IMG-LOGO
ਹੋਮ ਪੰਜਾਬ : 12 ਨਵੰਬਰ ਨੂੰ ਪ੍ਰਕਾਸ਼ਿਤ ਹੋਵੇਗੀ ਵੋਟਰ ਸੂਚੀ ਦੀ ਮੁੱਢਲੀ ਸੂਚੀ...

12 ਨਵੰਬਰ ਨੂੰ ਪ੍ਰਕਾਸ਼ਿਤ ਹੋਵੇਗੀ ਵੋਟਰ ਸੂਚੀ ਦੀ ਮੁੱਢਲੀ ਸੂਚੀ – ਯੋਗ ਵੋਟਰ ਆਪਣੇ ਨਾਮ ਅਤੇ ਵੇਰਵਿਆਂ ਦੀ ਜਾਂਚ ਜ਼ਰੂਰ ਕਰਨ

14 ਅਤੇ 15 ਨਵੰਬਰ ਨੂੰ ਸਾਰੇ ਪੋਲਿੰਗ ਬੂਥਾਂ ’ਤੇ ਲਗਾਏ ਜਾਣਗੇ ਵਿਸ਼ੇਸ਼ ਕੈਂਪ – ਡਿਪਟੀ ਕਮਿਸ਼ਨਰ

.

Admin user - Nov 11, 2026 01:32 PM
IMG

ਜਗਦੀਸ਼ ਥਿੰਦ
ਮੋਗਾ, 11 ਨਵੰਬਰ:

ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਵਿਸ਼ੇਸ਼ ਸੰਖੇਪ ਸੁਧਾਈ (ਸਪੈਸ਼ਲ ਸਮਰੀ ਰਿਵੀਜ਼ਨ-SSR) ਤਹਿਤ ਜ਼ਿਲ੍ਹਾ ਮੋਗਾ ਦੀ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 12 ਨਵੰਬਰ 2026 ਨੂੰ ਕੀਤੀ ਜਾ ਰਹੀ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਸਮੂਹ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਡਰਾਫਟ ਵੋਟਰ ਸੂਚੀ ਵਿੱਚ ਆਪਣੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਮ ਅਤੇ ਹੋਰ ਵੇਰਵਿਆਂ ਦੀ ਜਾਂਚ ਯਕੀਨੀ ਬਣਾਉਣ, ਤਾਂ ਜੋ ਕੋਈ ਵੀ ਯੋਗ ਨਾਗਰਿਕ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡਰਾਫਟ ਵੋਟਰ ਸੂਚੀ ਦੀ ਪ੍ਰਕਾਸ਼ਨਾ ਉਪਰੰਤ ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਦੀ ਪ੍ਰਕਿਰਿਆ 12 ਨਵੰਬਰ ਤੋਂ 11 ਦਸੰਬਰ 2026 ਤੱਕ ਜਾਰੀ ਰਹੇਗੀ। ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 28 ਦਸੰਬਰ 2026 ਤੱਕ ਕੀਤਾ ਜਾਵੇਗਾ, ਜਦਕਿ ਫੋਟੋ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 4 ਜਨਵਰੀ 2027 ਨੂੰ ਹੋਵੇਗੀ।

ਇਸ ਤੋਂ ਇਲਾਵਾ, ਵੋਟਰਾਂ ਦੀ ਸਹੂਲਤ ਲਈ 14 ਅਤੇ 15 ਨਵੰਬਰ 2026 (ਸ਼ਨੀਵਾਰ ਅਤੇ ਐਤਵਾਰ) ਨੂੰ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦੌਰਾਨ ਉਹ ਨੌਜਵਾਨ ਅਤੇ ਨਾਗਰਿਕ ਆਪਣੀ ਵੋਟ ਬਣਵਾਉਣ ਲਈ ਅਰਜ਼ੀ ਦੇ ਸਕਦੇ ਹਨ, ਜਿਨ੍ਹਾਂ ਦੀ ਉਮਰ 1 ਜਨਵਰੀ 2027 ਨੂੰ 18 ਸਾਲ ਜਾਂ ਇਸ ਤੋਂ ਵੱਧ ਹੋ ਚੁੱਕੀ ਹੋਵੇਗੀ ਅਤੇ ਜਿਨ੍ਹਾਂ ਦੀ ਵੋਟ ਅਜੇ ਤੱਕ ਨਹੀਂ ਬਣੀ।

ਵੋਟ ਬਣਵਾਉਣ ਲਈ ਯੋਗ ਨਾਗਰਿਕ ਈ.ਸੀ.ਆਈ.ਐਨ.ਈ.ਟੀ. (ECINET) ਐਪ, ਵੋਟਰ ਸਰਵਿਸ ਪੋਰਟਲ, ਆਪਣੇ ਇਲਾਕੇ ਦੇ ਬੂਥ ਲੈਵਲ ਅਫ਼ਸਰ (ਬੀ.ਐੱਲ.ਓ.) ਜਾਂ ਸਬੰਧਤ ਸਬ-ਡਵੀਜ਼ਨਲ ਦਫ਼ਤਰ ਵਿਖੇ ਫਾਰਮ ਨੰਬਰ-6 ਜਮ੍ਹਾਂ ਕਰਵਾ ਸਕਦੇ ਹਨ। ਇਸੇ ਤਰ੍ਹਾਂ ਵੋਟਰ ਸੂਚੀ ਵਿੱਚ ਦਰਜ ਵੇਰਵਿਆਂ ਦੀ ਸੋਧ ਲਈ ਫਾਰਮ ਨੰਬਰ-8 ਅਤੇ ਵੋਟ ਕਟਵਾਉਣ ਲਈ ਨਿਰਧਾਰਤ ਫਾਰਮ ਭਰ ਕੇ ਦਿੱਤਾ ਜਾ ਸਕਦਾ ਹੈ।

ਜ਼ਿਲ੍ਹਾ ਮੋਗਾ ਵਿੱਚ ਚਾਰ ਵਿਧਾਨ ਸਭਾ ਹਲਕਿਆਂ ਅਧੀਨ ਕੁੱਲ 834 ਪੋਲਿੰਗ ਸਟੇਸ਼ਨ ਸਥਾਪਤ ਹਨ। ਇਨ੍ਹਾਂ ਵਿੱਚ 071-ਨਿਹਾਲ ਸਿੰਘ ਵਾਲਾ (ਅ.ਜ.) ਦੇ 204, 072-ਬਾਘਾਪੁਰਾਣਾ ਦੇ 185, 073-ਮੋਗਾ ਦੇ 231 ਅਤੇ 074-ਧਰਮਕੋਟ ਦੇ 214 ਪੋਲਿੰਗ ਸਟੇਸ਼ਨ ਸ਼ਾਮਲ ਹਨ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਿਰਧਾਰਤ ਸਮੇਂ ਅੰਦਰ ਆਪਣੀ ਵੋਟ ਨਾਲ ਸਬੰਧਤ ਵੇਰਵਿਆਂ ਦੀ ਜਾਂਚ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਗਲਤੀ ਜਾਂ ਕਮੀ ਹੋਣ ਦੀ ਸੂਰਤ ਵਿੱਚ ਲੋੜੀਂਦਾ ਫਾਰਮ ਜਮ੍ਹਾਂ ਕਰਵਾਉਣ। ਵੋਟਰ ਸੂਚੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸਹਾਇਤਾ ਲਈ ਚੋਣ ਕਮਿਸ਼ਨ ਦੇ ਟੋਲ ਫ੍ਰੀ ਨੰਬਰ 1950 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਸਹੀ ਅਤੇ ਪਾਰਦਰਸ਼ੀ ਵੋਟਰ ਸੂਚੀ ਲੋਕਤੰਤਰ ਦੀ ਮਜ਼ਬੂਤੀ ਦਾ ਅਹਿਮ ਆਧਾਰ ਹੈ। ਇਸ ਲਈ ਹਰੇਕ ਯੋਗ ਨਾਗਰਿਕ ਦੀ ਜ਼ਿੰਮੇਵਾਰੀ ਹੈ ਕਿ ਉਹ ਵਿਸ਼ੇਸ਼ ਸੰਖੇਪ ਸੁਧਾਈ ਦੀ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰੀ ਨਿਭਾਉਂਦਿਆਂ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਉਣ ਅਤੇ ਇਸ ਨੂੰ ਅਪਡੇਟ ਰੱਖਣ ਵਿੱਚ ਸਹਿਯੋਗ ਦੇਵੇ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.