ਤਾਜਾ ਖਬਰਾਂ
ਜਗਦੀਸ਼ ਥਿੰਦ
ਫਾਜ਼ਿਲਕਾ 13 ਨਵੰਬਰ 2026
ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਫਾਜ਼ਿਲਕਾ ਡਾ. ਕਵਿਤਾ ਸਿੰਘ ਦੀ ਉਚੇਚੀ ਨਿਗਰਾਨੀ ਹੇਠ ਜ਼ਿਲ੍ਹਾ ਐਪੀਡਿਮਾਲੋਜਿਸਟ ਡਾ. ਕਰਨਬੀਰ ਸਿੰਘ ਦੀ ਦੇਖ-ਰੇਖ ਵਿੱਚ ਜ਼ਿਲ੍ਹਾ ਫਾਜ਼ਿਲਕਾ ਦੇ ਸਰਕਾਰੀ ਅਤੇ ਨਿੱਜੀ ਦਫ਼ਤਰਾਂ, ਨਿੱਜੀ ਹਸਪਤਾਲਾਂ, ਆਮ ਆਦਮੀ ਕਲੀਨਿਕਾਂ, ਨਿਜੀ ਕਲੀਨਿਕਾਂ, ਲੈਬ, ਕੈਮਿਸਟ ਦੁਕਾਨਾਂ, ਮੈਡੀਕਲ ਕਾਲਜ, ਫਾਰਮੇਸੀ ਕਾਲਜ, ਨਰਸਿੰਗ ਕਾਲਜ ਅਤੇ ਘਰਾਂ ਵਿਖੇ ਡੇਂਗੂ ਲਾਰਵਾ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ। ਨੈਸ਼ਨਲ ਵੈਕਟਰ ਬੋਰਨ ਡਿਜ਼ੀਜ਼ ਕੰਟਰੋਲ ਪ੍ਰੋਗਰਾਮ (ਐਨ.ਵੀ.ਬੀ.ਡੀ.ਸੀ.ਪੀ.) ਤਹਿਤ ਕੀਤੀ ਗਈ ਇਸ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਉਪਰੋਕਤ ਥਾਵਾਂ ਤੇ ਡੇਂਗੂ ਮੱਛਰ ਦੀ ਪੈਦਾਵਾਰ ਵਾਲੀਆਂ ਥਾਵਾਂ ਦੀ ਜਾਂਚ ਕੀਤੀ ਗਈ। ਨਾਲ ਹੀ ਸਟਾਫ ਅਤੇ ਲੋਕਾਂ ਨੂੰ ਮੱਛਰਾਂ ਦੀ ਪੈਦਾਵਾਰ ਰੋਕਣ ਲਈ ਲੋੜੀਂਦੇ ਉਪਾਅ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਉਹਨਾਂ ਕਿਹਾ ਕਿ ਹਫਤੇ ਵਿੱਚ ਇੱਕ ਦਿਨ ਡਰਾਈ ਡੇ ਮਣਾਉਣ ਨਾਲ ਮੱਛਰਾਂ ਦੀ ਬ੍ਰੀਡਿੰਗ ਰੋਕੀ ਜਾ ਸਕਦੀ ਹੈ ਜਿਸ ਨਾਲ ਡੇਂਗੂ 'ਤੇ ਕਾਬੂ ਪਾਉਣ ਵਿੱਚ ਮਦਦ ਮਿਲੇਗੀ।
ਵਿਭਾਗ ਦੀਆਂ ਟੀਮਾਂ ਵੱਲੋਂ ਇਹਨਾਂ ਸੰਸਥਾਵਾਂ ਵਿਖੇ ਕੂਲਰਾਂ, ਪਾਣੀ ਵਾਲੀਆਂ ਟੈਂਕੀਆਂ, ਫਰਿੱਜ ਦੀਆਂ ਟ੍ਰੇਆਂ, ਗਮਲਿਆਂ, ਕਬਾੜ ਅਤੇ ਹੋਰ ਪਾਣੀ ਦੇ ਸੋਮਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਅਤੇ ਲਾਰਵਾ 'ਤੇ ਤੁਰੰਤ ਨਸ਼ਟ ਕੀਤਾ।
ਡਾ ਕਰਨਬੀਰ ਸਿੰਘ ਨੇ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ਼ ਅਤੇ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਜ਼ਿਆਦਾਤਰ ਦਿਨ ਦੇ ਸਮੇਂ ਕੱਟਦਾ ਹੈ। ਇਸ ਲਈ ਆਲੇ-ਦੁਆਲੇ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ। ਪਾਣੀ ਦੇ ਸੋਮਿਆਂ ਨੂੰ ਹਫ਼ਤੇ ਵਿੱਚ ਘੱਟੋ-ਘੱਟ ਇੱਕ ਵਾਰ ਖਾਲੀ ਕਰਕੇ ਚੰਗੀ ਤਰ੍ਹਾਂ ਸਾਫ਼ ਅਤੇ ਸੁਕਾ ਕੇ ਵਰਤਿਆ ਜਾਣਾ ਚਾਹੀਦਾ ਹੈ।
ਉਹਨਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲ੍ਹੇ ਵਿੱਚ ਲਗਾਤਾਰ ਸਰਵੇਖਣ, ਐਂਟੀ ਲਾਰਵਾ ਗਤੀਵਿਧੀਆਂ, ਨਗਰ ਨਿਗਮ ਦੇ ਸਹਿਯੋਗ ਨਾਲ ਫੋਗਿੰਗ ਅਤੇ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਇਸ ਮੌਕੇ 'ਤੇ ਮਾਸ ਮੀਡੀਆ ਵਿੰਗ ਅਤੇ ਐਨਵੀਬੀਡੀਸੀਪੀ ਬ੍ਰਾਂਚ ਦੇ ਕਰਮਚਾਰੀ ਅਤੇ ਬ੍ਰੀਡਿੰਗ ਚੈਕਰ ਮੌਜੂਦ ਸਨ।
Get all latest content delivered to your email a few times a month.