ਤਾਜਾ ਖਬਰਾਂ
ਜਗਦੀਸ਼ ਥਿੰਦ
ਮੋਗਾ, 19 ਨਵੰਬਰ:
ਮੋਗਾ ਨੇੜਲੇ ਪਿੰਡ ਨੱਥੂਵਾਲਾ ਜਦੀਦ ਵਿਖੇ 26 ਨਵੰਬਰ 2026 ਨੂੰ ਹੋਣ ਵਾਲੇ ਵਿਸ਼ਾਲ ਰਾਜ ਪੱਧਰੀ ਸਮਾਗਮ ਨੂੰ ਸਫ਼ਲ ਬਣਾਉਣ ਲਈ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹਨ। ਇਨ੍ਹਾਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਧਾਇਕ ਤਲਵੰਡੀ ਸਾਬੋ ਪ੍ਰੋ. ਬਲਜਿੰਦਰ ਕੌਰ ਅਤੇ ਵਿਧਾਇਕ ਕੁਲਵੰਤ ਸਿੰਘ ਨੇ ਸਮਾਗਮ ਵਾਲੀ ਥਾਂ ਦਾ ਵਿਸ਼ੇਸ਼ ਦੌਰਾ ਕੀਤਾ ਅਤੇ ਵੱਖ-ਵੱਖ ਪ੍ਰਬੰਧਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਐਡਵੋਕੇਟ ਪਰਮਵੀਰ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਅੰਮ੍ਰਿਤਪਾਲ ਸਿੰਘ ਖ਼ਾਲਸਾ ਵੀ ਮੌਜੂਦ ਸਨ।
ਇਸ ਮੌਕੇ ਵਿਧਾਇਕਾਂ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਣ ਵਾਲਾ ਇਹ ਰਾਜ ਪੱਧਰੀ ਸਮਾਗਮ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਅਹਿਮ ਮੌਕਾ ਹੋਵੇਗਾ। ਇਸ ਦੌਰਾਨ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦੀ ਸ਼ੁਰੂਆਤ ਕੀਤੀ ਜਾਵੇਗੀ, ਜਿਸ ਨਾਲ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਰਾਸ਼ਨ ਦੀ ਸਹੂਲਤ ਹੋਰ ਸੁਚਾਰੂ, ਪਾਰਦਰਸ਼ੀ ਅਤੇ ਸੁਵਿਧਾਜਨਕ ਢੰਗ ਨਾਲ ਮੁਹੱਈਆ ਕਰਵਾਉਣ ਵਿੱਚ ਮਦਦ ਮਿਲੇਗੀ।
ਉਨ੍ਹਾਂ ਦੱਸਿਆ ਕਿ ਇਸ ਖੁਸ਼ਹਾਲ ਪੰਜਾਬ ਮਹਾਂਰੈਲੀ ਵਿੱਚ ਪੰਜਾਬ ਭਰ ਤੋਂ ਇੱਕ ਲੱਖ ਤੋਂ ਵੱਧ ਲੋਕਾਂ ਦਾ ਇਕੱਠ ਹੋਵੇਗਾ।ਇਸ ਮੰਤਵ ਲਈ ਲਗਭਗ 116 ਏਕੜ ਜਗ੍ਹਾ ਵਿੱਚ ਵਿਸ਼ਾਲ ਪੱਧਰ 'ਤੇ ਪ੍ਰਬੰਧ ਕੀਤੇ ਜਾ ਰਹੇ ਹਨ। ਸਮਾਗਮ ਵਿੱਚ ਆਮ ਲੋਕਾਂ ਦੇ ਨਾਲ-ਨਾਲ ਪਾਰਟੀ ਵਰਕਰਾਂ ਅਤੇ ਵਲੰਟੀਅਰਾਂ ਦੀ ਵੱਡੀ ਸ਼ਮੂਲੀਅਤ ਰਹੇਗੀ।
ਦੌਰੇ ਦੌਰਾਨ ਉਨ੍ਹਾਂ ਨੇ ਪਾਰਕਿੰਗ, ਆਵਾਜਾਈ, ਸੁਰੱਖਿਆ, ਪੀਣ ਵਾਲੇ ਪਾਣੀ, ਸਾਫ਼-ਸਫ਼ਾਈ, ਬੈਠਣ ਦੇ ਪ੍ਰਬੰਧਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਆਉਣ ਵਾਲੇ ਲੋਕਾਂ ਦੀ ਸਹੂਲਤ ਸਭ ਤੋਂ ਅਹਿਮ ਹੈ ਅਤੇ ਇਸ ਲਈ ਹਰੇਕ ਪ੍ਰਬੰਧ ਸੁਚੱਜੇ ਢੰਗ ਨਾਲ ਕੀਤਾ ਜਾਣਾ ਚਾਹੀਦਾ ਹੈ। ਖਾਸ ਕਰਕੇ ਔਰਤਾਂ, ਬਜ਼ੁਰਗਾਂ, ਬੱਚਿਆਂ ਅਤੇ ਦੂਰ-ਦੁਰਾਡੇ ਤੋਂ ਆਉਣ ਵਾਲੇ ਲੋਕਾਂ ਲਈ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਈਆਂ ਜਾਣ।
ਵਿਧਾਇਕਾਂ ਨੇ ਕਿਹਾ ਕਿ ਇਹ ਸਮਾਗਮ ਸਿਰਫ਼ ਇੱਕ ਵਿਸ਼ਾਲ ਇਕੱਠ ਤੱਕ ਸੀਮਤ ਨਹੀਂ ਰਹੇਗਾ, ਸਗੋਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਆਮ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਨੂੰ ਲੋਕਾਂ ਸਾਹਮਣੇ ਰੱਖਣ ਦਾ ਮੰਚ ਵੀ ਬਣੇਗਾ। ਇਸ ਮੌਕੇ ਸਿੱਖਿਆ ਦੇ ਖੇਤਰ ਵਿੱਚ ਕੀਤੇ ਸੁਧਾਰਾਂ, ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸਹੂਲਤਾਂ ਦੇ ਵਿਸਥਾਰ, ਘਰੇਲੂ ਖਪਤਕਾਰਾਂ ਨੂੰ ਮੁਫ਼ਤ ਬਿਜਲੀ, ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ, ਕਿਸਾਨਾਂ ਦੀ ਭਲਾਈ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਸਮੇਤ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਦੀ ਜਾਣਕਾਰੀ ਵੀ ਸਾਂਝੀ ਕੀਤੀ ਜਾਵੇਗੀ।
ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਅਤੇ ਹਰ ਵਰਗ ਦੀ ਜ਼ਿੰਦਗੀ ਵਿੱਚ ਸਕਾਰਾਤਮਕ ਬਦਲਾਅ ਲਿਆਉਣਾ ਹੈ। ਇਸੇ ਸੋਚ ਤਹਿਤ ਸਮਾਰਟ ਰਾਸ਼ਨ ਕਾਰਡਾਂ ਦੀ ਪਹਿਲਕਦਮੀ ਵੀ ਲੋਕਾਂ ਲਈ ਲਾਭਕਾਰੀ ਸਾਬਤ ਹੋਵੇਗੀ।
ਉਨ੍ਹਾਂ ਸਮੂਹ ਪ੍ਰਬੰਧਕੀ ਟੀਮਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਸਾਰੀਆਂ ਤਿਆਰੀਆਂ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਤਾਂ ਜੋ 26 ਨਵੰਬਰ ਦਾ ਇਹ ਰਾਜ ਪੱਧਰੀ ਸਮਾਗਮ ਸੁਚਾਰੂ ਅਤੇ ਯਾਦਗਾਰੀ ਢੰਗ ਨਾਲ ਨੇਪਰੇ ਚੜ੍ਹ ਸਕੇ।
Get all latest content delivered to your email a few times a month.