IMG-LOGO
ਹੋਮ ਪੰਜਾਬ : ਜ਼ਿਲ੍ਹਾ ਪੱਧਰੀ ਸਵੀਪ ਲੇਖ ਅਤੇ ਕੁਇਜ਼ ਮੁਕਾਬਲੇ ਸਫ਼ਲਤਾਪੂਰਵਕ ਸੰਪੰਨ

ਜ਼ਿਲ੍ਹਾ ਪੱਧਰੀ ਸਵੀਪ ਲੇਖ ਅਤੇ ਕੁਇਜ਼ ਮੁਕਾਬਲੇ ਸਫ਼ਲਤਾਪੂਰਵਕ ਸੰਪੰਨ

ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚੋਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੇ ਲਿਆ ਭਾਗ,

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜੇਤੂਆਂ ਨੂੰ ਸਰਟੀਫਿਕੇਟ ਦੇ ਕੇ ਕੀਤਾ ਸਨਮਾਨਿਤ

Admin user - Nov 19, 2026 09:00 PM
IMG

ਜਗਦੀਸ਼ ਥਿੰਦ  
ਸ੍ਰੀ ਮੁਕਤਸਰ ਸਾਹਿਬ, 19 ਨਵੰਬਰ:

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਜਾਗਰੂਕਤਾ ਮੁਹਿੰਮ (ਸਵੀਪ) ਤਹਿਤ ਜ਼ਿਲ੍ਹਾ ਪੱਧਰੀ ਲੇਖ ਅਤੇ ਕੁਇਜ਼ ਮੁਕਾਬਲੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ੍ਰੀ ਮੁਕਤਸਰ ਸਾਹਿਬ ਦੇ ਮੀਟਿੰਗ ਹਾਲ ਵਿਖੇ ਸਫ਼ਲਤਾਪੂਰਵਕ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਲੋਕਤੰਤਰੀ ਕਦਰਾਂ-ਕੀਮਤਾਂ, ਚੋਣ ਪ੍ਰਕਿਰਿਆ ਅਤੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ।

ਇਹ ਮੁਕਾਬਲੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਕੰਚਨ ਦੀ ਰਹਿਨੁਮਾਈ ਹੇਠ ਕਰਵਾਏ ਗਏ।

ਇਨ੍ਹਾਂ ਮੁਕਾਬਲਿਆਂ ਵਿੱਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਪਹਿਲਾਂ ਕਰਵਾਏ ਗਏ ਮੁਕਾਬਲਿਆਂ ਦੌਰਾਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੇ ਭਾਗ ਲਿਆ। ਹਰੇਕ ਵਿਧਾਨ ਸਭਾ ਹਲਕੇ ਵਿੱਚੋਂ 10-10 ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਲੇਖ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਵੋਟਰ ਜਾਗਰੂਕਤਾ ਅਤੇ ਲੋਕਤੰਤਰ ਨਾਲ ਸਬੰਧਤ ਵਿਸ਼ਿਆਂ 'ਤੇ ਆਪਣੇ ਵਿਚਾਰ ਲਿਖਤੀ ਰੂਪ ਵਿੱਚ ਪੇਸ਼ ਕੀਤੇ, ਜਦਕਿ ਕੁਇਜ਼ ਮੁਕਾਬਲੇ ਦੌਰਾਨ ਵਿਦਿਆਰਥੀਆਂ ਤੋਂ ਚੋਣ ਪ੍ਰਣਾਲੀ, ਭਾਰਤੀ ਲੋਕਤੰਤਰ, ਵੋਟ ਦੇ ਅਧਿਕਾਰ ਅਤੇ ਆਮ ਗਿਆਨ ਨਾਲ ਸਬੰਧਤ ਸਵਾਲ ਪੁੱਛੇ ਗਏ।

ਕੁਇਜ਼ ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸਵਾਲਾਂ ਦੇ ਜਵਾਬ ਦਿੱਤੇ ਅਤੇ ਆਪਣੀ ਜਾਣਕਾਰੀ, ਸਮਝ ਅਤੇ ਤੁਰੰਤ ਜਵਾਬ ਦੇਣ ਦੀ ਸਮਰੱਥਾ ਦਾ ਪ੍ਰਦਰਸ਼ਨ ਕੀਤਾ। ਇਸੇ ਤਰ੍ਹਾਂ ਲੇਖ ਮੁਕਾਬਲੇ ਵਿੱਚ ਵਿਦਿਆਰਥੀਆਂ ਦੀ ਲਿਖਣ ਕਲਾ, ਰਚਨਾਤਮਕ ਸੋਚ ਅਤੇ ਵਿਸ਼ੇ ਪ੍ਰਤੀ ਸਮਝ ਸਾਹਮਣੇ ਆਈ। ਦੋਵਾਂ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਜੇਤੂ ਵਿਦਿਆਰਥੀਆਂ ਨੂੰ ਮੌਕੇ 'ਤੇ ਹੀ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਰਿੰਦਰ ਸਿੰਘ ਧਾਲੀਵਾਲ ਵੱਲੋਂ ਭੇਜੇ ਗਏ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।

ਲੇਖ ਮੁਕਾਬਲੇ ਵਿੱਚ ਪਹਿਲਾ ਸਥਾਨ ਅਰਸ਼ਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥਾਂਦੇਵਾਲਾ, ਦੂਸਰਾ ਸਥਾਨ ਮਨਮੀਤ ਕੌਰ ਜੇ.ਐਨ.ਜੀ. ਡੀ.ਏ.ਵੀ. ਪਬਲਿਕ ਸਕੂਲ ਗਿੱਦੜਬਾਹਾ, ਤੀਸਰਾ ਸਥਾਨ ਸਤਵੀਰ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ, ਚੌਥਾ ਸਥਾਨ ਅਭਿਜੋਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂਸਰ, ਪੰਜਵਾਂ ਸਥਾਨ ਮਨਦੀਪ ਕੌਰ ਸਰਕਾਰੀ ਹਾਈ ਸਕੂਲ ਸੱਕਾਂਵਾਲੀ ਨੇ ਅਤੇ ਕੁਇੱਜ਼ ਮੁਕਾਬਲੇ ਵਿੱਚ ਪਹਿਲਾ ਸਥਾਨ ਹਰਜੋਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਰਕ ਖੇੜਾ, ਦੂਜਾ ਸਥਾਨ ਜਸ਼ਨਦੀਪ ਕੌਰ ਸਰਕਾਰੀ ਹਾਈ ਸਕੂਲ ਭੰਗਚੜੀ, ਤੀਜਾ ਸਥਾਨ ਪ੍ਰਭਜੋਤ ਕੌਰ ਦਸ਼ਮੇਸ਼ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਬਾਦਲ, ਚੌਥਾ ਸਥਾਨ ਮਾਨਿਕ ਸੱਚਦੇਵਾ ਸਰਕਾਰੀ ਹਾਈ ਸਕੂਲ ਬਰਕੰਦੀ ਅਤੇ ਪੰਜਵਾਂ ਸਥਾਨ ਏਕਮਦੀਪ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਨੇ ਪ੍ਰਾਪਤ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਸ੍ਰੀ ਜਸਵਿੰਦਰ ਪਾਲ ਸ਼ਰਮਾ ਨੇ ਕਿਹਾ ਕਿ ਸਵੀਪ ਪ੍ਰੋਗਰਾਮ ਭਾਰਤ ਚੋਣ ਕਮਿਸ਼ਨ ਦਾ ਇੱਕ ਮਹੱਤਵਪੂਰਨ ਉਪਰਾਲਾ ਹੈ, ਜਿਸ ਦਾ ਮਕਸਦ ਯੋਗ ਵੋਟਰਾਂ ਨੂੰ ਵੋਟ ਬਣਵਾਉਣ, ਚੋਣਾਂ ਵਿੱਚ ਭਾਗ ਲੈਣ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ ਲਈ ਜਾਗਰੂਕ ਕਰਨਾ ਹੈ। ਵਿਦਿਅਕ ਸੰਸਥਾਵਾਂ ਵਿੱਚ ਅਜਿਹੇ ਮੁਕਾਬਲੇ ਕਰਵਾਉਣ ਨਾਲ ਵਿਦਿਆਰਥੀਆਂ ਨੂੰ ਲੋਕਤੰਤਰੀ ਪ੍ਰਣਾਲੀ ਬਾਰੇ ਜਾਣਕਾਰੀ ਹਾਸਲ ਕਰਨ ਦਾ ਮੌਕਾ ਮਿਲਦਾ ਹੈ। ਵਿਦਿਆਰਥੀ ਇਸ ਜਾਣਕਾਰੀ ਨੂੰ ਆਪਣੇ ਪਰਿਵਾਰਾਂ ਅਤੇ ਸਮਾਜ ਤੱਕ ਪਹੁੰਚਾ ਕੇ ਵੋਟਰ ਜਾਗਰੂਕਤਾ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵਿੱਚ ਵੀ ਯੋਗਦਾਨ ਪਾ ਸਕਦੇ ਹਨ।

ਉਨ੍ਹਾਂ ਹੋਰ ਕਿਹਾ ਕਿ ਲੇਖ ਅਤੇ ਕੁਇਜ਼ ਵਰਗੇ ਮੁਕਾਬਲੇ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਰਚਨਾਤਮਕ ਸੋਚ, ਤਰਕਸ਼ੀਲ ਸਮਝ ਅਤੇ ਆਤਮ-ਵਿਸ਼ਵਾਸ ਨੂੰ ਵੀ ਮਜ਼ਬੂਤ ਕਰਦੇ ਹਨ। ਅਜਿਹੇ ਉਪਰਾਲਿਆਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਲੋਕਤੰਤਰ ਦੀ ਮਹੱਤਤਾ ਅਤੇ ਨਾਗਰਿਕ ਜ਼ਿੰਮੇਵਾਰੀਆਂ ਬਾਰੇ ਜਾਣੂ ਕਰਵਾਇਆ ਜਾ ਸਕਦਾ ਹੈ, ਜੋ ਭਵਿੱਖ ਵਿੱਚ ਜਾਗਰੂਕ ਅਤੇ ਜ਼ਿੰਮੇਵਾਰ ਵੋਟਰਾਂ ਦੀ ਸਿਰਜਣਾ ਕਰਨ ਦੇ ਨਾਲ-ਨਾਲ ਦੇਸ਼ ਦੀ ਲੋਕਤੰਤਰੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਸਹਾਈ ਸਿੱਧ ਹੋਣਗੇ।

ਇਸ ਮੌਕੇ ਜ਼ਿਲ੍ਹਾ ਸਵੀਪ ਟੀਮ ਦੇ ਮੈਂਬਰ ਸ੍ਰੀ ਰਾਜਕੁਮਾਰ, ਸ੍ਰੀ ਰੂੜ ਸਿੰਘ, ਸ੍ਰੀ ਲਖਵੀਰ ਸਿੰਘ, ਸ੍ਰੀ ਅਮਰਦੀਪ ਸਿੰਘ, ਸ੍ਰੀ ਸੰਜੀਵ ਭੱਟੀ, ਸ੍ਰੀ ਸਾਹਿਲ ਸਰਦਾਨਾ ਅਤੇ ਸ੍ਰੀ ਸੁਮਿਤ ਸਲੂਜਾ ਸਮੇਤ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਹਲਕਿਆਂ ਦੀਆਂ ਸਵੀਪ ਟੀਮਾਂ ਦੇ ਮੈਂਬਰਾਂ ਨੇ ਵੀ ਸ਼ਮੂਲੀਅਤ ਕੀਤੀ ਅਤੇ ਮੁਕਾਬਲਿਆਂ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਇਆ ਅਤੇ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਸਹੂਲਤ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਚੋਣ ਤਹਿਸੀਲਦਾਰ ਸ੍ਰੀ ਵਿਭੂ ਜੈਨ ਵੱਲੋਂ ਕੀਤਾ ਗਿਆ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.