ ਸੈਮੀਨਾਰ ਕਰਵਾਏ ਗਏ। ਇਨ੍ਹਾਂ ਮੀਟਿੰਗਾਂ ਦੌਰਾਨ ਕਿਸਾਨਾਂ ਅਤੇ ਪਿੰਡ ਵਾਸੀਆਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਇਸ ਦੇ ਵਾਤਾਵਰਣ ਅਤੇ ਮਨੁੱਖੀ ਸਿਹਤ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ।

ਅਧਿਕਾਰੀਆਂ ਨੇ ਕਿਸਾਨਾਂ ਨੂੰ ਦੱਸਿਆ ਕਿ ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲਾ ਧੂੰਆਂ ਹਵਾ ਨੂੰ ਪ੍ਰਦੂਸ਼ਿਤ ਕਰਨ ਦੇ ਨਾਲ-ਨਾਲ ਮਨੁੱਖੀ ਸਿਹਤ ਲਈ ਵੀ ਨੁਕਸਾਨਦੇਹ ਹੈ। ਇਸ ਨਾਲ ਸਾਹ ਦੀਆਂ ਬਿਮਾਰੀਆਂ ਅਤੇ ਹੋਰ ਸਿਹਤ ਸਮੱਸਿਆਵਾਂ ਪੈਦਾ ਹੋਣ ਦਾ ਖ਼ਤਰਾ ਵਧਦਾ ਹੈ। ਇਸ ਤੋਂ ਇਲਾਵਾ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ ਅਤੇ ਮਿੱਟੀ ਵਿੱਚ ਮੌਜੂਦ ਲਾਭਦਾਇਕ ਸੂਖਮ ਜੀਵ ਵੀ ਨਸ਼ਟ ਹੋ ਜਾਂਦੇ ਹਨ।

ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਪਰਾਲੀ ਦੇ ਪ੍ਰਬੰਧਨ ਲਈ ਆਧੁਨਿਕ ਖੇਤੀਬਾੜੀ ਮਸ਼ੀਨਰੀ ਅਤੇ ਵਾਤਾਵਰਣ ਪੱਖੀ ਤਕਨੀਕਾਂ ਦੀ ਵਰਤੋਂ ਕਰਨ। ਇਸ ਦੇ ਨਾਲ ਹੀ ਪਿੰਡਾਂ ਦੀਆਂ ਪੰਚਾਇਤਾਂ, ਨੌਜਵਾਨਾਂ ਅਤੇ ਮੋਹਤਬਰ ਵਿਅਕਤੀਆਂ ਨੂੰ ਵੀ ਇਸ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਅਤੇ ਹੋਰਨਾਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ ਗਿਆ।

ਮਾਨਯੋਗ ਸੁਪਰੀਮ ਕੋਰਟ ਅਤੇ ਕੌਮੀ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਦੇ ਨਾਲ-ਨਾਲ ਪਿੰਡ ਪੱਧਰ ਤੇ ਨਿਗਰਾਨੀ ਵੀ ਕੀਤੀ ਜਾ ਰਹੀ ਹੈ। ਸਾਂਝੇ ਯਤਨਾਂ ਅਤੇ ਲੋਕਾਂ ਦੇ ਸਹਿਯੋਗ ਸਦਕਾ ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਮੀ ਦਰਜ ਕੀਤੀ ਗਈ ਹੈ।

ਪ੍ਰਸ਼ਾਸਨ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਜਾਗਰੂਕਤਾ ਅਤੇ ਨਿਗਰਾਨੀ ਦੀ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ। ਇਸ ਮੌਕੇ ਸਮੂਹ ਕਿਸਾਨਾਂ, ਪੰਚਾਇਤਾਂ, ਨੌਜਵਾਨਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਵਿੱਚ ਆਪਣਾ ਪੂਰਾ ਸਹਿਯੋਗ ਦੇਣ, ਕਿਉਂਕਿ ਵਾਤਾਵਰਣ ਦੀ ਸੰਭਾਲ ਸਾਡੇ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।

ਸਾਫ਼ ਹਵਾ, ਸਿਹਤਮੰਦ ਜੀਵਨ — ਪਰਾਲੀ ਨੂੰ ਅੱਗ ਨਹੀਂ, ਸੁਚੱਜਾ ਪ੍ਰਬੰਧਨ ਹੀ ਹੱਲ ਹੈ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.