IMG-LOGO
ਹੋਮ ਪੰਜਾਬ : ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਭਾਈ ਘਨੱਈਆ ਕੈਂਸਰ ਰੋਕੋ...

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੋਸਾਇਟੀ ਦੇ ਉਪਰਾਲੇ ਦੀ ਕੀਤੀ ਸ਼ਲਾਘਾ

ਕੈਂਸਰ ਮਰੀਜ਼ਾਂ ਨੂੰ ਆਰਥਿਕ ਸਹਾਇਤਾ ਅਤੇ ਹੋਰ ਲੋੜਵੰਦ ਮਰੀਜ਼ਾਂ ਨੂੰ ਵੰਡਿਆ ਰਾਸ਼ਨ

NA

Admin user - Nov 10, 2026 02:53 PM
IMG

ਜਗਦੀਸ਼ ਥਿੰਦ 
ਫ਼ਰੀਦਕੋਟ, 10 ਨਵੰਬਰ 2026:

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੋਸਾਇਟੀ ਫ਼ਰੀਦਕੋਟ ਵੱਲੋਂ ਲੋੜਵੰਦ ਕੈਂਸਰ ਮਰੀਜ਼ਾਂ ਦੀ ਮਦਦ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋੜਵੰਦ ਅਤੇ ਬਿਮਾਰ ਲੋਕਾਂ ਦੀ ਸੇਵਾ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ।

ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਸੋਸਾਇਟੀ ਦੇ ਬਾਨੀ ਸ. ਗੁਰਪ੍ਰੀਤ ਸਿੰਘ ਚੰਦਬਾਜਾ ਵੱਲੋਂ ਆਪਣੀ ਦਸਵੰਧ ਦੀ ਕਮਾਈ ਵਿੱਚੋਂ 20 ਕੈਂਸਰ ਪੀੜਤ ਮਰੀਜ਼ਾਂ ਨੂੰ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਗਈ ਅਤੇ 20 ਹੋਰ ਲੋੜਵੰਦ ਮਰੀਜ਼ਾਂ ਨੂੰ ਰਾਸ਼ਨ ਵੰਡਿਆ ਗਿਆ। ਉਨ੍ਹਾਂ ਕਿਹਾ ਕਿ ਸੋਸਾਇਟੀ ਲੰਮੇ ਸਮੇਂ ਤੋਂ ਲੋੜਵੰਦ ਮਰੀਜ਼ਾਂ ਦੀ ਆਰਥਿਕ ਅਤੇ ਸਮਾਜਿਕ ਤੌਰ 'ਤੇ ਮਦਦ ਕਰਦੀ ਆ ਰਹੀ ਹੈ।

ਉਨ੍ਹਾਂ ਕਿਹਾ ਕਿ ਭਾਈ ਘਨੱਈਆ ਜੀ ਦੇ ਸੇਵਾ ਅਤੇ ਮਨੁੱਖਤਾ ਦੇ ਸੰਦੇਸ਼ ਤੋਂ ਪ੍ਰੇਰਨਾ ਲੈਂਦਿਆਂ ਸੋਸਾਇਟੀ ਵੱਲੋਂ ਮਰੀਜ਼ਾਂ ਦੀ ਮਦਦ ਦੇ ਨਾਲ-ਨਾਲ ਵਾਤਾਵਰਨ ਦੀ ਸੰਭਾਲ ਲਈ ਵੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਸੇਵਾ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਨਿਰੰਤਰ ਜਾਰੀ ਰਹੇਗੀ।
ਸਪੀਕਰ ਸ. ਸੰਧਵਾਂ ਨੇ ਦੱਸਿਆ ਕਿ ਮੈਡੀਕਲ ਕਾਲਜ ਦੇ ਕੈਂਸਰ ਵਿਭਾਗ ਨਾਲ ਸਬੰਧਤ ਕੁਝ ਮੁੱਦੇ ਵੀ ਉਨ੍ਹਾਂ ਦੇ ਧਿਆਨ ਵਿੱਚ ਆਏ ਹਨ। ਇਨ੍ਹਾਂ ਦੇ ਹੱਲ ਲਈ ਪਰਸੋਂ ਸ਼ਾਮ 4 ਵਜੇ ਇੱਕ ਮੀਟਿੰਗ ਰੱਖੀ ਗਈ ਹੈ, ਜਿਸ ਸਬੰਧੀ ਸਬੰਧਤ ਅਧਿਕਾਰੀਆਂ ਨੂੰ ਜਾਣਕਾਰੀ ਭੇਜ ਕੇ ਲੋੜੀਂਦੀ ਕਾਰਵਾਈ ਯਕੀਨੀ ਬਣਾਈ ਜਾਵੇਗੀ।

ਇਸ ਮੌਕੇ ਸੋਸਾਇਟੀ ਦੇ ਨੁਮਾਇੰਦਿਆਂ ਨੇ ਕਿਹਾ ਕਿ ਸੰਸਥਾ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਲੋੜਵੰਦ ਕੈਂਸਰ ਮਰੀਜ਼ਾਂ ਦੀ ਸਮੇਂ-ਸਮੇਂ 'ਤੇ ਆਰਥਿਕ ਅਤੇ ਸਮਾਜਿਕ ਮਦਦ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਵਾਤਾਵਰਨ ਦੀ ਸੰਭਾਲ ਸਮੇਤ ਹੋਰ ਸਮਾਜ ਸੇਵੀ ਕਾਰਜਾਂ ਵਿੱਚ ਵੀ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ। 

ਇਸ ਮੌਕੇ ਹਰਵਿੰਦਰ ਸਿੰਘ, ਗੁਰਪ੍ਰੀਤ ਸਿੰਘ ਮਾਨ, ਜਗਜੀਵਨ ਸਿੰਘ, ਜਗਤਾਰ ਸਿੰਘ, ਸ. ਮੱਘਰ ਸਿੰਘ, ਗੁਰਮੀਤ ਸਿੰਘ ਸੰਧੂ, ਹਰਭਜਨ ਸਿੰਘ, ਅਵਤਾਰ ਸਿੰਘ ਖਾਰਾ, ਵਰਿੰਦਰ ਸਿੰਘ ਕੋਟਕਪੂਰਾ, ਹਰਪਾਲ ਸਿੰਘ ਦਲ ਸਿੰਘ ਵਾਲਾ, ਸਿਮਰਨੂਰ ਸਿੰਘ, ਮਲਕੀਤ ਰੌਣੀ ਤੋਂ ਇਲਾਵਾ ਇਲਾਕਾ ਨਿਵਾਸੀ ਹਾਜ਼ਰ ਸਨ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.