ਤਾਜਾ ਖਬਰਾਂ
ਜਗਦੀਸ਼ ਥਿੰਦ
ਮੋਗਾ, 11 ਨਵੰਬਰ:
ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਜਨਗਣਨਾ-2027 ਸਬੰਧੀ ਜ਼ਿਲ੍ਹਾ ਮੋਗਾ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਹੱਤਵਪੂਰਨ ਰਾਸ਼ਟਰੀ ਪ੍ਰਕਿਰਿਆ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਅਤੇ ਜਨਗਣਨਾ ਦੇ ਕੰਮ ਨੂੰ ਸਫ਼ਲ ਬਣਾਉਣ ਲਈ ਆਪਣਾ ਪੂਰਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਜਨਗਣਨਾ ਦੇਸ਼ ਦੀ ਯੋਜਨਾਬੰਦੀ ਅਤੇ ਵਿਕਾਸ ਲਈ ਬਹੁਤ ਮਹੱਤਵਪੂਰਨ ਹੈ, ਕਿਉਂਕਿ ਇਸ ਰਾਹੀਂ ਪ੍ਰਾਪਤ ਹੋਣ ਵਾਲੇ ਅੰਕੜੇ ਭਵਿੱਖ ਦੀਆਂ ਵਿਕਾਸ ਯੋਜਨਾਵਾਂ ਅਤੇ ਲੋਕ ਭਲਾਈ ਦੀਆਂ ਨੀਤੀਆਂ ਬਣਾਉਣ ਵਿੱਚ ਸਹਾਇਕ ਹੁੰਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਨਗਣਨਾ-2027 ਤਹਿਤ 16 ਨਵੰਬਰ 2026 ਤੋਂ 30 ਨਵੰਬਰ 2026 ਤੱਕ ਸਵੈ-ਗਣਨਾ (Self Enumeration) ਦੀ ਪ੍ਰਕਿਰਿਆ ਹੋਵੇਗੀ। ਇਸ ਦੌਰਾਨ ਨਾਗਰਿਕ ਨਿਰਧਾਰਤ ਆਨਲਾਈਨ ਪੋਰਟਲ ਰਾਹੀਂ ਆਪਣੇ ਪਰਿਵਾਰ ਦੀ ਜਾਣਕਾਰੀ ਖੁਦ ਦਰਜ ਕਰ ਸਕਣਗੇ। ਇਸ ਤੋਂ ਬਾਅਦ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਆਬਾਦੀ ਦੀ ਗਣਨਾ (Population Enumeration) ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸਵੈ-ਗਣਨਾ ਦੌਰਾਨ ਨਾਗਰਿਕ ਆਪਣੇ ਪਰਿਵਾਰ ਨਾਲ ਸਬੰਧਤ ਸਹੀ ਅਤੇ ਪੂਰੀ ਜਾਣਕਾਰੀ ਦਰਜ ਕਰਨ। ਇਸੇ ਤਰ੍ਹਾਂ ਆਬਾਦੀ ਦੀ ਗਣਨਾ ਦੌਰਾਨ ਜਦੋਂ ਗਣਨਾ ਕਰਮਚਾਰੀ ਘਰਾਂ ਵਿੱਚ ਪਹੁੰਚਣ ਤਾਂ ਉਨ੍ਹਾਂ ਨੂੰ ਲੋੜੀਂਦੀ ਜਾਣਕਾਰੀ ਸਹੀ ਢੰਗ ਨਾਲ ਮੁਹੱਈਆ ਕਰਵਾਈ ਜਾਵੇ।
ਸਾਗਰ ਸੇਤੀਆ ਨੇ ਕਿਹਾ ਕਿ ਜਨਗਣਨਾ ਸਿਰਫ਼ ਸਰਕਾਰੀ ਪ੍ਰਕਿਰਿਆ ਨਹੀਂ, ਸਗੋਂ ਦੇਸ਼ ਦੇ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਸਹੀ ਜਨਗਣਨਾ ਨਾਲ ਸਰਕਾਰ ਨੂੰ ਸਿੱਖਿਆ, ਸਿਹਤ, ਰਿਹਾਇਸ਼, ਬੁਨਿਆਦੀ ਸਹੂਲਤਾਂ ਅਤੇ ਹੋਰ ਜਨਤਕ ਸੇਵਾਵਾਂ ਦੀ ਬਿਹਤਰ ਯੋਜਨਾਬੰਦੀ ਕਰਨ ਵਿੱਚ ਮਦਦ ਮਿਲਦੀ ਹੈ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਜਨਗਣਨਾ-2027 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਇਸ ਰਾਸ਼ਟਰੀ ਕਾਰਜ ਵਿੱਚ ਆਪਣਾ ਯੋਗਦਾਨ ਪਾ ਕੇ ਜ਼ਿੰਮੇਵਾਰ ਨਾਗਰਿਕ ਹੋਣ ਦਾ ਸਬੂਤ ਦੇਣ।
Get all latest content delivered to your email a few times a month.