ਤਾਜਾ ਖਬਰਾਂ
ਜਗਦੀਸ਼ ਥਿੰਦ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਨਵੰਬਰ:
ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡਚਲਵਾਲ ਨੇ ਅੱਜ ਜਨਗਣਨਾ-2027 ਦੇ ਦੂਜੇ ਪੜਾਅ, ਜਿਸ ਤਹਿਤ ਆਬਾਦੀ ਦੀ ਗਣਨਾ ਕੀਤੀ ਜਾਣੀ ਹੈ, ਦੀਆਂ ਤਿਆਰੀਆਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਸ ਮਹੱਤਵਪੂਰਨ ਕੌਮੀ ਕਾਰਜ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਚਾਰਜ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਉਨ੍ਹਾਂ ਦੇ ਨਿਰਧਾਰਤ ਬਲਾਕਾਂ ਦੀ ਅਲਾਟਮੈਂਟ ਸਮੇਂ ਸਿਰ ਯਕੀਨੀ ਬਣਾਈ ਜਾਵੇ, ਤਾਂ ਜੋ ਖੇਤਰੀ ਪੱਧਰ 'ਤੇ ਸਾਰੇ ਪ੍ਰਬੰਧ ਪਹਿਲਾਂ ਹੀ ਮੁਕੰਮਲ ਕੀਤੇ ਜਾ ਸਕਣ। ਉਨ੍ਹਾਂ ਸਮੂਹ ਜ਼ਿਲ੍ਹਾ ਮੁਖੀਆਂ ਨੂੰ ਆਪਣੇ ਅਧੀਨ ਕੰਮ ਕਰਦੇ ਸਰਕਾਰੀ ਮੁਲਾਜ਼ਮਾਂ ਵੱਲੋਂ ਵੀ ਸਵੈ-ਗਣਨਾ ਦੀ ਪ੍ਰਕਿਰਿਆ ਵਿੱਚ ਭਾਗ ਲੈਣਾ ਯਕੀਨੀ ਬਣਾਉਣ ਲਈ ਕਿਹਾ।
ਜਨਤਕ ਭਾਗੀਦਾਰੀ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਸ੍ਰੀ ਡਚਲਵਾਲ ਨੇ ਦੱਸਿਆ ਕਿ ਸਵੈ-ਗਣਨਾ ਦੀ ਸਹੂਲਤ 16 ਨਵੰਬਰ ਤੋਂ 30 ਨਵੰਬਰ 2026 ਤੱਕ ਉਪਲਬਧ ਰਹੇਗੀ। ਇਸ ਸਮੇਂ ਦੌਰਾਨ ਨਾਗਰਿਕ ਅਧਿਕਾਰਤ ਵੈੱਬਸਾਈਟ https://se.census.gov.in 'ਤੇ ਜਾ ਕੇ ਆਪਣੇ ਪਰਿਵਾਰ ਅਤੇ ਘਰ ਨਾਲ ਸਬੰਧਤ ਜਾਣਕਾਰੀ ਆਨਲਾਈਨ ਦਰਜ ਕਰ ਸਕਦੇ ਹਨ। ਜਾਣਕਾਰੀ ਸਫ਼ਲਤਾਪੂਰਵਕ ਜਮ੍ਹਾਂ ਹੋਣ ਉਪਰੰਤ ਇੱਕ ਵਿਲੱਖਣ ਸਵੈ-ਗਣਨਾ ਪਛਾਣ ਨੰਬਰ (ਐੱਸ.ਈ. ਆਈ.ਡੀ.) ਜਾਰੀ ਹੋਵੇਗਾ, ਜਿਸ ਨੂੰ ਸੰਭਾਲ ਕੇ ਰੱਖਣਾ ਲਾਜ਼ਮੀ ਹੈ।
ਉਨ੍ਹਾਂ ਦੱਸਿਆ ਕਿ ਗਿਣਤੀਕਾਰਾਂ ਵੱਲੋਂ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਘਰ-ਘਰ ਜਾ ਕੇ ਆਬਾਦੀ ਦੀ ਗਣਨਾ ਕੀਤੀ ਜਾਵੇਗੀ। ਜਿਹੜੇ ਨਾਗਰਿਕ ਪਹਿਲਾਂ ਹੀ ਸਵੈ-ਗਣਨਾ ਕਰ ਚੁੱਕੇ ਹੋਣਗੇ, ਉਹ ਘਰ ਆਉਣ ਵਾਲੇ ਗਿਣਤੀਕਾਰਾਂ ਨੂੰ ਆਪਣਾ ਐੱਸ.ਈ. ਆਈ.ਡੀ. ਮੁਹੱਈਆ ਕਰਵਾਉਣਗੇ, ਤਾਂ ਜੋ ਆਨਲਾਈਨ ਦਰਜ ਕੀਤੀ ਜਾਣਕਾਰੀ ਦੀ ਤਸਦੀਕ ਕੀਤੀ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਇਸ ਕੌਮੀ ਕਾਰਜ ਵਿੱਚ ਸਰਗਰਮੀ ਨਾਲ ਯੋਗਦਾਨ ਪਾਉਣ ਅਤੇ ਸਵੈ-ਗਣਨਾ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। ਉਨ੍ਹਾਂ ਲੋਕਾਂ ਨੂੰ ਆਪਣੇ ਗੁਆਂਢੀਆਂ, ਰਿਸ਼ਤੇਦਾਰਾਂ ਅਤੇ ਦੋਸਤਾਂ-ਮਿੱਤਰਾਂ ਨੂੰ ਵੀ ਇਸ ਬਾਰੇ ਜਾਗਰੂਕ ਕਰਨ ਲਈ ਕਿਹਾ।
ਸਹੀ ਜਨਗਣਨਾ ਅੰਕੜਿਆਂ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਭਰੋਸੇਯੋਗ ਆਬਾਦੀ ਅੰਕੜੇ ਪ੍ਰਭਾਵਸ਼ਾਲੀ ਯੋਜਨਾਬੰਦੀ ਅਤੇ ਨੀਤੀ ਨਿਰਧਾਰਨ ਦਾ ਆਧਾਰ ਹੁੰਦੇ ਹਨ। ਇਨ੍ਹਾਂ ਅੰਕੜਿਆਂ ਦੇ ਆਧਾਰ 'ਤੇ ਸਰਕਾਰ ਵੱਲੋਂ ਸਕੂਲਾਂ, ਹਸਪਤਾਲਾਂ, ਸੜਕਾਂ, ਆਵਾਜਾਈ ਅਤੇ ਹੋਰ ਜਨਤਕ ਸਹੂਲਤਾਂ ਦੀ ਯੋਜਨਾਬੰਦੀ ਕੀਤੀ ਜਾਂਦੀ ਹੈ ਅਤੇ ਭਵਿੱਖ ਦੇ ਵਿਕਾਸ ਸਬੰਧੀ ਫ਼ੈਸਲੇ ਲਏ ਜਾਂਦੇ ਹਨ।
ਉਨ੍ਹਾਂ ਭਰੋਸਾ ਦਿਵਾਇਆ ਕਿ ਜਨਗਣਨਾ ਦੌਰਾਨ ਨਾਗਰਿਕਾਂ ਵੱਲੋਂ ਮੁਹੱਈਆ ਕਰਵਾਈ ਗਈ ਜਾਣਕਾਰੀ ਨਿਰਧਾਰਤ ਨਿਯਮਾਂ ਅਨੁਸਾਰ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।
ਇਸ ਸਬੰਧੀ ਅੱਜ ਸ਼ਾਮ ਹੋਈ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਗੀਤਿਕਾ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਮਨ ਮੜ੍ਹਕਣ, ਐੱਸ.ਡੀ.ਐੱਮ. ਖਰੜ ਸ੍ਰੀ ਗੁਰਮੀਤ ਸਿੰਘ, ਐੱਸ.ਡੀ.ਐੱਮ. ਡੇਰਾਬੱਸੀ ਸ੍ਰੀ ਅਮਿਤ ਗੁਪਤਾ ਤੋਂ ਇਲਾਵਾ ਸਮੂਹ ਚਾਰਜ ਅਫ਼ਸਰ (ਤਹਿਸੀਲਦਾਰ ਅਤੇ ਕਾਰਜਸਾਧਕ ਅਫ਼ਸਰ) ਵੀ ਹਾਜ਼ਰ ਸਨ।
Get all latest content delivered to your email a few times a month.