ਤਾਜਾ ਖਬਰਾਂ
ਜਗਦੀਸ਼ ਥਿੰਦ
ਫ਼ਰੀਦਕੋਟ, 12 ਨਵੰਬਰ 2026
ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.), ਫ਼ਰੀਦਕੋਟ ਵੱਲੋਂ ਖੇਤ ਬਚਾਓ ਮੁਹਿੰਮ ਤਹਿਤ ਪਿੰਡ ਸੂਰਘੂਰੀ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਖੇਤੀਬਾੜੀ ਦੀਆਂ ਨਵੀਨਤਮ ਤਕਨੀਕਾਂ, ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਹਾੜ੍ਹੀ ਦੀਆਂ ਫ਼ਸਲਾਂ ਵਿੱਚ ਬੀਜ ਸੋਧ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਸੀ।
ਕੈਂਪ ਦੌਰਾਨ ਡਾ. ਰਾਕੇਸ਼ ਕੁਮਾਰ, ਇੰਚਾਰਜ ਕੇ.ਵੀ.ਕੇ. ਫ਼ਰੀਦਕੋਟ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਕੇ.ਵੀ.ਕੇ. ਵੱਲੋਂ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਸਬੰਧੀ ਸਿਖਲਾਈ ਦੇਣ ਦੇ ਨਾਲ-ਨਾਲ ਖੇਤ ਪੱਧਰੀ ਪ੍ਰਦਰਸ਼ਨੀਆਂ ਅਤੇ ਤਕਨੀਕੀ ਸਲਾਹ ਰਾਹੀਂ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਂਦਾ ਹੈ। ਉਨ੍ਹਾਂ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਖੇਤੀ ਕਰਨ ਅਤੇ ਨਵੀਆਂ ਵਿਗਿਆਨਕ ਤਕਨੀਕਾਂ ਅਪਣਾਉਣ ਲਈ ਪ੍ਰੇਰਿਤ ਕੀਤਾ।
ਝੋਨੇ ਦੀ ਪਰਾਲੀ ਦੇ ਪ੍ਰਬੰਧਨ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਸਾਨਾਂ ਨੂੰ ਸੁਪਰ ਸੀਡਰ, ਸਮਾਰਟ ਸੀਡਰ ਅਤੇ ਹੈਪੀ ਸੀਡਰ ਵਰਗੀਆਂ ਮਸ਼ੀਨਾਂ ਦੀ ਵਰਤੋਂ ਕਰਕੇ ਪਰਾਲੀ ਦਾ ਖੇਤ ਵਿੱਚ ਹੀ ਸੁਚੱਜਾ ਪ੍ਰਬੰਧਨ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਪਰਾਲੀ ਦੀਆਂ ਗੱਠਾਂ ਬਣਾਉਣ ਤੋਂ ਗੁਰੇਜ਼ ਕਰਨ ਅਤੇ ਇਸ ਨੂੰ ਖੇਤ ਵਿੱਚ ਹੀ ਸੰਭਾਲਣ 'ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਨਾਲ ਮਿੱਟੀ ਵਿੱਚ ਜੈਵਿਕ ਪਦਾਰਥਾਂ ਦੀ ਮਾਤਰਾ ਵਧਦੀ ਹੈ ਅਤੇ ਮਿੱਟੀ ਦੀ ਸਿਹਤ ਦੇ ਨਾਲ-ਨਾਲ ਨਮੀ ਸੰਭਾਲਣ ਦੀ ਸਮਰੱਥਾ ਵਿੱਚ ਵੀ ਸੁਧਾਰ ਹੁੰਦਾ ਹੈ।
ਇਸ ਮੌਕੇ ਡਾ. ਸਿਮਰਨਜੀਤ ਕੌਰ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਹਾੜ੍ਹੀ ਦੀਆਂ ਫ਼ਸਲਾਂ ਵਿੱਚ ਬੀਜ ਸੋਧ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਬਿਜਾਈ ਤੋਂ ਪਹਿਲਾਂ ਬੀਜ ਦੀ ਸਹੀ ਸੋਧ ਕਰਨ ਨਾਲ ਬੀਜ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਤੋਂ ਫ਼ਸਲ ਦਾ ਬਚਾਅ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਸਾਨਾਂ ਨੂੰ ਕਣਕ ਦੇ ਬੀਜ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫ਼ਾਰਸ਼ ਕੀਤੀਆਂ ਉੱਲੀਨਾਸ਼ਕ ਦਵਾਈਆਂ ਦੀ ਸਹੀ ਮਾਤਰਾ ਨਾਲ ਸੋਧ ਕੇ ਬੀਜਣ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਬੀਜ ਸੋਧ ਲਈ ਦਵਾਈਆਂ ਦੀ ਚੋਣ ਅਤੇ ਵਰਤੋਂ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਹੀ ਕਰਨੀ ਚਾਹੀਦੀ ਹੈ। ਇਸ ਨਾਲ ਫ਼ਸਲ ਦਾ ਸਿਹਤਮੰਦ ਜਮਾਅ ਯਕੀਨੀ ਬਣਾਉਣ ਅਤੇ ਸ਼ੁਰੂਆਤੀ ਅਵਸਥਾ ਵਿੱਚ ਬਿਮਾਰੀਆਂ ਤੋਂ ਬਚਾਅ ਕਰਨ ਵਿੱਚ ਮਦਦ ਮਿਲਦੀ ਹੈ।
ਅੰਤ ਵਿੱਚ ਕੇ.ਵੀ.ਕੇ. ਦੀ ਟੀਮ ਵੱਲੋਂ ਕਿਸਾਨ ਸੁਖਜਿੰਦਰ ਸਿੰਘ ਗਿੱਲ ਅਤੇ ਗੁਰਜਿੰਦਰ ਸਿੰਘ ਗਿੱਲ ਦਾ ਕੈਂਪ ਦੇ ਆਯੋਜਨ ਵਿੱਚ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਵਿਗਿਆਨਕ ਖੇਤੀ ਤਕਨੀਕਾਂ ਅਪਣਾ ਕੇ ਖੇਤੀ ਲਾਗਤਾਂ ਘਟਾਉਣ, ਮਿੱਟੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਅਤੇ ਵਾਤਾਵਰਨ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ।
Get all latest content delivered to your email a few times a month.