IMG-LOGO
ਹੋਮ ਪੰਜਾਬ : ਵੋਟਰ ਜਾਗਰੂਕਤਾ ਸਬੰਧੀ ਕੁਇਜ਼ ਅਤੇ ਲੇਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ...

ਵੋਟਰ ਜਾਗਰੂਕਤਾ ਸਬੰਧੀ ਕੁਇਜ਼ ਅਤੇ ਲੇਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਦਾ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ

ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਕੀਤਾ ਉਤਸ਼ਾਹਿਤ,

ਲੋਕਤੰਤਰ ਦੀ ਮਜ਼ਬੂਤੀ ਲਈ ਨੌਜਵਾਨਾਂ ਦੀ ਭੂਮਿਕਾ ਅਹਿਮ – ਡਿਪਟੀ ਕਮਿਸ਼ਨਰ

Admin user - Nov 20, 2026 05:15 PM
IMG

ਜਗਦੀਸ਼ ਥਿੰਦ
ਮੋਗਾ, 20 ਨਵੰਬਰ:

ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਨੌਜਵਾਨ ਪੀੜ੍ਹੀ ਵਿੱਚ ਵੋਟਰ ਜਾਗਰੂਕਤਾ ਅਤੇ ਚੋਣ ਸਾਖਰਤਾ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਮੋਗਾ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਲਈ ਕਰਵਾਏ ਗਏ ਕੁਇਜ਼ ਅਤੇ ਲੇਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਸਨਮਾਨਿਤ ਕੀਤਾ ਗਿਆ।

ਡਿਪਟੀ ਕਮਿਸ਼ਨਰ ਦਫ਼ਤਰ, ਮੋਗਾ ਵਿਖੇ ਆਯੋਜਿਤ ਸਮਾਗਮ ਦੌਰਾਨ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਇਨ੍ਹਾਂ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੇ ਗਿਆਨ, ਰਚਨਾਤਮਕਤਾ ਅਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੇ ਬੌਧਿਕ ਵਿਕਾਸ ਦੇ ਨਾਲ-ਨਾਲ ਉਨ੍ਹਾਂ ਵਿੱਚ ਆਤਮ-ਵਿਸ਼ਵਾਸ, ਤਰਕਸ਼ੀਲ ਸੋਚ ਅਤੇ ਰਚਨਾਤਮਕਤਾ ਨੂੰ ਵੀ ਉਤਸ਼ਾਹਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਨਾਗਰਿਕਾਂ ਦਾ ਚੋਣ ਪ੍ਰਕਿਰਿਆ ਅਤੇ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਵਿਦਿਆਰਥੀ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਛੋਟੀ ਉਮਰ ਤੋਂ ਹੀ ਲੋਕਤੰਤਰੀ ਕਦਰਾਂ-ਕੀਮਤਾਂ, ਚੋਣ ਪ੍ਰਕਿਰਿਆ ਦੀ ਮਹੱਤਤਾ ਅਤੇ ਜ਼ਿੰਮੇਵਾਰ ਨਾਗਰਿਕ ਹੋਣ ਦੇ ਫ਼ਰਜ਼ਾਂ ਬਾਰੇ ਜਾਣੂ ਕਰਵਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਭਵਿੱਖ ਵਿੱਚ ਵੀ ਅਜਿਹੀਆਂ ਜਾਗਰੂਕਤਾ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਪਰਿਵਾਰਕ ਮੈਂਬਰਾਂ, ਦੋਸਤਾਂ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਗਰੂਕ ਕਰਨ।

ਉਨ੍ਹਾਂ ਕਿਹਾ ਕਿ ਚੋਣ ਸਾਖਰਤਾ ਨੂੰ ਸਕੂਲ ਪੱਧਰ ਤੋਂ ਉਤਸ਼ਾਹਿਤ ਕਰਨ ਨਾਲ ਨੌਜਵਾਨਾਂ ਵਿੱਚ ਜ਼ਿੰਮੇਵਾਰ ਵੋਟਰ ਬਣਨ ਦੀ ਭਾਵਨਾ ਪੈਦਾ ਹੋਵੇਗੀ ਅਤੇ ਲੋਕਤੰਤਰਿਕ ਪ੍ਰਕਿਰਿਆ ਵਿੱਚ ਲੋਕਾਂ ਦੀ ਸਰਗਰਮ ਭਾਗੀਦਾਰੀ ਨੂੰ ਹੋਰ ਮਜ਼ਬੂਤੀ ਮਿਲੇਗੀ।

ਇਸ ਮੌਕੇ ਸਿੱਖਿਆ ਵਿਭਾਗ ਅਤੇ ਚੋਣ ਦਫ਼ਤਰ ਦੇ ਅਧਿਕਾਰੀਆਂ ਤੋਂ ਇਲਾਵਾ ਚੋਣ ਤਹਿਸੀਲਦਾਰ, ਮੋਗਾ ਅਤੇ ਹੋਰ ਸਬੰਧਤ ਅਧਿਕਾਰੀ ਵੀ ਹਾਜ਼ਰ ਸਨ।

 

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.