ਤਾਜਾ ਖਬਰਾਂ
ਜਗਦੀਸ਼ ਥਿੰਦ
ਸ੍ਰੀ ਮੁਕਤਸਰ ਸਾਹਿਬ, 17 ਨਵੰਬਰ :
ਪ੍ਰਮੁੱਖ ਜਨਗਣਨਾ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਆਨਲਾਈਨ ਸਵੈ-ਗਣਨਾ ਦੀ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਭਾਗ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਇਹ 30 ਨਵੰਬਰ 2026 ਤੱਕ ਜਾਰੀ ਰਹੇਗੀ, ਜਦਕਿ ਘਰ-ਘਰ ਜਾ ਕੇ ਜਨਗਣਨਾ ਕਰਨ ਦੀ ਪ੍ਰਕਿਰਿਆ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਚੱਲੇਗੀ।
ਉਨ੍ਹਾਂ ਕਿਹਾ ਕਿ ਸਵੈ-ਗਣਨਾ ਸੁਵਿਧਾ ਰਾਹੀਂ ਜ਼ਿਲ੍ਹਾ ਵਾਸੀ ਆਪਣੇ ਘਰ ਬੈਠੇ ਹੀ ਅਧਿਕਾਰਤ ਵੈੱਬ ਪੋਰਟਲ se.census.gov.in ਜਾਂ ਬਾਰ ਕੋਡ ਰਾਹੀਂ ਆਪਣੇ ਪਰਿਵਾਰ ਅਤੇ ਮਕਾਨ ਨਾਲ ਸਬੰਧਤ ਜਾਣਕਾਰੀ ਦਰਜ ਕਰਵਾ ਸਕਦੇ ਹਨ। ਇਸ ਨਾਲ ਨਾਗਰਿਕਾਂ ਨੂੰ ਆਪਣੀ ਸਹੂਲਤ ਅਨੁਸਾਰ ਜਾਣਕਾਰੀ ਭਰਨ ਦਾ ਮੌਕਾ ਮਿਲੇਗਾ ਅਤੇ ਗਣਨਾਕਾਰ ਦੇ ਘਰ ਆਉਣ ਦੀ ਉਡੀਕ ਕਰਨ ਦੀ ਲੋੜ ਨਹੀਂ ਪਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਨਗਣਨਾ ਦੇ ਸਹੀ ਅਤੇ ਭਰੋਸੇਯੋਗ ਅੰਕੜੇ ਜ਼ਿਲ੍ਹੇ ਸਮੇਤ ਸਮੁੱਚੇ ਸੂਬੇ ਅਤੇ ਦੇਸ਼ ਦੇ ਵਿਕਾਸ ਦੀ ਯੋਜਨਾਬੰਦੀ ਲਈ ਅਹਿਮ ਆਧਾਰ ਹੁੰਦੇ ਹਨ। ਇਨ੍ਹਾਂ ਅੰਕੜਿਆਂ ਦੀ ਮਦਦ ਨਾਲ ਸਿੱਖਿਆ, ਸਿਹਤ ਸੇਵਾਵਾਂ, ਸੜਕਾਂ, ਪੀਣ ਵਾਲੇ ਪਾਣੀ, ਸਫ਼ਾਈ, ਬਿਜਲੀ ਅਤੇ ਹੋਰ ਬੁਨਿਆਦੀ ਸਹੂਲਤਾਂ ਤੇ ਲੋਕ ਭਲਾਈ ਯੋਜਨਾਵਾਂ ਸਬੰਧੀ ਬਿਹਤਰ ਯੋਜਨਾਬੰਦੀ ਕੀਤੀ ਜਾ ਸਕਦੀ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 30 ਨਵੰਬਰ 2026 ਦੀ ਆਖਰੀ ਮਿਤੀ ਤੋਂ ਪਹਿਲਾਂ ਇਸ ਪ੍ਰਕਿਰਿਆ ਨੂੰ ਮੁਕੰਮਲ ਕਰਨ ਅਤੇ ਜਾਣਕਾਰੀ ਦਰਜ ਕਰਵਾਉਂਦੇ ਸਮੇਂ ਪੂਰੀ ਸਹੀ ਜਾਣਕਾਰੀ ਦੇਣ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵਸਨੀਕਾਂ ਨੂੰ ਜਨਗਣਨਾ-2027 ਦੀ ਇਸ ਮਹੱਤਵਪੂਰਨ ਪ੍ਰਕਿਰਿਆ ਵਿੱਚ ਆਪਣੀ ਭਾਗੀਦਾਰੀ ਯਕੀਨੀ ਬਣਾਉਣ ਅਤੇ ਸਹੀ ਅੰਕੜੇ ਮੁਹੱਈਆ ਕਰਵਾ ਕੇ ਦੇਸ਼ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ।
ਜਨਗਣਨਾ 2027 ਦੇ ਦੂਜੇ ਪੜਾਅ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਪ ਅਰਥ ਅਤੇ ਅੰਕੜਾ ਸਲਾਹਕਾਰ ਸ੍ਰੀ ਰੁਪਿੰਦਰ ਸਿੰਘ ਨੇ ਦੱਸਿਆ ਕਿ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਡਾਇਰੈਕਟੋਰੇਟ ਆਫ਼ ਸੈਂਸਸ ਆਪ੍ਰੇਸ਼ਨਜ਼ ਪੰਜਾਬ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਚਲਾਈ ਜਾ ਰਹੀ ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਰਾਹੀਂ ਜ਼ਿਲ੍ਹੇ ਵਿੱਚ ਪਹੁੰਚ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਇਸੇ ਲੜੀ ਤਹਿਤ ਅੱਜ ਜਾਗਰੂਕਤਾ ਵੈਨ ਰਾਹੀਂ ਜ਼ਿਲ੍ਹੇ ਦੇ ਪਿੰਡ ਚੱਕ ਖੋਖਰ, ਹਰਾਜ, ਕੋਟਲੀ ਸੰਘਰ, ਭੁੱਟੀਵਾਲਾ, ਥਾਂਦੇਵਾਲਾ, ਲੰਬੀ ਢਾਬ, ਚੱਕ ਲੰਬੀ ਢਾਬ, ਸਦਰਵਾਲਾ, ਚੱਕ ਅਟਾਰੀ ਸਦਰਵਾਲਾ, ਗੁਲਾਬੇਵਾਲਾ, ਖੱਪਿਆਂਵਾਲੀ, ਰਣਜੀਤਗੜ੍ਹ, ਜਵਾਰੇਵਾਲਾ, ਚੱਕ ਕਾਲਾ ਸਿੰਘ ਵਾਲਾ, ਰੋੜਾਂਵਾਲੀ, ਅਟਾਰੀ, ਫੱਤਣਵਾਲਾ, ਰੂਹੜੀਆਂਵਾਲੀ ਅਤੇ ਮਹਾਂਬੱਧਰ ਵਿੱਚ ਜਾ ਕੇ ਲੋਕਾਂ ਨੂੰ ਜਨਗਣਨਾ 2027 ਦੇ ਦੂਜੇ ਪੜਾਅ ਬਾਰੇ ਜਾਗਰੂਕ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 18 ਨਵੰਬਰ ਨੂੰ ਜਾਗਰੂਕਤਾ ਵੈਨ ਰਾਹੀਂ ਚੱਕ ਮਹਾਂਬੱਧਰ, ਬੱਲਮਗੜ੍ਹ, ਮੌੜ, ਭਾਗਸਰ, ਰਾਮਗੜ੍ਹ, ਗੰਧੜ, ਲੱਖੇਵਾਲੀ, ਨੰਦਗੜ੍ਹ, ਸੰਮੇਵਾਲੀ, ਮਦਰੱਸਾ, ਚੱਕ ਮਦਰੱਸਾ, ਵਧਾਈਆਂ, ਅਕਾਲਗੜ੍ਹ, ਚੱਕ ਸ਼ੇਰੇਵਾਲਾ, ਚਿੱਬੜਾਂਵਾਲੀ, ਖੁੰਡੇ ਹਲਾਲ, ਰੁਪਾਣਾ ਅਤੇ ਦੂਹੇਵਾਲਾ ਪਿੰਡਾਂ ਵਿੱਚ ਪਹੁੰਚ ਕੇ ਲੋਕਾਂ ਨੂੰ ਜਨਗਣਨਾ ਦੀ ਪ੍ਰਕਿਰਿਆ ਬਾਰੇ ਜਾਗਰੂਕ ਕੀਤਾ ਜਾਵੇਗਾ।
Get all latest content delivered to your email a few times a month.