ਤਾਜਾ ਖਬਰਾਂ
ਜਗਦੀਸ਼ ਥਿੰਦ
ਮੋਗਾ, 18 ਨਵੰਬਰ:
ਜਨਗਣਨਾ-2027 ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਅਤੇ ਇਸ ਅਹਿਮ ਕੌਮੀ ਪ੍ਰਕਿਰਿਆ ਵਿੱਚ ਲੋਕਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਜ਼ਿਲ੍ਹਾ ਮੋਗਾ ਵਿੱਚ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਡਿਜੀਟਲ ਐੱਲਈਡੀ ਵੈਨ ਵੱਲੋਂ ਬਾਘਾਪੁਰਾਣਾ ਸਬ-ਡਵੀਜ਼ਨ ਦੇ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕਰਕੇ ਲੋਕਾਂ ਨੂੰ ਜਨਗਣਨਾ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਜਨਗਣਨਾ ਅਧਿਕਾਰੀ ਸ੍ਰੀ ਸਾਗਰ ਸੇਤੀਆ ਨੇ ਦੱਸਿਆ ਕਿ 'ਸਾਡੀ ਜਨਗਣਨਾ, ਸਾਡਾ ਵਿਕਾਸ' ਦੇ ਸੰਦੇਸ਼ ਨਾਲ ਲੈਸ ਇਹ ਡਿਜੀਟਲ ਵੈਨ 13 ਨਵੰਬਰ ਤੋਂ 30 ਨਵੰਬਰ 2026 ਤੱਕ ਜ਼ਿਲ੍ਹੇ ਦੇ ਵੱਖ-ਵੱਖ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੀ ਹੈ। ਵੈਨ ਰਾਹੀਂ ਆਡੀਓ-ਵੀਡੀਓ ਸੰਦੇਸ਼ਾਂ ਦੇ ਮਾਧਿਅਮ ਨਾਲ ਜਨਗਣਨਾ-2027 ਦੀ ਮਹੱਤਤਾ, ਇਸ ਦੀ ਪ੍ਰਕਿਰਿਆ ਅਤੇ ਸਵੈ-ਗਣਨਾ ਦੀ ਆਨਲਾਈਨ ਸਹੂਲਤ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਜਨਗਣਨਾ ਦੇ ਸਹੀ ਅਤੇ ਭਰੋਸੇਯੋਗ ਅੰਕੜੇ ਦੇਸ਼ ਦੀ ਵਿਕਾਸ ਯੋਜਨਾਬੰਦੀ, ਲੋਕ ਭਲਾਈ ਸਕੀਮਾਂ ਅਤੇ ਪ੍ਰਭਾਵਸ਼ਾਲੀ ਪ੍ਰਸ਼ਾਸਨ ਲਈ ਬੇਹੱਦ ਮਹੱਤਵਪੂਰਨ ਹਨ। ਇਸ ਲਈ ਹਰੇਕ ਨਾਗਰਿਕ ਨੂੰ ਇਸ ਕੌਮੀ ਕਾਰਜ ਵਿੱਚ ਆਪਣੀ ਜ਼ਿੰਮੇਵਾਰੀ ਸਮਝਦਿਆਂ ਸਰਗਰਮ ਭਾਗੀਦਾਰੀ ਕਰਨੀ ਚਾਹੀਦੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਨਗਣਨਾ-2027 ਤਹਿਤ 16 ਨਵੰਬਰ ਤੋਂ 30 ਨਵੰਬਰ 2026 ਤੱਕ ਸਵੈ-ਗਣਨਾ ਦੀ ਸਹੂਲਤ ਉਪਲਬਧ ਕਰਵਾਈ ਗਈ ਹੈ। ਇਸ ਤਹਿਤ ਲੋਕ ਅਧਿਕਾਰਤ ਪੋਰਟਲ se.census.gov.in ਰਾਹੀਂ ਘਰ ਬੈਠੇ ਹੀ ਆਪਣੇ ਮਕਾਨ ਅਤੇ ਪਰਿਵਾਰ ਸਬੰਧੀ ਲੋੜੀਂਦੀ ਜਾਣਕਾਰੀ ਆਨਲਾਈਨ ਦਰਜ ਕਰਵਾ ਸਕਦੇ ਹਨ। ਆਨਲਾਈਨ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਹਰੇਕ ਪਰਿਵਾਰ ਨੂੰ ਇੱਕ ਵਿਲੱਖਣ ਸਵੈ-ਗਣਨਾ ਪਛਾਣ ਨੰਬਰ (ਐੱਸ.ਈ. ਆਈ.ਡੀ.) ਜਾਰੀ ਕੀਤਾ ਜਾਵੇਗਾ, ਜਿਸ ਨੂੰ ਘਰ-ਘਰ ਜਨਗਣਨਾ ਕਰਨ ਲਈ ਆਉਣ ਵਾਲੇ ਅਧਿਕਾਰਤ ਕਰਮਚਾਰੀ ਨਾਲ ਸਾਂਝਾ ਕਰਨਾ ਲਾਜ਼ਮੀ ਹੋਵੇਗਾ।
ਉਨ੍ਹਾਂ ਬਾਘਾਪੁਰਾਣਾ ਸਬ-ਡਵੀਜ਼ਨ ਦੇ ਸਮੂਹ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਡਿਜੀਟਲ ਵੈਨ ਰਾਹੀਂ ਦਿੱਤੀ ਜਾ ਰਹੀ ਜਾਣਕਾਰੀ ਦਾ ਲਾਭ ਉਠਾਉਣ ਅਤੇ ਨਿਰਧਾਰਤ ਸਮੇਂ ਅੰਦਰ ਆਪਣੀ ਸਵੈ-ਗਣਨਾ ਜ਼ਰੂਰ ਪੂਰੀ ਕਰਨ। ਇਸ ਦੇ ਨਾਲ ਹੀ ਉਨ੍ਹਾਂ ਗ੍ਰਾਮ ਪੰਚਾਇਤਾਂ, ਪਿੰਡਾਂ ਦੇ ਮੋਹਤਬਰਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਜਾਗਰੂਕਤਾ ਮੁਹਿੰਮ ਵਿੱਚ ਸਹਿਯੋਗ ਦੇਣ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਜਨਗਣਨਾ ਪ੍ਰਕਿਰਿਆ ਨਾਲ ਜੋੜਨ।
ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਜਨਗਣਨਾ ਦੌਰਾਨ ਨਾਗਰਿਕਾਂ ਵੱਲੋਂ ਦਿੱਤੀ ਜਾਣ ਵਾਲੀ ਨਿੱਜੀ ਜਾਣਕਾਰੀ ਜਨਗਣਨਾ ਐਕਟ, 1948 ਦੇ ਉਪਬੰਧਾਂ ਅਨੁਸਾਰ ਪੂਰੀ ਤਰ੍ਹਾਂ ਗੁਪਤ ਰੱਖੀ ਜਾਂਦੀ ਹੈ।
Get all latest content delivered to your email a few times a month.