ਤਾਜਾ ਖਬਰਾਂ
ਜਗਦੀਸ਼ ਥਿੰਦ
ਫਾਜ਼ਿਲਕਾ, 10 ਨਵੰਬਰ 2026:
ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਸਿਵਲ ਸਰਜਨ ਡਾ. ਕਵਿਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਿਹਤ ਕੇਂਦਰਾਂ ਅਤੇ ਹਸਪਤਾਲਾਂ ਵਿੱਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ (PMSMA) ਤਹਿਤ ਵਿਸ਼ੇਸ਼ ਗਰਭਵਤੀ ਮਹਿਲਾ ਜਾਂਚ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਗਰਭਵਤੀ ਔਰਤਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਅਤੇ ਮਾਂ ਤੇ ਬੱਚੇ ਦੀ ਸਿਹਤ ਨੂੰ ਸੁਰੱਖਿਅਤ ਬਣਾਉਣਾ ਹੈ।
ਇਨ੍ਹਾਂ ਕੈਂਪਾਂ ਦੌਰਾਨ ਮਹਿਲਾ ਰੋਗਾਂ ਦੇ ਮਾਹਿਰ ਡਾਕਟਰਾਂ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਗਰਭਵਤੀ ਔਰਤਾਂ ਦੀ ਵਿਸ਼ੇਸ਼ ਸਿਹਤ ਜਾਂਚ ਕੀਤੀ ਗਈ। ਇਸ ਦੌਰਾਨ ਬਲੱਡ ਪ੍ਰੈਸ਼ਰ, ਹੀਮੋਗਲੋਬਿਨ, ਭਾਰ ਅਤੇ ਹੋਰ ਜ਼ਰੂਰੀ ਜਾਂਚਾਂ ਕੀਤੀਆਂ ਗਈਆਂ। ਲੋੜ ਅਨੁਸਾਰ ਖੂਨ ਅਤੇ ਪਿਸ਼ਾਬ ਦੇ ਟੈਸਟ ਵੀ ਕੀਤੇ ਗਏ ਅਤੇ ਉੱਚ ਜੋਖਮ ਵਾਲੀਆਂ ਗਰਭਵਤੀ ਔਰਤਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਵਿਸ਼ੇਸ਼ ਡਾਕਟਰੀ ਸਲਾਹ ਅਤੇ ਇਲਾਜ ਮੁਹੱਈਆ ਕਰਵਾਇਆ ਗਿਆ।
ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਕਿਹਾ ਕਿ ਗਰਭ ਅਵਸਥਾ ਦੌਰਾਨ ਸਮੇਂ ਸਿਰ ਜਾਂਚ ਕਰਵਾਉਣਾ ਬਹੁਤ ਜ਼ਰੂਰੀ ਹੈ। ਕਈ ਵਾਰ ਗਰਭ ਅਵਸਥਾ ਦੌਰਾਨ ਹਾਈ ਬਲੱਡ ਪ੍ਰੈਸ਼ਰ, ਖੂਨ ਦੀ ਕਮੀ ਅਤੇ ਹੋਰ ਸਿਹਤ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ, ਜਿਨ੍ਹਾਂ ਦੀ ਸਮੇਂ ਸਿਰ ਪਛਾਣ ਕਰਕੇ ਮਾਂ ਅਤੇ ਬੱਚੇ ਨੂੰ ਗੰਭੀਰ ਖਤਰਿਆਂ ਤੋਂ ਬਚਾਇਆ ਜਾ ਸਕਦਾ ਹੈ।
ਉਨ੍ਹਾਂ ਗਰਭਵਤੀ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਾਰੀਆਂ ਐਂਟੀਨੇਟਲ ਜਾਂਚਾਂ ਸਮੇਂ ਸਿਰ ਕਰਵਾਉਣ, ਡਾਕਟਰਾਂ ਵੱਲੋਂ ਦੱਸੀਆਂ ਦਵਾਈਆਂ ਅਤੇ ਆਇਰਨ ਤੇ ਕੈਲਸ਼ੀਅਮ ਦੀਆਂ ਗੋਲੀਆਂ ਨਿਯਮਿਤ ਤੌਰ 'ਤੇ ਲੈਣ ਅਤੇ ਸੰਤੁਲਿਤ ਖੁਰਾਕ ਦਾ ਵਿਸ਼ੇਸ਼ ਧਿਆਨ ਰੱਖਣ
ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾਕਟਰ ਰਿੰਕੂ ਚਾਵਲਾ ਨੇ ਦੱਸਿਆ ਕਿ ਗਰਭਵਤੀ ਔਰਤਾਂ ਨੂੰ ਸੰਸਥਾਗਤ ਜਣੇਪੇ ਦੀ ਮਹੱਤਤਾ ਬਾਰੇ ਵੀ ਜਾਗਰੂਕ ਕੀਤਾ ਗਿਆ ਅਤੇ ਦੱਸਿਆ ਗਿਆ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਾਂ ਅਤੇ ਨਵਜੰਮੇ ਬੱਚੇ ਲਈ ਮੁਫ਼ਤ ਸਿਹਤ ਸਹੂਲਤਾਂ ਉਪਲਬਧ ਹਨ।
ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਗਰਭ ਅਵਸਥਾ ਦੌਰਾਨ ਕਿਸੇ ਵੀ ਤਰ੍ਹਾਂ ਦੀ ਸਿਹਤ ਸਮੱਸਿਆ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ ਅਤੇ ਨਿਯਮਿਤ ਜਾਂਚ ਰਾਹੀਂ ਸੁਰੱਖਿਅਤ ਮਾਤ੍ਰਿਤਵ ਨੂੰ ਯਕੀਨੀ ਬਣਾਇਆ ਜਾਵੇ। ਇਸ ਦੋਰਾਨ ਡਿਪਟੀ ਮਾਸ ਮੀਡੀਆ ਅਫ਼ਸਰ ਮਨਬੀਰ ਸਿੰਘ ਦਿਵੇਸ਼ ਕੁਮਾਰ ਅਮਨ ਕੰਬੋਜ਼ ਸੁਖਦੇਵ ਸਿੰਘ ਹਾਜਰ ਸੀ
Get all latest content delivered to your email a few times a month.