ਤਾਜਾ ਖਬਰਾਂ
ਜਗਦੀਸ਼ ਥਿੰਦ
ਮੋਗਾ, 14 ਨਵੰਬਰ:
ਨਗਰ ਕੌਂਸਲ ਬਾਘਾਪੁਰਾਣਾ ਅਤੇ ਧਰਮਕੋਟ ਦੇ ਮੈਂਬਰਾਂ ਦੀ ਚੋਣ ਲਈ 28 ਨਵੰਬਰ, 2026 ਨੂੰ ਹੋਣ ਵਾਲੀਆਂ ਚੋਣਾਂ ਨੂੰ ਸ਼ਾਂਤੀਪੂਰਨ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਬਰਕਰਾਰ ਰੱਖਣ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਮੋਗਾ ਸ੍ਰੀ ਸਾਗਰ ਸੇਤੀਆ, ਆਈ.ਏ.ਐੱਸ. ਵੱਲੋਂ ਅਸਲਾ ਧਾਰਕਾਂ ਨੂੰ ਆਪਣੇ ਹਥਿਆਰ ਲੈ ਕੇ ਚੱਲਣ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਜ਼ਿਲ੍ਹਾ ਮੈਜਿਸਟਰੇਟ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਾਰੀ ਹੁਕਮਾਂ ਵਿੱਚ ਕਿਹਾ ਹੈ ਕਿ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਅਤੇ ਸ਼ਾਂਤੀ ਤੇ ਸੁਰੱਖਿਆ ਦਾ ਮਾਹੌਲ ਬਣਾਈ ਰੱਖਣ ਲਈ ਇਹ ਕਦਮ ਚੁੱਕਣਾ ਜ਼ਰੂਰੀ ਹੈ।
ਇਹ ਪਾਬੰਦੀ ਨਗਰ ਕੌਂਸਲ ਬਾਘਾਪੁਰਾਣਾ ਅਤੇ ਧਰਮਕੋਟ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਸਾਰੇ ਅਸਲਾ ਧਾਰਕਾਂ 'ਤੇ ਲਾਗੂ ਹੋਵੇਗੀ। ਇਹ ਹੁਕਮ 14 ਨਵੰਬਰ, 2026 ਤੋਂ ਲੈ ਕੇ ਆਦਰਸ਼ ਚੋਣ ਜ਼ਾਬਤਾ ਖ਼ਤਮ ਹੋਣ ਤੱਕ ਪ੍ਰਭਾਵੀ ਰਹਿਣਗੇ।
ਹੁਕਮਾਂ ਅਨੁਸਾਰ ਆਰਮੀ ਦੇ ਜਵਾਨਾਂ, ਪੈਰਾ ਮਿਲਟਰੀ ਫੋਰਸਾਂ ਅਤੇ ਵਰਦੀਧਾਰੀ ਪੁਲਿਸ ਕਰਮਚਾਰੀਆਂ ਨੂੰ ਇਸ ਪਾਬੰਦੀ ਤੋਂ ਛੋਟ ਦਿੱਤੀ ਗਈ ਹੈ। ਹਾਲਾਂਕਿ, ਚੋਣ ਉਮੀਦਵਾਰਾਂ ਦੇ ਸੁਰੱਖਿਆ ਕਰਮਚਾਰੀ ਅਤੇ ਐਸ.ਪੀ.ਓਜ਼ ਪੋਲਿੰਗ ਸਟੇਸ਼ਨਾਂ ਦੇ ਅੰਦਰ ਹਥਿਆਰ ਨਹੀਂ ਲਿਜਾ ਸਕਣਗੇ।
Get all latest content delivered to your email a few times a month.