ਤਾਜਾ ਖਬਰਾਂ
ਜਗਦੀਸ਼ ਥਿੰਦ
ਮੋਗਾ, 9 ਨਵੰਬਰ:
ਨਸ਼ਿਆਂ ਵਿਰੁੱਧ ਜੰਗ ਸਿਰਫ਼ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਤੱਕ ਸੀਮਤ ਨਹੀਂ, ਸਗੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਉਨ੍ਹਾਂ ਦੀ ਊਰਜਾ ਨੂੰ ਖੇਡਾਂ, ਸਿਹਤ ਅਤੇ ਉਸਾਰੂ ਗਤੀਵਿਧੀਆਂ ਵੱਲ ਮੋੜਨਾ ਵੀ ਇਸ ਮੁਹਿੰਮ ਦਾ ਅਹਿਮ ਮਕਸਦ ਹੈ। ਇਸੇ ਸੋਚ ਨੂੰ ਅਮਲੀ ਰੂਪ ਦਿੰਦਿਆਂ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜ਼ਿਲ੍ਹਾ ਮੋਗਾ ਵਿੱਚ ਪੇਂਡੂ ਖੇਤਰਾਂ ਅੰਦਰ ਖੇਡ ਸਹੂਲਤਾਂ ਦਾ ਵਿਸਥਾਰ ਕੀਤਾ ਜਾ ਰਿਹਾ ਹੈ।
ਜ਼ਿਲ੍ਹੇ ਦੇ 146 ਪਿੰਡਾਂ ਵਿੱਚ 39.80 ਕਰੋੜ ਰੁਪਏ ਦੀ ਲਾਗਤ ਨਾਲ ਖੇਡ ਮੈਦਾਨਾਂ ਦੀ ਉਸਾਰੀ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ, ਜੋ ਜਲਦ ਹੀ ਨੌਜਵਾਨਾਂ ਨੂੰ ਸਮਰਪਿਤ ਕੀਤੇ ਜਾਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਇਹ ਉਪਰਾਲਾ ਪਿੰਡਾਂ ਵਿੱਚ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਲਈ ਸਕਾਰਾਤਮਕ ਮਾਹੌਲ ਸਿਰਜਣ ਵੱਲ ਇੱਕ ਅਹਿਮ ਕਦਮ ਹੈ। ਇਨ੍ਹਾਂ ਖੇਡ ਮੈਦਾਨਾਂ ਦੇ ਤਿਆਰ ਹੋਣ ਨਾਲ ਪਿੰਡਾਂ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਦਾ ਅਭਿਆਸ ਕਰਨ ਲਈ ਦੂਰ-ਦੁਰਾਡੇ ਜਾਣ ਦੀ ਲੋੜ ਨਹੀਂ ਰਹੇਗੀ, ਸਗੋਂ ਉਹ ਆਪਣੇ ਹੀ ਪਿੰਡ ਵਿੱਚ ਖੇਡ ਪ੍ਰਤਿਭਾ ਨੂੰ ਨਿਖਾਰ ਸਕਣਗੇ।
ਉਹਨਾਂ ਦੱਸਿਆ ਕਿ ਇਸ ਪ੍ਰਾਜੈਕਟ ਨੂੰ ਸਿਰਫ਼ ਮੈਦਾਨਾਂ ਦੀ ਉਸਾਰੀ ਤੱਕ ਸੀਮਤ ਨਾ ਰੱਖਦਿਆਂ ਉੱਥੇ ਲੋੜੀਂਦੀਆਂ ਖੇਡ ਸਹੂਲਤਾਂ ਵੀ ਵਿਕਸਿਤ ਕੀਤੀਆਂ ਜਾ ਰਹੀਆਂ ਹਨ। ਇਸ ਮਕਸਦ ਲਈ 3 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਖੇਡਾਂ ਦਾ ਸਾਮਾਨ ਮੁਹੱਈਆ ਕਰਵਾਇਆ ਗਿਆ ਹੈ, ਜਿਸ ਵਿੱਚ ਬੱਚਿਆਂ ਲਈ ਝੂਲੇ, ਵਾਲੀਬਾਲ ਪੋਲ, ਫੁੱਟਬਾਲ ਪੋਲ ਅਤੇ ਹੋਰ ਲੋੜੀਂਦਾ ਸਾਮਾਨ ਸ਼ਾਮਲ ਹੈ। ਇਸ ਨਾਲ ਪਿੰਡਾਂ ਦੇ ਖੇਡ ਮੈਦਾਨ ਬੱਚਿਆਂ, ਨੌਜਵਾਨਾਂ ਅਤੇ ਖੇਡ ਪ੍ਰੇਮੀਆਂ ਲਈ ਆਕਰਸ਼ਣ ਦਾ ਕੇਂਦਰ ਬਣਨਗੇ।
ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਇਸੇ ਮੁਹਿੰਮ ਨੂੰ ਹੋਰ ਹੁਲਾਰਾ ਦਿੰਦਿਆਂ ਜ਼ਿਲ੍ਹੇ ਦੇ 37 ਪਿੰਡਾਂ ਵਿੱਚ ਜਿੰਮ ਦੀ ਸਹੂਲਤ ਵੀ ਮੁਹੱਈਆ ਕਰਵਾਈ ਗਈ ਹੈ। ਇਨ੍ਹਾਂ ਜਿੰਮਾਂ 'ਤੇ ਕੁੱਲ 3.37 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ਨਾਲ ਪੇਂਡੂ ਨੌਜਵਾਨਾਂ ਨੂੰ ਆਪਣੇ ਪਿੰਡਾਂ ਵਿੱਚ ਹੀ ਸਰੀਰਕ ਕਸਰਤ ਅਤੇ ਤੰਦਰੁਸਤੀ ਲਈ ਬਿਹਤਰ ਸਹੂਲਤਾਂ ਮਿਲ ਰਹੀਆਂ ਹਨ।
ਜ਼ਿਲ੍ਹਾ ਪ੍ਰਸ਼ਾਸਨ ਅਨੁਸਾਰ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਖ਼ਤ ਕਾਰਵਾਈ ਦੇ ਨਾਲ-ਨਾਲ ਰੋਕਥਾਮ ਅਤੇ ਜਾਗਰੂਕਤਾ ਦੇ ਉਪਰਾਲੇ ਵੀ ਬੇਹੱਦ ਜ਼ਰੂਰੀ ਹਨ। ਪਿੰਡਾਂ ਵਿੱਚ ਖੇਡ ਮੈਦਾਨਾਂ ਅਤੇ ਜਿੰਮਾਂ ਦਾ ਵਿਕਾਸ ਇਸੇ ਦਿਸ਼ਾ ਵਿੱਚ ਇੱਕ ਸਾਰਥਕ ਪਹਿਲ ਹੈ, ਜਿਸ ਨਾਲ ਨੌਜਵਾਨਾਂ ਨੂੰ ਨਸ਼ਿਆਂ ਦੀ ਬਜਾਏ ਖੇਡਾਂ, ਸਰੀਰਕ ਤੰਦਰੁਸਤੀ ਅਤੇ ਆਪਣੇ ਸੁਨਹਿਰੀ ਭਵਿੱਖ ਦੀ ਉਸਾਰੀ ਨਾਲ ਜੁੜਨ ਦੇ ਮੌਕੇ ਮਿਲਣਗੇ।
Get all latest content delivered to your email a few times a month.