IMG-LOGO
ਹੋਮ ਪੰਜਾਬ : ਮੋਹਾਲੀ ਨੂੰ ਪੰਜਾਬ ਦੇ ਵਿਕਾਸ ਦੇ ਮਾਡਲ ਵਜੋਂ ਵਿਕਸਿਤ ਕਰਨ...

ਮੋਹਾਲੀ ਨੂੰ ਪੰਜਾਬ ਦੇ ਵਿਕਾਸ ਦੇ ਮਾਡਲ ਵਜੋਂ ਵਿਕਸਿਤ ਕਰਨ ਲਈ ਵਿਸ਼ੇਸ਼ ਤਰਜੀਹ ਦਿੱਤੀ ਜਾਵੇਗੀ : ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ

ਡਿਪਟੀ ਕਮਿਸ਼ਨਰ ਨੇ ਪੱਤਰਕਾਰਾਂ ਨਾਲ ਪਲੇਠੀ ਮਿਲਣੀ ਕਰਕੇ ਗਿਣਵਾਈਆਂ ਆਪਣੀਆਂ ਤਰਜੀਹਾਂ

ਜਨ ਗਣਨਾ ਅਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਵਿੱਚ ਲੋਕਾਂ ਨੂੰ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਕੀਤੀ ਅਪੀਲ

Admin user - Nov 12, 2026 06:35 PM
IMG

ਜਗਦੀਸ਼ ਥਿੰਦ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 12 ਨਵੰਬਰ, 2026 :

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਨਵ-ਨਿਯੁਕਤ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡਚਲਵਾਲ ਨੇ ਅਹੁਦਾ ਸੰਭਾਲਣ ਉਪਰੰਤ ਅੱਜ ਪੱਤਰਕਾਰਾਂ ਨਾਲ ਪਲੇਠੀ ਵਿਸ਼ੇਸ਼ ਪ੍ਰੈੱਸ ਮਿਲਣੀ ਕਰਦਿਆਂ ਕਿਹਾ ਕਿ ਮੋਹਾਲੀ ਪੰਜਾਬ ਦਾ ਗੇਟਵੇਅ ਹੈ ਅਤੇ ਸੂਬੇ ਦੇ ਵਿਕਾਸ ਦੇ ਨਵੇਂ ਮਾਡਲ ਵਜੋਂ ਇਸ ਜ਼ਿਲ੍ਹੇ ਨੂੰ ਵਿਕਸਿਤ ਕਰਨ ਲਈ ਵਿਸ਼ੇਸ਼ ਤਰਜੀਹ ਦਿੱਤੀ ਜਾਵੇਗੀ।

ਉਨ੍ਹਾਂ ਪੰਜਾਬ ਸਰਕਾਰ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਮੁੱਖ ਸਕੱਤਰ ਸ਼੍ਰੀ ਕੇ  ਏ ਪੀ ਸਿਨਹਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਐਸ.ਏ.ਐਸ. ਨਗਰ ਵਰਗੇ ਮੋਹਰੀ ਜ਼ਿਲ੍ਹੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੋਹਾਲੀ ਆਈ.ਟੀ. ਇੰਡਸਟਰੀ, ਸਿੱਖਿਆ ਅਤੇ ਸਿਹਤ ਸਮੇਤ ਵੱਖ-ਵੱਖ ਖੇਤਰਾਂ ਵਿੱਚ ਤੇਜ਼ੀ ਨਾਲ ਉੱਭਰ ਰਿਹਾ ਹੈ। ਇੱਥੇ ਲਾਗੂ ਕੀਤੀਆਂ ਜਾਣ ਵਾਲੀਆਂ ਚੰਗੀਆਂ ਪਹਿਲਕਦਮੀਆਂ ਦਾ ਪ੍ਰਭਾਵ ਪੂਰੇ ਪੰਜਾਬ ਲਈ ਰਾਹ ਦਸੇਰਾ ਹੁੰਦਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਉਨ੍ਹਾਂ ਦੀਆਂ ਪ੍ਰਮੁੱਖ ਤਰਜੀਹਾਂ ਵਿੱਚ ਜਨਗਣਨਾ (ਸੈਂਸਸ) ਦਾ ਕੰਮ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ 16 ਤੋਂ 30 ਨਵੰਬਰ ਤੱਕ ਸਵੈ-ਗਣਨਾ ਦੀ ਪ੍ਰਕਿਰਿਆ ਚੱਲ ਰਹੀ ਹੈ, ਜਿਸ ਤੋਂ ਬਾਅਦ ਪਹਿਲੀ ਦਸੰਬਰ ਤੋਂ ਟੀਮਾਂ ਵੱਲੋਂ ਘਰ-ਘਰ ਜਾ ਕੇ ਜਨਗਣਨਾ ਦਾ ਕੰਮ ਕੀਤਾ ਜਾਵੇਗਾ। ਉਨ੍ਹਾਂ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ, ਸੁਸਾਇਟੀਆਂ ਅਤੇ ਮੁਹੱਲਾ ਕਮੇਟੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਹੱਤਵਪੂਰਨ ਕਾਰਜ ਵਿੱਚ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਅਤੇ ਲੋਕਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ।

ਉਨ੍ਹਾਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ (ਐੱਸ  ਐੱਸ ਆਰ) ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਪ੍ਰਕਿਰਿਆ ਵੀ ਸ਼ੁਰੂ ਹੋ ਚੁੱਕੀ ਹੈ ਅਤੇ 11 ਦਸੰਬਰ ਤੱਕ ਜਾਰੀ ਰਹੇਗੀ। ਉਨ੍ਹਾਂ ਖਾਸ ਤੌਰ 'ਤੇ ਪਹਿਲੀ ਵਾਰ ਵੋਟ ਬਣਵਾਉਣ ਦੇ ਯੋਗ ਨੌਜਵਾਨਾਂ ਅਤੇ ਪਹਿਲੀ ਜਨਵਰੀ 2027 ਦੀ ਯੋਗਤਾ ਮਿਤੀ ਦੇ ਆਧਾਰ 'ਤੇ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਨਾਗਰਿਕਾਂ ਨੂੰ ਆਪਣੇ ਨਾਮ ਵੋਟਰ ਸੂਚੀ ਵਿੱਚ ਚੈੱਕ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਅੱਜ ਮਤਦਾਤਾ ਸੂਚੀ ਦੀ ਮੁਢਲੀ ਪ੍ਰਕਾਸ਼ਨਾ ਬਾਅਦ 11 ਦਸੰਬਰ ਤੱਕ ਦਾਅਵੇ ਅਤੇ ਇਤਰਾਜ਼ ਦਿੱਤੇ ਜਾ ਸਕਦੇ ਹਨ, ਜਿਨ੍ਹਾਂ ਦੇ ਨਿਪਟਾਰੇ ਬਾਅਦ 4 ਜਨਵਰੀ 2027 ਨੂੰ ਅੰਤਿਮ (ਫਾਈਨਲ) ਮਤਦਾਤਾ ਸੂਚੀ ਦੀ ਪ੍ਰਕਾਸ਼ਨਾ ਹੋਵੇਗੀ। ਉਨ੍ਹਾਂ ਕਿਹਾ ਕਿ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਲਈ ਫਾਰਮ ਨੰਬਰ-6 ਰਾਹੀਂ ਆਨਲਾਈਨ ਵੀ ਅਪਲਾਈ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਲੋਕ ਆਪਣੇ ਨਾਮ, ਵੇਰਵਿਆਂ ਦੀ ਸ਼ੁੱਧਤਾ ਅਤੇ ਕਿਸੇ ਵੀ ਤਰ੍ਹਾਂ ਦੀ ਕਮੀ ਜਾਂ ਡੁਪਲੀਕੇਟ ਐਂਟਰੀ ਦੀ ਵੀ ਜਾਂਚ ਕਰਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਨੂੰ ਜ਼ਿਲ੍ਹੇ ਵਿੱਚ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਸਰਗਰਮੀ ਅਤੇ ਵਚਨਬੱਧਤਾ ਨਾਲ ਕੰਮ ਕੀਤਾ ਜਾਵੇਗਾ ਅਤੇ ਇਸ ਮੁਹਿੰਮ ਵਿੱਚ ਲੋਕਾਂ ਦੀ ਸ਼ਮੂਲੀਅਤ ਨੂੰ ਵੀ ਯਕੀਨੀ ਬਣਾਇਆ ਜਾਵੇਗਾ।

ਮੋਹਾਲੀ ਵਿੱਚ ਬਿਲਡਰਾਂ ਵੱਲੋਂ ਫਲੈਟਾਂ ਦੀ ਅਦਾਇਗੀ ਲੈਣ ਦੇ ਬਾਵਜੂਦ ਸਮੇਂ ਸਿਰ ਕਬਜ਼ਾ ਨਾ ਦੇਣ ਸਬੰਧੀ ਮਸਲਿਆਂ ਬਾਰੇ ਉਨ੍ਹਾਂ ਕਿਹਾ ਕਿ ਇਹ ਜ਼ਿਲ੍ਹੇ ਨਾਲ ਜੁੜਿਆ ਇੱਕ ਅਹਿਮ ਮੁੱਦਾ ਹੈ। ਉਹ ਪਹਿਲਾਂ ਇਸ ਸਮੱਸਿਆ ਦੇ ਸਾਰੇ ਪਹਿਲੂਆਂ ਨੂੰ ਸਮਝਣਗੇ ਅਤੇ ਇਹ ਜਾਣਨ ਦੀ ਕੋਸ਼ਿਸ਼ ਕਰਨਗੇ ਕਿ ਫਲੈਟਾਂ ਦਾ ਕਬਜ਼ਾ ਦੇਣ ਵਿੱਚ ਦੇਰੀ ਦੇ ਕੀ ਕਾਰਨ ਹਨ ਅਤੇ ਬਿਲਡਰਾਂ ਵੱਲੋਂ ਵਾਅਦੇ ਅਨੁਸਾਰ ਡਿਲੀਵਰੀ ਕਿਉਂ ਨਹੀਂ ਕੀਤੀ ਜਾ ਰਹੀ। ਇਸ ਤੋਂ ਬਾਅਦ ਇਸ ਮੁੱਦੇ ਦੇ ਹੱਲ ਲਈ ਢੁੱਕਵੇਂ ਕਦਮ ਚੁੱਕੇ ਜਾਣਗੇ।

ਇਸ ਮੌਕੇ ਉਨ੍ਹਾਂ ਅਣਅਧਿਕਾਰਤ ਇਮੀਗ੍ਰੇਸ਼ਨ ਕੰਪਨੀਆਂ ਵੱਲੋਂ ਲੋਕਾਂ ਨਾਲ ਕੀਤੀਆਂ ਜਾ ਰਹੀਆਂ ਧੋਖਾਧੜੀਆਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਸਬੰਧੀ ਮੀਡੀਆ ਸੁਆਲਾਂ ਦਾ ਜੁਆਬ ਦਿੰਦਿਆਂ ਕਿਹਾ ਕਿ ਇਸ ਮੁੱਦੇ ਨੂੰ ਵੀ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ ਅਤੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਲੋੜੀਂਦੀ ਕਾਰਵਾਈ ਯਕੀਨੀ ਬਣਾਈ ਜਾਵੇਗੀ।

ਲੁਧਿਆਣਾ ਅਤੇ ਪਟਿਆਲਾ ਵਿਖੇ ਨਗਰ ਨਿਗਮਾਂ ਦੇ ਕਮਿਸ਼ਨਰ ਵਜੋਂ ਆਪਣੇ ਪਿਛਲੇ ਪ੍ਰਸ਼ਾਸਨਿਕ ਤਜਰਬੇ ਦਾ ਜ਼ਿਕਰ ਕਰਦਿਆਂ ਸ੍ਰੀ ਡਚਲਵਾਲ ਨੇ ਬੇਤਰਤੀਬ ਸ਼ਹਿਰੀ ਵਿਕਾਸ, ਨਾਜਾਇਜ਼ ਉਸਾਰੀਆਂ ਅਤੇ ਕਬਜ਼ਿਆਂ ਵਿਰੁੱਧ ਸਖ਼ਤ ਨੀਤੀ ਅਪਣਾਉਣ ਦਾ ਐਲਾਨ ਕੀਤਾ। ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਾਲ ਮੁੱਢਲੀ ਵਿਚਾਰ-ਚਰਚਾ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪ੍ਰਵਾਨਿਤ ਨਕਸ਼ਿਆਂ ਅਤੇ ਇਮਾਰਤੀ ਯੋਜਨਾਵਾਂ ਤੋਂ ਬਿਨਾਂ ਕਿਸੇ ਵੀ ਉਸਾਰੀ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜਨਤਕ ਥਾਵਾਂ ਵਿੱਚ ਰੁਕਾਵਟ ਪਾਉਣ ਅਤੇ ਆਵਾਜਾਈ ਦੀ ਸਮੱਸਿਆ ਵਧਾਉਣ ਵਾਲੀਆਂ ਉਲੰਘਣਾਵਾਂ ਵਿਰੁੱਧ ਸੀਲਿੰਗ ਅਤੇ ਢਾਹੁਣ ਸਮੇਤ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਨੇ ਜ਼ਿਲ੍ਹੇ ਵਿੱਚ ਜ਼ੀਰਕਪੁਰ, ਖਰੜ, ਲਾਂਡਰਾਂ ਅਤੇ ਸਕੂਲਾਂ ਦੇ ਆਲੇ-ਦੁਆਲੇ ਸਵੇਰੇ-ਸ਼ਾਮ ਦੇ ਰੁਝੇਵਿਆਂ ਭਰੇ ਸਮੇਂ ਦੌਰਾਨ ਆਵਾਜਾਈ ਦੀ ਸਮੱਸਿਆ ਬਾਰੇ ਮੀਡੀਆ ਦੇ ਸੁਆਲਾਂ ਦਾ ਜੁਆਬ ਦਿੰਦਿਆਂ ਕਿਹਾ ਕਿ ਉਹ ਆਉਣ ਵਾਲੇ ਹਫ਼ਤੇ ਦੌਰਾਨ ਜ਼ਿਲ੍ਹੇ ਦੀਆਂ ਪ੍ਰਮੁੱਖ ਸੜਕਾਂ ਦਾ ਖ਼ੁਦ ਨਿਰੀਖਣ ਕਰਨਗੇ। ਉਨ੍ਹਾਂ ਕਿਹਾ ਕਿ ਸੀਨੀਅਰ ਪੁਲਿਸ ਕਪਤਾਨ ਅਤੇ ਪੰਜਾਬ ਸੜਕ ਸੁਰੱਖਿਆ ਮਾਹਿਰਾਂ ਨਾਲ ਤਾਲਮੇਲ ਕਰਕੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਵਿਹਾਰਕ ਹੱਲ ਤਲਾਸ਼ੇ ਜਾਣਗੇ। ਇਸ ਤਹਿਤ ਇਕਹਿਰੀ ਆਵਾਜਾਈ ਪ੍ਰਣਾਲੀ, ਭਾਰੀ ਵਾਹਨਾਂ ਦੀ ਆਵਾਜਾਈ 'ਤੇ ਪਾਬੰਦੀਆਂ ਅਤੇ ਬਦਲਵੇਂ ਰਸਤਿਆਂ ਵਰਗੇ ਉਪਾਵਾਂ 'ਤੇ ਵਿਚਾਰ ਕੀਤਾ ਜਾਵੇਗਾ।

ਜ਼ਿਲ੍ਹੇ ਵਿੱਚ ਵੱਖ ਵੱਖ ਥਾਵਾਂ 'ਤੇ ਬਰਸਾਤੀ ਮੌਸਮ ਦੌਰਾਨ ਪਾਣੀ ਭਰਨ ਦੀ ਸਮੱਸਿਆ ਨਾਲ ਨਜਿੱਠਣ ਲਈ ਅਗਾਊਂ ਯੋਜਨਾਬੰਦੀ ਦੇ ਸੁਆਲ 'ਤੇ ਮੀਡੀਆ ਨਾਲ ਗੱਲਬਾਤ ਕਰਦੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗਾਂ ਨੂੰ ਸਮੇਂ ਸਿਰ ਲੋੜੀਂਦੇ ਪ੍ਰਬੰਧ ਕਰਨ ਲਈ ਪਾਬੰਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਰਸਾਤ ਸ਼ੁਰੂ ਹੋਣ ਤੋਂ ਬਾਅਦ ਆਖ਼ਰੀ ਸਮੇਂ 'ਤੇ ਪ੍ਰਬੰਧ ਕਰਨ ਦੀ ਬਜਾਏ ਪਹਿਲਾਂ ਤੋਂ ਹੀ ਠੋਸ ਅਤੇ ਰੋਕਥਾਮ ਵਾਲੇ ਕਦਮ ਚੁੱਕੇ ਜਾਣੇ ਯਕੀਨੀ ਬਣਾਏ ਜਾਣਗੇ।

ਜਨਤਕ ਸੁਰੱਖਿਆ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਿਚਕਾਰ ਬਿਹਤਰ ਤਾਲਮੇਲ ਬਣਾ ਕੇ ਚੱਲਣ ਦੀ ਵਚਨਬੱਧਤਾ ਪ੍ਰਗਟਾਉਂਦਿਆਂ ਉਨ੍ਹਾਂ ਕਿਹਾ ਕਿ ਫਿਰੌਤੀ ਦੀਆਂ ਧਮਕੀਆਂ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਸਬੰਧੀ ਜ਼ਿਲ੍ਹਾ ਪੁਲਿਸ ਪਹਿਲਾਂ ਹੀ ਮੁਸਤੈਦ ਹੈ। ਉਨ੍ਹਾਂ ਕਿਹਾ ਕਿ 95 ਫੀਸਦੀ ਅਜਿਹੀਆਂ ਫੋਨ ਕਾਲਾਂ ਫਰਜ਼ੀ ਨਿਕਲਦੀਆਂ ਹਨ, ਜਿਨ੍ਹਾਂ ਵਿੱਚ ਦੋਸ਼ੀਆਂ ਵਿਰੁੱਧ ਲੋੜੀਂਦੀ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਂਦੀ ਹੈ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਧਮਕੀ ਭਰੀ ਕਾਲ, ਸੁਨੇਹੇ ਜਾਂ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਜਾਂ ਪੁਲਿਸ ਨੂੰ ਦਿੱਤੀ ਜਾਵੇ ਅਤੇ ਅਜਿਹੇ ਮਾਮਲਿਆਂ ਨੂੰ ਨਿੱਜੀ ਪੱਧਰ 'ਤੇ ਨਜਿੱਠਣ ਦੀ ਕੋਸ਼ਿਸ਼ ਨਾ ਕੀਤੀ ਜਾਵੇ।

ਪਾਰਦਰਸ਼ੀ ਅਤੇ ਲੋਕ ਪੱਖੀ ਪ੍ਰਸ਼ਾਸਨ ਦੀ ਵਚਨਬੱਧਤਾ ਦੁਹਰਾਉਂਦਿਆਂ ਸ੍ਰੀ ਡਚਲਵਾਲ ਨੇ ਐਲਾਨ ਕੀਤਾ ਕਿ ਉਨ੍ਹਾਂ ਦਾ ਦਫ਼ਤਰ ਸਾਰੇ ਕੰਮਕਾਜੀ ਦਿਨਾਂ ਦੌਰਾਨ ਲੋਕਾਂ ਲਈ ਖੁੱਲ੍ਹਾ ਰਹੇਗਾ ਅਤੇ ਉਨ੍ਹਾਂ ਨੂੰ ਮਿਲਣ ਲਈ ਪਹਿਲਾਂ ਸਮਾਂ ਲੈਣ ਜਾਂ ਕਿਸੇ ਵਿਚੋਲੇ ਦੀ ਲੋੜ ਨਹੀਂ ਹੋਵੇਗੀ।

ਉਨ੍ਹਾਂ ਲੋਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੀ ਵੈੱਬਸਾਈਟ 'ਤੇ ਉਪਲਬਧ ਆਪਣੇ ਅਧਿਕਾਰਤ ਸੰਪਰਕ ਨੰਬਰਾਂ ਰਾਹੀਂ ਵੀ ਸਿੱਧਾ ਸੰਪਰਕ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵਿਭਾਗੀ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ ਅਤੇ ਉਨ੍ਹਾਂ ਦੇ ਕੰਮਕਾਜ ਦਾ ਮੁਲਾਂਕਣ ਸਿਰਫ਼ ਫਾਈਲਾਂ ਦੇ ਨਿਪਟਾਰੇ ਦੀ ਬਜਾਏ ਜ਼ਮੀਨੀ ਪੱਧਰ 'ਤੇ ਸਾਹਮਣੇ ਆਉਣ ਵਾਲੇ ਠੋਸ ਨਤੀਜਿਆਂ ਦੇ ਆਧਾਰ 'ਤੇ ਕੀਤਾ ਜਾਵੇਗਾ।

ਮੀਡੀਆ ਨਾਲ ਗੱਲਬਾਤ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਮੋਹਾਲੀ ਨੂੰ ਸਾਫ਼-ਸੁਥਰਾ, ਸੁਰੱਖਿਅਤ ਅਤੇ ਸੁਚੱਜਾ ਬਣਾਈ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਰਗਰਮ ਭਾਈਵਾਲੀ ਨਿਭਾਉਣ। ਉਨ੍ਹਾਂ ਕਿਹਾ ਕਿ ਨਾਗਰਿਕਾਂ ਅਤੇ ਪ੍ਰਸ਼ਾਸਨ ਦੇ ਸਾਂਝੇ ਯਤਨਾਂ ਨਾਲ ਹੀ ਜਨਤਕ ਸਹੂਲਤਾਂ ਨੂੰ ਬਿਹਤਰ ਬਣਾਉਣ, ਲੋਕ ਸੇਵਾਵਾਂ ਵਿੱਚ ਸੁਧਾਰ ਲਿਆਉਣ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਪੰਜਾਬ ਦੇ ਇੱਕ ਮਾਡਲ ਜ਼ਿਲ੍ਹੇ ਵਜੋਂ ਹੋਰ ਮਜ਼ਬੂਤ ਕਰਨ ਦਾ ਟੀਚਾ ਹਾਸਲ ਕੀਤਾ ਜਾ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਪੱਤਰਕਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮੀਡੀਆ ਦਾ ਸਹਿਯੋਗ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰੇਗਾ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.