IMG-LOGO
ਹੋਮ ਪੰਜਾਬ : ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

- ਐੱਸ.ਐੱਸ.ਆਰ.-2027 ਤਹਿਤ ਡਰਾਫਟ ਵੋਟਰ ਸੂਚੀ ਦੀ ਪ੍ਰਕਾਸ਼ਨਾ ਅਤੇ ਦਾਅਵੇ-ਇਤਰਾਜ਼ਾਂ ਸਬੰਧੀ ਦਿੱਤੀ ਜਾਣਕਾਰੀ

.

Admin user - Nov 12, 2026 04:04 PM
IMG

ਜਗਦੀਸ਼ ਥਿੰਦ 
ਫ਼ਿਰੋਜ਼ਪੁਰ, 12 ਨਵੰਬਰ:

ਪੰਜਾਬ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਅਤੇ ਐੱਸ.ਐੱਸ.ਆਰ.-2027 ਤਹਿਤ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ 12 ਨਵੰਬਰ 2026 ਨੂੰ ਡਰਾਫਟ ਵੋਟਰ ਸੂਚੀ ਦੀ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦੀ ਪ੍ਰਕਿਰਿਆ ਅਤੇ ਚੋਣਾਂ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਗਈ।
ਇਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਗਿਆ ਕਿ ਐੱਸ.ਐੱਸ.ਆਰ.-2027 ਤਹਿਤ ਡਰਾਫਟ ਵੋਟਰ ਸੂਚੀ ਦੀ ਪ੍ਰਕਾਸ਼ਨਾ 12 ਨਵੰਬਰ 2026 ਨੂੰ ਕੀਤੀ ਗਈ ਹੈ ਅਤੇ ਵੋਟਰ ਸੂਚੀ ਸਬੰਧੀ ਦਾਅਵੇ ਤੇ ਇਤਰਾਜ਼ 12 ਨਵੰਬਰ ਤੋਂ 11 ਦਸੰਬਰ 2026 ਤੱਕ ਦਾਇਰ ਕੀਤੇ ਜਾ ਸਕਦੇ ਹਨ। ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 28 ਦਸੰਬਰ 2026 ਤੱਕ ਕੀਤਾ ਜਾਵੇਗਾ, ਜਦਕਿ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 4 ਜਨਵਰੀ 2027 ਨੂੰ ਕੀਤੀ ਜਾਵੇਗੀ। 
ਜ਼ਿਲ੍ਹਾ ਚੋਣ ਅਫ਼ਸਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਡਰਾਫਟ ਵੋਟਰ ਸੂਚੀ ਅਨੁਸਾਰ ਜ਼ਿਲ੍ਹੇ ਵਿੱਚ ਕੁੱਲ 6,89,046 ਜਨਰਲ ਵੋਟਰ ਹਨ, ਜਿਨ੍ਹਾਂ ਵਿੱਚ 3,56,140 ਪੁਰਸ਼, 3,32,887 ਮਹਿਲਾ ਅਤੇ 19 ਤੀਜੇ ਲਿੰਗ ਦੇ ਵੋਟਰ ਸ਼ਾਮਲ ਹਨ। ਵਿਧਾਨ ਸਭਾ ਹਲਕਾ 75-ਜ਼ੀਰਾ ਵਿੱਚ 1,82,831, ਹਲਕਾ 76-ਫ਼ਿਰੋਜ਼ਪੁਰ ਸ਼ਹਿਰ ਵਿੱਚ 1,56,090, ਹਲਕਾ 77-ਫ਼ਿਰੋਜ਼ਪੁਰ ਦਿਹਾਤੀ ਵਿੱਚ 1,86,365 ਅਤੇ ਹਲਕਾ 78-ਗੁਰੂਹਰਸਹਾਏ ਵਿੱਚ 1,63,760 ਵੋਟਰ ਹਨ। ਇਸੇ ਤਰ੍ਹਾਂ ਜ਼ਿਲ੍ਹੇ ਵਿੱਚ ਸਰਵਿਸ ਵੋਟਰਾਂ ਦੀ ਕੁੱਲ ਗਿਣਤੀ 2,522 ਹੈ, ਜਿਸ ਵਿੱਚ 2,453 ਪੁਰਸ਼ ਅਤੇ 69 ਮਹਿਲਾ ਸਰਵਿਸ ਵੋਟਰ ਸ਼ਾਮਲ ਹਨ। 
ਮੀਟਿੰਗ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਗਿਆ ਕਿ ਨਵੀਂ ਵੋਟ ਬਣਵਾਉਣ ਲਈ ਫਾਰਮ-6, ਵੋਟਰ ਸੂਚੀ ਵਿੱਚੋਂ ਨਾਮ ਕਟਵਾਉਣ ਲਈ ਫਾਰਮ-7 ਅਤੇ ਵੋਟਰ ਵੇਰਵਿਆਂ ਵਿੱਚ ਸੋਧ ਜਾਂ ਵੋਟ ਸ਼ਿਫਟ ਕਰਵਾਉਣ ਲਈ ਫਾਰਮ-8 ਦੀ ਵਰਤੋਂ ਕੀਤੀ ਜਾ ਸਕਦੀ ਹੈ। ਵੋਟਰ ਆਨਲਾਈਨ ਤੌਰ ’ਤੇ voters.eci.gov.in ਜਾਂ ECINET ਮੋਬਾਈਲ ਐਪ ਰਾਹੀਂ ਫਾਰਮ ਭਰ ਸਕਦੇ ਹਨ ਜਾਂ ਸਬੰਧਤ ਈ.ਆਰ.ਓ. ਦਫ਼ਤਰ/ਬੂਥ ਲੈਵਲ ਅਫ਼ਸਰ ਦੀ ਸਹਾਇਤਾ ਲੈ ਸਕਦੇ ਹਨ। 
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਪੱਧਰ ’ਤੇ ਵੀ ਯੋਗ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਆਪਣਾ ਨਾਮ ਅਤੇ ਵੇਰਵੇ ਚੈੱਕ ਕਰਨ ਲਈ ਉਤਸ਼ਾਹਿਤ ਕਰਨ ਅਤੇ ਜੇਕਰ ਕਿਸੇ ਕਿਸਮ ਦੀ ਸੋਧ, ਨਵੀਂ ਵੋਟ ਬਣਾਉਣ ਜਾਂ ਨਾਮ ਸਬੰਧੀ ਇਤਰਾਜ਼ ਹੋਵੇ ਤਾਂ ਨਿਰਧਾਰਤ ਸਮੇਂ ਅੰਦਰ ਆਪਣਾ ਦਾਅਵਾ ਜਾਂ ਇਤਰਾਜ਼ ਜ਼ਰੂਰ ਦਰਜ ਕਰਵਾਉਣ।
ਇਸ ਮੌਕੇ ਵੋਟਰ ਸੂਚੀ ਦੀਆਂ ਫੋਟੋ ਵਾਲੀਆਂ ਕਾਪੀਆਂ ਅਤੇ ਬਿਨਾਂ ਫੋਟੋ ਵਾਲੀ ਵੋਟਰ ਸੂਚੀ ਦੀ ਸਾਫਟ ਕਾਪੀ ਵੀ ਉਪਲਬਧ ਕਰਵਾਉਣ ਸਬੰਧੀ ਜਾਣਕਾਰੀ ਦਿੱਤੀ ਗਈ। ਨਾਲ ਹੀ ਦੱਸਿਆ ਗਿਆ ਕਿ ਡਰਾਫਟ ਵੋਟਰ ਸੂਚੀ ਐਨ.ਆਈ.ਸੀ. ਦੀ ਅਧਿਕਾਰਤ ਵੈੱਬਸਾਈਟ ’ਤੇ ਵੀ ਅਪਲੋਡ ਕੀਤੀ ਜਾਵੇਗੀ, ਜਿੱਥੋਂ ਨਾਗਰਿਕ ਆਪਣੇ ਵੇਰਵੇ ਚੈੱਕ ਕਰ ਸਕਦੇ ਹਨ।
ਮੀਟਿੰਗ ਵਿੱਚ ਚੋਣ ਤਹਿਸੀਲਦਾਰ ਸੁਖਦੇਵ ਸਿੰਘ, ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਹਰਜਿੰਦਰ ਸਿੰਘ ਘਾਂਗਾ ਤੋਂ ਇਲਾਵਾ ਆਮ ਆਦਮੀ ਪਾਰਟੀ ਤੋਂ ਬਖਸ਼ੀਸ਼ ਸਿੰਘ, ਕਾਂਗਰਸ ਪਾਰਟੀ ਤੋਂ ਰਜਨੀਸ਼ ਗੋਇਲ ਤੇ ਗੁਰਭਗਤ ਸਿੰਘ ਗਿੱਲ, ਭਾਰਤੀ ਜਨਤਾ ਪਾਰਟੀ ਤੋਂ ਸੁਰਿੰਦਰ ਪਾਲ ਸਿੰਘ, ਸ਼੍ਰੋਮਣੀ ਅਕਾਲੀ ਦਲ ਤੋਂ ਉਪਕਾਰ ਸਿੰਘ, ਚੋਣ ਕਾਨੂੰਗੋ ਗਗਨਦੀਪ ਕੌਰ ਆਦਿ ਹਾਜ਼ਰ ਸਨ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.