ਤਾਜਾ ਖਬਰਾਂ
ਜਗਦੀਸ਼ ਥਿੰਦ
ਫ਼ਰੀਦਕੋਟ, 12 ਨਵੰਬਰ:
ਜ਼ਿਲ੍ਹਾ ਬਾਲ ਭਲਾਈ ਕੌਂਸਲ ਫ਼ਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਬਾਲ ਦਿਵਸ ਸਮਾਗਮ ਬਾਬਾ ਫ਼ਰੀਦ ਸੱਭਿਆਚਾਰਕ ਕੇਂਦਰ ਦੇ ਆਡੀਟੋਰੀਅਮ ਹਾਲ ਵਿਖੇ ਕਰਵਾਇਆ ਗਿਆ। ਸਮਾਗਮ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਤੋਂ ਪਹੁੰਚੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਬੱਚਿਆਂ ਵੱਲੋਂ ਪੇਸ਼ ਕੀਤੀਆਂ ਗਈਆਂ ਕਲਾਤਮਕ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਪਛਾਣ ਕੇ ਉਤਸ਼ਾਹਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਵਿੱਚ ਆਤਮ-ਵਿਸ਼ਵਾਸ, ਮੁਕਾਬਲੇ ਦੀ ਭਾਵਨਾ ਅਤੇ ਸਿਰਜਣਾਤਮਕ ਸੋਚ ਵਿਕਸਿਤ ਕਰਨ ਦੇ ਨਾਲ-ਨਾਲ ਉਨ੍ਹਾਂ ਦੀਆਂ ਛੁਪੀਆਂ ਪ੍ਰਤਿਭਾਵਾਂ ਨੂੰ ਨਿਖਾਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਹਿ-ਵਿੱਦਿਅਕ ਗਤੀਵਿਧੀਆਂ ਵਿੱਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੇ ਗਰੁੱਪ ਅਤੇ ਸੋਲੋ ਮੁਕਾਬਲੇ ਕਰਵਾਏ ਗਏ। ਕਵਿਤਾ ਉਚਾਰਨ, ਸਕਿੱਟ, ਲੋਕ ਨਾਚ (ਝੂਮਰ) ਅਤੇ ਗਰੁੱਪ ਗੀਤ ਮੁਕਾਬਲਿਆਂ ਵਿਚ ਬੱਚਿਆਂ ਨੇ ਪੂਰੇ ਉਤਸ਼ਾਹ ਨਾਲ ਆਪਣੀ ਕਲਾ, ਹੁਨਰ ਅਤੇ ਸਿਰਜਣਾਤਮਕਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਕਾਬਲਿਆਂ ਦੇ ਅੰਤ ਵਿੱਚ ਜੇਤੂ ਵਿਦਿਆਰਥੀਆਂ ਅਤੇ ਟੀਮਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਲੋਕ ਗਾਇਕ ਸ੍ਰੀ ਦਿਲਬਾਗ ਸਿੰਘ ਚਾਹਲ ਨੇ ਆਪਣੇ ਸੱਭਿਆਚਾਰਕ ਗੀਤਾਂ ਰਾਹੀਂ ਸਮਾਗਮ ਵਿੱਚ ਖੂਬ ਰੰਗ ਬੰਨ੍ਹਿਆ ਅਤੇ ਹਾਜ਼ਰੀਨ ਦਾ ਮਨ ਮੋਹ ਲਿਆ।
ਸਮਾਗਮ ਦੌਰਾਨ ਵੱਖ-ਵੱਖ ਮੁਕਾਬਲਿਆਂ ਦੇ ਜੱਜਾਂ ਵਜੋਂ ਡਾ. ਅਮਰਜੀਤ ਕੌਰ, ਸ੍ਰੀ ਰੰਗ ਹਰਜਿੰਦਰ, ਲੈਕਚਰਾਰ ਗਗਨ, ਡਾ. ਦਵਿੰਦਰ ਸ਼ੈਫੀ, ਲੈਕਚਰਾਰ ਨਵਪ੍ਰੀਤ ਸਿੰਘ, ਲੋਕ ਗਾਇਕ ਸ੍ਰੀ ਦਿਲਬਾਗ ਸਿੰਘ ਚਾਹਲ ਅਤੇ ਸੰਗੀਤਕਾਰ ਸ੍ਰੀ ਸੁਖਚੈਨ ਸਿੰਘ ਬਿੱਟਾ ਨੇ ਆਪਣੀਆਂ ਸੇਵਾਵਾਂ ਨਿਭਾਈਆਂ।
ਇਸ ਮੌਕੇ ਸ੍ਰੀ ਮਨਦੀਪ ਮੋਂਗਾ, ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਹਾਜ਼ਰ ਸ਼ਖ਼ਸੀਅਤਾਂ ਨੂੰ ਜੀ ਆਇਆਂ ਆਖਿਆ ਗਿਆ। ਸ੍ਰੀ ਜਸਬੀਰ ਸਿੰਘ ਜੱਸੀ ਨੇ ਮੰਚ ਸੰਚਾਲਨ ਦੀ ਭੂਮਿਕਾ ਬਾਖੂਬੀ ਨਿਭਾਈ, ਜਦਕਿ ਸ੍ਰੀ ਸੁਰਿੰਦਰਪਾਲ ਸਿੰਘ ਸੋਨੀ ਨੇ ਟਾਈਮ ਕੀਪਰ ਵਜੋਂ ਸੇਵਾਵਾਂ ਨਿਭਾਈਆਂ।
ਇਸ ਮੌਕੇ ਸ੍ਰੀਮਤੀ ਮੰਜੂ ਸੁਖੀਜਾ, ਸ੍ਰੀਮਤੀ ਸ਼ੋਭਾ, ਸ੍ਰੀ ਪਰਵੀਨ ਸੱਚਰ, ਪ੍ਰੋ. ਪ੍ਰਭਸ਼ਰਨਜੋਤ ਕੌਰ, ਸ੍ਰੀ ਗੁਰਮੀਤ ਸਿੰਘ, ਸ੍ਰੀ ਕੁਲਦੀਪ ਸਿੰਘ, ਸ੍ਰੀਮਤੀ ਵੀਰਪਾਲ ਕੌਰ, ਸ੍ਰੀ ਯਾਦਵਿੰਦਰ ਸਿੰਘ, ਨੀਲਕੰਠ ਅਤੇ ਸ੍ਰੀ ਅਸ਼ੂ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਅਤੇ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
Get all latest content delivered to your email a few times a month.