ਤਾਜਾ ਖਬਰਾਂ
ਜਗਦੀਸ਼ ਥਿੰਦ
ਮੋਗਾ 13 ਨਵੰਬਰ,
ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ ਨਸ਼ਿਆਂ ਦੀ ਸਮੱਸਿਆ ਨਾਲ ਜੂਝ ਰਹੇ ਵਿਅਕਤੀਆਂ ਨੂੰ ਇਲਾਜ ਅਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪਿੰਡ ਦੌਲੇਵਾਲਾ ਮਾਇਰ, ਬਲਾਕ ਕੋਟ ਈਸੇ ਖਾਂ ਵਿਖੇ ਵਿਸ਼ੇਸ਼ ਮੈਡੀਕਲ ਅਤੇ ਨਸ਼ਾ ਛੁਡਾਊ ਕੈਂਪ ਲਗਾਇਆ ਗਿਆ।
ਇਸ ਕੈਂਪ ਦਾ ਮੁੱਖ ਮੰਤਵ ਨਸ਼ਾ ਪੀੜਤ ਵਿਅਕਤੀਆਂ ਨੂੰ ਉਨ੍ਹਾਂ ਦੇ ਨੇੜਲੇ ਖੇਤਰ ਵਿੱਚ ਹੀ ਸਿਹਤ ਸੇਵਾਵਾਂ, ਡਾਕਟਰੀ ਸਲਾਹ ਅਤੇ ਇਲਾਜ ਦੀ ਸਹੂਲਤ ਮੁਹੱਈਆ ਕਰਵਾਉਣਾ ਸੀ, ਤਾਂ ਜੋ ਉਹ ਬਿਨਾਂ ਕਿਸੇ ਝਿਜਕ ਦੇ ਨਸ਼ਿਆਂ ਦੀ ਆਦਤ ਤੋਂ ਛੁਟਕਾਰਾ ਪਾਉਣ ਲਈ ਇਲਾਜ ਸ਼ੁਰੂ ਕਰ ਸਕਣ ਅਤੇ ਇੱਕ ਸਿਹਤਮੰਦ ਜੀਵਨ ਵੱਲ ਕਦਮ ਵਧਾ ਸਕਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਕੁਲਪ੍ਰੀਤ ਸਿੰਘ ਨੇ ਕੈਂਪ ਦਾ ਦੌਰਾ ਕੀਤਾ ਅਤੇ ਉੱਥੇ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਅਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਨਸ਼ਾ ਪੀੜਤ ਵਿਅਕਤੀਆਂ ਨੂੰ ਇਲਾਜ, ਕਾਊਂਸਲਿੰਗ ਅਤੇ ਮੁੜ ਵਸੇਬੇ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਜ਼ੋਰ ਦਿੱਤਾ ਕਿ ਹਰੇਕ ਲੋੜਵੰਦ ਵਿਅਕਤੀ ਤੱਕ ਇਲਾਜ ਦੀ ਪਹੁੰਚ ਯਕੀਨੀ ਬਣਾਈ ਜਾਵੇ ਅਤੇ ਇਲਾਜ ਦੀ ਪ੍ਰਕਿਰਿਆ ਦੌਰਾਨ ਵੀ ਉਨ੍ਹਾਂ ਨੂੰ ਲੋੜੀਂਦਾ ਸਹਿਯੋਗ ਦਿੱਤਾ ਜਾਵੇ।
ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਦਾ ਉਦੇਸ਼ ਸਿਰਫ਼ ਨਸ਼ਿਆਂ ਦੀ ਸਪਲਾਈ ਨੂੰ ਰੋਕਣਾ ਹੀ ਨਹੀਂ, ਸਗੋਂ ਨਸ਼ੇ ਦੀ ਲਪੇਟ ਵਿੱਚ ਆ ਚੁੱਕੇ ਵਿਅਕਤੀਆਂ ਨੂੰ ਇਲਾਜ ਰਾਹੀਂ ਮੁੜ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣਾ ਵੀ ਹੈ। ਨਸ਼ਾ ਇੱਕ ਸਮਾਜਿਕ ਸਮੱਸਿਆ ਹੈ, ਜਿਸ ਦੇ ਖਾਤਮੇ ਲਈ ਪ੍ਰਸ਼ਾਸਨ, ਸਿਹਤ ਵਿਭਾਗ, ਪਿੰਡਾਂ ਦੀਆਂ ਪੰਚਾਇਤਾਂ, ਸਮਾਜਿਕ ਸੰਸਥਾਵਾਂ ਅਤੇ ਆਮ ਲੋਕਾਂ ਦਾ ਸਾਂਝਾ ਯੋਗਦਾਨ ਲਾਜ਼ਮੀ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਤਿਰਸਕਾਰਨ ਦੀ ਬਜਾਏ ਉਨ੍ਹਾਂ ਦਾ ਹੌਸਲਾ ਵਧਾਉਣ ਅਤੇ ਇਲਾਜ ਕਰਵਾਉਣ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਪਰਿਵਾਰ ਦਾ ਸਹਿਯੋਗ, ਸਮਾਜ ਦੀ ਹਮਦਰਦੀ ਅਤੇ ਸਮੇਂ ਸਿਰ ਮਿਲਿਆ ਇਲਾਜ ਕਿਸੇ ਵੀ ਵਿਅਕਤੀ ਨੂੰ ਨਸ਼ਿਆਂ ਤੋਂ ਬਾਹਰ ਕੱਢ ਕੇ ਇੱਕ ਨਵੀਂ ਅਤੇ ਬਿਹਤਰ ਜ਼ਿੰਦਗੀ ਜਿਊਣ ਵਿੱਚ ਮਦਦਗਾਰ ਸਾਬਤ ਹੋ ਸਕਦਾ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਲੋਕ ਭਾਗੀਦਾਰੀ ਨਾਲ ਅਜਿਹੇ ਉਪਰਾਲੇ ਲਗਾਤਾਰ ਜਾਰੀ ਰਹਿਣਗੇ।
Get all latest content delivered to your email a few times a month.